ਗੁਰਦਾਸਪੁਰ, 30 ਸਤੰਬਰ ( ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਜ਼ਿਲ੍ਹੇ ਅੰਦਰ ਪਰਾਲੀ/ਨਾੜ ਨੂੰ ਅੱਗ ਨਾ ਲਗਾਉਣ ਸਬੰਧੀ ਵਿਸ਼ੇਸ ਮੁਹਿੰਮ ਵਿੱਢੀ ਗਈ ਹੈ, ਜਿਸ ਦੇ ਚੱਲਦਿਆ ਅੱਜ ਐੱਸ.ਡੀ ਐੱਮ ਗੁਰਦਾਸਪੁਰ, ਕਰਮਜੀਤ ਸਿੰਘ ਦੀ ਪ੍ਰਧਾਨਗੀ ਹੇਠ ਰੈਵੀਨਿਊ, ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਅਤੇ ਨੰਬਰਦਾਰਾਂ ਨਾਲ ਮੀਟਿੰਗ ਕੀਤੀ ਗਈ ਅਤੇ ਅਪੀਲ ਕੀਤੀ ਕਿ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ। ਮੀਟਿੰਗ ਦੌਰਾਨ ਐੱਸ. ਡੀ.ਐੱਮ ਵੱਲੋਂ ਨੰਬਰਦਾਰ ਅਤੇ ਪਟਵਾਰੀਆਂ ਨੂੰ ਅਪੀਲ ਕੀਤੀ ਗਈ ਕਿ ਆਪਣੇ ਵੱਖ ਵੱਖ ਮਾਧਿਅਮ ਰਾਹੀਂ ਲੋਕਾਂ ਨੂੰ ਝੋਨੇ ਦੀ ਰਹਿੰਦ ਖੂੰਹਦ ਨਾ ਸਾੜਨ ਲਈ ਪ੍ਰੇਰਿਤ ਕੀਤਾ ਜਾਵੇ ਅਤੇ ਜੇਕਰ ਕੋਈ ਕਿਸਾਨ ਝੋਨੇ ਦੀ ਰਹਿੰਦ ਖੂੰਹਦ ਨੂੰ ਸਾੜਦਾ ਹੈ ਤਾਂ ਉਸਦੀ ਸੂਚਨਾ ਤੁਰੰਤ ਪ੍ਰਸ਼ਾਸਨ ਨੂੰ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਪ੍ਰੇਰਿਤ ਕੀਤਾ ਜਾਵੇ ਕਿ ਜ਼ਿਲ੍ਹਾ ਪ੍ਰਸ਼ਾਸਨ ਕੋਲ ਪਰਾਲੀ ਪ੍ਰਬੰਧਨ ਲਈ ਲੋੜੀਂਦੀ ਖੇਤੀ ਮਸ਼ੀਨਰੀ ਉਪਲੱਬਧ ਹੈ, ਜਿਸ ਦੀ ਵਰਤੋਂ ਕੀਤੀ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਜ਼ਿਲੇ ਵਿੱਚ ਝੋਨੇ ਦੀ ਬੀਜੀ ਅਗੇਤੀ ਫਸਲ ਦੀ ਕਟਾਈ ਚੱਲ ਰਹੀ ਹੈ, ਜਿਸ ਲਈ ਪਿੰਡ- ਪਿੰਡ ਜਾ ਕੇ ਕਿਸਾਨਾਂ ਨਾਲ ਮੀਟਿੰਗ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਪਰਾਲੀ ਸਾੜਨ ਦੇ ਨੁਕਸਾਨਾਂ ਅਤੇ ਪਰਾਲੀ ਨਾ ਸਾੜਨ ਦੇ ਫਾਇਦਿਆਂ ਬਾਰੇ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ। ਮੀਟਿੰਗ ਦੌਰਾਨ ਖੇਤੀਬਾੜੀ ਵਿਭਾਗ, ਰੈਵੀਨਿਉ ਵਿਭਾਗ ਦੇ ਅਧਿਕਾਰੀਆਂ ਅਤੇ ਨੰਬਰਦਾਰਾਂ ਨੇ ਭਰੋਸਾ ਦਵਾਇਆ ਕੇ ਉਹ ਕਿਸਾਨਾਂ ਨੂੰ ਮਿਲ ਕੇ ਪਰਾਲੀ ਨਾ ਸਾੜਨ ਲਈ ਜਾਗਰੂਕ ਕਰਨਗੇ।