ਗੁਰਦਾਸਪੁਰ, 17 ਦਸੰਬਰ (ਸਰਬਜੀਤ ਸਿੰਘ) – ਜ਼ਿਲ੍ਹਾ ਗੁਰਦਾਸਪੁਰ ਵਿੱਚ 0 ਤੋਂ 18 ਸਾਲ ਤੱਕ ਦੇ ਜ਼ਰੂਰਤਮੰਦ ਅਤੇ ਬੇਸਹਾਰਾ ਬੱਚਿਆਂ ਦੀ ਸੁਰੱਖਿਆ ਅਤੇ ਦੇਖ-ਭਾਲ ਕਰ ਰਹੀਆਂ ਗੈਰ-ਸਰਕਾਰੀ ਸੰਸਥਾਵਾਂ ਜਿਨ੍ਹਾਂ ਵੱਲੋਂ ਅਜਿਹੇ ਬੱਚਿਆਂ ਨੂੰ ਕਿਸੇ ਵੀ ਬਾਲ ਦੇਖ-ਭਾਲ ਸੰਸਥਾਵਾਂ ਜਾਂ ਬਾਲ ਘਰ ਵਿੱਚ ਰੱਖਿਆ ਜਾ ਰਿਹਾ ਹੈ ਤਾਂ ਅਜਿਹੀਆਂ ਸੰਸਥਾਵਾਂ ਦਾ ਜੁਵੇਨਾਇਲ ਜਸਟਿਸ ਐਕਟ 2015 ਦੀ ਧਾਰਾ 41(1) ਅਧੀਨ ਰਜਿਸਟਰ ਹੋਣਾ ਲਾਜ਼ਮੀ ਹੈ। ਜ ੇਕਰ ਅਜਿਹੀ ਕੋਈ ਵੀ ਅਣ-ਅਧਿਕਾਰਿਤ ਸੰਸਥਾ ਅਜਿਹੇ ਬੱਚਿਆਂ ਨੂੰ ਰੱਖਦੇ ਪਾਈ ਜਾਂਦੀ ਹੈ ਤਾਂ ਅਜਿਹੀ ਸੰਸਥਾ ਦੇ ਖ਼ਿਲਾਫ਼ ਜੁਵੇਨਾਇਲ ਜਸਟਿਸ ਐਕਟ 2015 ਦੀ ਧਾਰਾ 42 ਅਨੁਸਾਰ ਕਾਰਵਾਈ ਕੀਤੀ ਜਾਵੇਗੀ, ਜਿਸ ਵਿੱਚ 1 ਸਾਲ ਦੀ ਸਜ਼ਾ ਜਾਂ ਇੱਕ ਲੱਖ ਰੁਪਏ ਜੁਰਮਾਨਾ ਜਾਂ ਦੋਨੇਂ ਹੀ ਹੋਣਗੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਉਮਾ ਸ਼ੰਕਰ ਗੁਪਤਾ ਨੇ ਦੱਸਿਆ ਕਿ ਜੁਵੇਨਾਇਲ ਜਸਟਿਸ ਐਕਟ 2015 ਅਨੁਸਾਰ ਗੈਰ-ਸਰਕਾਰੀ ਸੰਸਥਾਵਾਂ ਵੱਲੋਂ ਚਲਾਈਆਂ ਜਾ ਰਹੀਆਂ ਸੰਸਥਾਵਾਂ ਜੋ ਬਾਲ ਭਲਾਈ ਦੇ ਖੇਤਰ ਵਿੱਚ ਕੰਮ ਕਰ ਰਹੀਆਂ ਹਨ ਅਤੇ ਉਨ੍ਹਾਂ ਵੱਲੋਂ ਮੁਕੰਮਲ ਤੌਰ ਤੇ ਜਾਂ ਅੰਸ਼ਿਕ ਰੂਪ ਵਿੱਚ ਸੁਰੱਖਿਆ ਅਤੇ ਸੰਭਾਲ ਲਈ ਲੋੜਵੰਦ ਬੱਚਿਆਂ ਨੂੰ ਮੁਫ਼ਤ ਰਿਹਾਇਸ਼, ਖਾਣਾ, ਪੜਾਈ, ਮੈਡੀਕਲ ਸੁਵਿਧਾ ਆਦਿ ਮੁਹੱਈਆ ਕਰਵਾ ਰਹੀਆਂ ਹਨ ਅਤੇ ਚਾਹੇ ਉਹ ਸਰਕਾਰ ਵੱਲੋਂ ਗਰਾਂਟ ਪ੍ਰਾਪਤ ਕਰਦੇ ਹਨ ਜਾਂ ਨਹੀਂ, ਐਕਟ ਦੀ ਧਾਰਾ ਅਧੀਨ ਆਉਂਦੇ ਹਨ। ਜੁਵੇਨਾਇਲ ਜਸਟਿਸ ਐਕਟ 2015 ਦੀ ਧਾਰਾ 41 (1) ਅਧੀਨ ਰਜਿਸਟਰ ਹੋਣਾ ਜ਼ਰੂਰੀ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਜਿਹੀਆਂ ਸੰਸਥਾਵਾਂ ਆਪਣੀ ਰਜਿਸਟਰੇਸ਼ਨ ਲਈ ਆਪਣੇ ਦਸਤਾਵੇਜ਼ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਲਾਕ ਏ, ਕਮਰਾ ਨੰਬਰ-218 ਵਿਖੇ ਮਿਤੀ 20 ਦਸੰਬਰ 2024 ਤੱਕ ਜਮ੍ਹਾ ਕਰਵਾਉਣ। ਉਨ੍ਹਾਂ ਕਿਹਾ ਕਿ ਮਿਤੀ 20 ਦਸੰਬਰ 2024 ਤੋਂ ਬਾਅਦ ਜ਼ਿਲ੍ਹੇ ਵਿੱਚ ਜੇਕਰ ਅਜਿਹੀ ਕੋਈ ਗੈਰ-ਸਰਕਾਰੀ ਸੰਸਥਾ ਪਾਈ ਜਾਂਦੀ ਹੈ ਜੋ ਬੱਚਿਆਂ ਦੇ ਖੇਤਰ ਵਿੱਚ ਕੰਮ ਕਰ ਰਹੀ ਹੈ ਅਤੇ ਜੁਵੇਨਾਇਲ ਜਸਟਿਸ ਐਕਟ ਤਹਿਤ ਰਜਿਸਟਰ ਨਹੀਂ ਹੈ ਦੇ ਵਿਰੁੱਧ ਜੁਵੇਨਾਇਲ ਜਸਟਿਸ ਐਕਟ 2015 ਦੀ ਧਾਰਾ 42 ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਉਕਤ ਸਮੇਂ ਦੌਰਾਨ 6 ਮਹੀਨੇ ਲਈ ਰਾਜ ਸਰਕਾਰ ਵੱਲੋਂ ਪ੍ਰੋਵਿਜਨਲ ਰਜਿਸਟਰੇਸ਼ਨ ਕੀਤੀ ਜਾਂਦੀ ਹੈ ਅਤੇ ਦਸਤਾਵੇਜ਼ਾਂ ਦੀ ਮੁਕੰਮਲ ਪੜਤਾਲ ਉਪਰੰਤ 5 ਸਾਲ ਲਈ ਪੱਕੇ ਤੌਰ ਤੇ ਰਜਿਸਟਰੇਸ਼ਨ ਕੀਤੀ ਜਾਂਦੀ ਹੈ।
ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਨੇ ਕਿਹਾ ਕਿ ਜੇਕਰ ਕੋਈ ਅਨਰਜਿਸਟਰਡ ਬਾਲ ਘਰ ਜ਼ਿਲ੍ਹੇ ਵਿੱਚ ਚੱਲ ਰਿਹਾ ਹੈ ਤਾਂ ਉਸ ਦੀ ਤੁਰੰਤ ਸੂਚਨਾ ਕਮਰਾ ਨੰਬਰ 218, ਬਲਾਕ-ਏ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ, ਫ਼ੋਨ ਨੰਬਰ 01874-240157 ਮਿਤੀ 20 ਦਸੰਬਰ 2024 ਤੱਕ ਦਿੱਤੀ ਜਾਵੇ ਅਤੇ ਜਿੰਨਾ ਗੈਰ ਸਰਕਾਰੀ ਸੰਸਥਾ ਦੀ ਰਜਿਸਟਰੇਸ਼ਨ ਨਹੀਂ ਹੋਈ, ਉਹ ਆਪਣੀ ਬੇਨਤੀ ਪੱਤਰ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ, ਗੁਰਦਾਸਪੁਰ ਵਿੱਚ ਮਿਤੀ 20 ਦਸੰਬਰ 2024, ਸ਼ਾਮ 05:00 ਵਜੇ ਤੱਕ ਜਮਾਂ ਕਰਵਾਉਣ।