ਅਜਿਹੇ ਮੌਕਾਪ੍ਰਸਤ ਨੇਤਾਵਾਂ ਦੀ ਕੋਈ ਵਿਚਾਰਧਾਰਾ ਨਹੀਂ ਸਗੋਂ ਸੱਤਾ ਵਿੱਚ ਰਹਿਣ ਦਾ ਇਕੋ-ਇਕ ਉਦੇਸ਼
ਸਾਡੀ ਸਰਕਾਰ ਵੱਲੋਂ ਬੰਦ ਕੀਤੇ ਗਏ 17 ਟੋਲ ਪਲਾਜ਼ਿਆਂ ਵਿੱਚੋਂ 14 ਟੋਲ ਸਰਹੱਦੀ ਖੇਤਰ ਦੇ ਲੀਡਰ ਨੇ ਸ਼ੁਰੂ ਕੀਤੇ ਸਨ
ਦੀਨਾਨਗਰ, ਗੁਰਦਾਸਪੁਰ 29 ਜੁਲਾਈ (ਸਰਬਜੀਤ ਸਿੰਘ) — ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਕੁਨਬਾਪ੍ਰਸਤ ਲੀਡਰਾਂ ਦੇ ਨਿੱਜੀ ਸਵਾਰਥ ਕਾਰਨ ਸੂਬੇ ਦਾ ਸਰਹੱਦੀ ਖੇਤਰ ਵਿਕਾਸ ਪੱਖੋਂ ਬੁਰੀ ਤਰ੍ਹਾਂ ਪਛੜ ਗਿਆ।
ਅੱਜ ਇੱਥੇ ਰੇਲਵੇ ਓਵਰ ਬ੍ਰਿਜ ਨੂੰ ਸਮਰਪਿਤ ਕਰਨ ਉਪਰੰਤ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਸਰਹੱਦੀ ਜ਼ਿਲ੍ਹਿਆਂ ਦੇ ਵਸਨੀਕ ਸੂਰਬੀਰ ਲੋਕ ਹਨ ਜਿਨ੍ਹਾਂ ਨੇ ਹਮੇਸ਼ਾ ਦੇਸ਼ ਦੀ ਏਕਤਾ ਅਤੇ ਪ੍ਰਭੂਸੱਤਾ ਦੀ ਰਾਖੀ ਕੀਤੀ। ਉਨ੍ਹਾਂ ਕਿਹਾ ਕਿ ਇਹ ਮਹਾਨ ਗੁਰੂ ਸਾਹਿਬਾਨ ਦੀ ਬਖਸ਼ਿਸ਼ ਪ੍ਰਾਪਤ ਧਰਤੀ ਹੈ ਜਿੱਥੇ ਬਹਾਦਰ ਅਤੇ ਮਿਹਨਤੀ ਲੋਕ ਰਹਿੰਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਵੇਂ ਇਸ ਇਲਾਕੇ ਦੇ ਸਿਆਸੀ ਆਗੂਆਂ ਨੇ ਵੱਕਾਰੀ ਅਹੁਦਿਆਂ ਦਾ ਸੁਖ ਮਾਣਿਆ ਪਰ ਉਨ੍ਹਾਂ ਨੇ ਕਦੇ ਵੀ ਇਲਾਕੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਦੀ ਰੱਤੀ ਭਰ ਵੀ ਪ੍ਰਵਾਹ ਨਹੀਂ ਕੀਤੀ।
ਮੁੱਖ ਮੰਤਰੀ ਨੇ ਕਿਹਾ ਕਿ ਲੰਮੇ ਸਮੇਂ ਤੋਂ ਇੱਥੋਂ ਚੁਣੇ ਜਾਂਦੇ ਰਹੇ ਸਿਆਸਤਦਾਨਾਂ ਨੇ ਇਸ ਖੇਤਰ ਦੇ ਵਿਕਾਸ ਲਈ ਕੱਖ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਮਹਾਨ ਦੇਸ਼ ਭਗਤ ਅਤੇ ਰਾਸ਼ਟਰਵਾਦੀ ਪੈਦਾ ਕਰਨ ਵਾਲੇ ਇਸ ਖੇਤਰ ਨੇ ਇਨ੍ਹਾਂ ਹਾਕਮਾਂ ਦੇ ਸ਼ਾਸਨਕਾਲ ਦੌਰਾਨ ਵਿਕਾਸ ਨਹੀਂ ਦੇਖਿਆ। ਭਗਵੰਤ ਸਿੰਘ ਮਾਨ ਨੇ ਦੁੱਖ ਜ਼ਾਹਰ ਕਰਦਿਆਂ ਕਿਹਾ ਕਿ ਇਹ ਬੜੀ ਮੰਦਭਾਗੀ ਗੱਲ ਹੈ ਕਿ ਲੰਬੇ ਸਮੇਂ ਤੋਂ ਸੱਤਾ ‘ਤੇ ਕਾਬਜ਼ ਹੋਣ ਦੇ ਬਾਵਜੂਦ ਇਨ੍ਹਾਂ ਆਗੂਆਂ ਨੇ ਸਰਹੱਦੀ ਖੇਤਰ ਦਾ ਵਿਕਾਸ ਕਰਨ ਦੀ ਬਜਾਏ ਆਪਣੇ ਪਰਿਵਾਰਾਂ ਦਾ ਵਿਕਾਸ ਕਰਨ ਵੱਲ ਧਿਆਨ ਦਿੱਤਾ।
ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਮੌਕਾਪ੍ਰਸਤ ਆਗੂਆਂ ਦੀ ਕੋਈ ਵਿਚਾਰਧਾਰਾ ਨਹੀਂ ਹੈ ਸਗੋਂ ਇਨ੍ਹਾਂ ਦਾ ਇਕੋ-ਇਕ ਮਨੋਰਥ ਸਿਰਫ਼ ਸੱਤਾ ਵਿੱਚ ਬਣੇ ਰਹਿਣਾ ਹੈ ਅਤੇ ਇਸੇ ਕਰਕੇ ਉਹ ਵਾਰ-ਵਾਰ ਆਪਣੀਆਂ ਵਫ਼ਾਦਾਰੀਆਂ ਬਦਲਦੇ ਰਹਿੰਦੇ ਹਨ। ਉਨ੍ਹਾਂ ਨੇ ਮਿਸਾਲ ਦਿੰਦਿਆਂ ਕਿਹਾ, “ਸਰਹੱਦੀ ਖੇਤਰ ਵਿੱਚ ਸਿਆਸਤਦਾਨਾਂ ਦੇ ਇਕ ਘਰ ਵਿੱਚ ਵੱਖ-ਵੱਖ ਪਾਰਟੀਆਂ ਦੇ ਦੋ ਝੰਡੇ ਹਨ ਕਿਉਂਕਿ ਇਹ ਆਗੂ ਚਾਹੁੰਦੇ ਹਨ ਕਿ ਸੱਤਾ ਦੀ ਵਾਗਡੋਰ ਇਨ੍ਹਾਂ ਦੇ ਹੱਥਾਂ ਵਿੱਚ ਹੀ ਰਹੇ। ਇਨ੍ਹਾਂ ਆਗੂਆਂ ਨੇ ਲੋਕਾਂ ਵੱਲੋਂ ਚੁਣੇ ਜਾਣ ਦੀ ਆਸ ਵਿੱਚ ਨਵੀਆਂ ਅਚਕਨਾਂ ਵੀ ਤਿਆਰ ਕਰਵਾ ਲਈਆਂ ਸਨ ਪਰ ਇਨ੍ਹਾਂ ਦੇ ਸੁਪਨੇ ਚਕਨਾਚੂਰ ਹੋ ਗਏ ਕਿਉਂਕਿ ਲੋਕਾਂ ਨੇ ਇਨ੍ਹਾਂ ਨੂੰ ਬੁਰੀ ਤਰ੍ਹਾਂ ਨਕਾਰ ਦਿੱਤਾ।”
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਬੰਦ ਕੀਤੇ ਗਏ 17 ਟੋਲ ਪਲਾਜ਼ਿਆਂ ਵਿੱਚੋਂ 14 ਟੋਲ ਪਲਾਜ਼ੇ ਇਸ ਖੇਤਰ ਦੇ ਆਪਣੇ ਆਪ ਨੂੰ ਵੱਡਾ ਸਿਆਸਤਦਾਨ ਕਹਾਉਂਦੇ ਆਗੂ ਵੱਲੋਂ ਸ਼ੁਰੂ ਕੀਤੇ ਗਏ ਸਨ ਜੋ ਸੂਬੇ ਦੇ ਲੋਕ ਨਿਰਮਾਣ ਮੰਤਰੀ ਰਹਿ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਆਮ ਲੋਕਾਂ ਦੀ ਸੇਵਾ ਬਜਾਏ ਕਰਨ ਦੀ ਬਜਾਏ ਸਿਰਫ ਖਾਨਾਪੂਰਤੀ ਕੀਤੀ ਜਦਕਿ ਉਨ੍ਹਾਂ ਦੀ ਸਰਕਾਰ ਨੇ ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕੀਤੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਨੂੰ ਉਨ੍ਹਾਂ ਨੇਤਾਵਾਂ ਨੂੰ ਚੁਣਨਾ ਚਾਹੀਦਾ ਹੈ ਜੋ ਉਨ੍ਹਾਂ ਦਾ ਸਾਥ ਦੇਣ ਨਾ ਕਿ ਜੋ ਸਿਰਫ ਸੱਤਾ ਦੇ ਚੌਧਰੀ ਬਣੇ ਰਹਿਣਾ ਚਾਹੁੰਦੇ ਹਨ।
ਹਾਲਾਂਕਿ, ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਤੋਂ ਉਨ੍ਹਾਂ ਨੇ ਅਹੁਦਾ ਸੰਭਾਲਿਆ ਹੈ, ਸੂਬੇ ਵਿੱਚ ਹਰ ਰੋਜ਼ ਵਿਕਾਸ ਦੀ ਨਵੀਂ ਕਹਾਣੀ ਲਿਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਭਾਈ-ਭਤੀਜਾਵਾਦ ਅਤੇ ਪੱਖਪਾਤ ਤੋਂ ਇਲਾਵਾ ਹੋਰ ਕੁਝ ਨਹੀਂ ਕੀਤਾ ਪਰ ਉਨ੍ਹਾਂ ਦੀ ਸਰਕਾਰ ਨੇ ਸੂਬੇ ਦਾ ਸਰਬਪੱਖੀ ਵਿਕਾਸ ਕੀਤਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਾਂ ਦੀ ਭਲਾਈ ਲਈ ਕਈ ਪਹਿਲਕਦਮੀਆਂ ਕੀਤੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ 90 ਫੀਸਦੀ ਘਰਾਂ ਨੂੰ ਮੁਫਤ ਬਿਜਲੀ ਮਿਲ ਰਹੀ ਹੈ, 43 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮਿਲੀਆਂ ਹਨ, ਲੋਕਾਂ ਨੂੰ ਸਿਹਤ ਅਤੇ ਸਿੱਖਿਆ ਦੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਹ ਸਾਰੀਆਂ ਪਹਿਲਕਦਮੀਆਂ ਆਮ ਆਦਮੀ ਦੀ ਭਲਾਈ ਲਈ ਹਨ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਉਨ੍ਹਾਂ ਦੀ ਸਰਕਾਰ ਨੇ ਸੂਬੇ ਵਿੱਚ ਮਾਲਵਾ ਨਹਿਰ ਦੀ ਉਸਾਰੀ ਦਾ ਕੰਮ ਸ਼ੁਰੂ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਆਪਣੇ ਆਪ ਵਿੱਚ ਰਿਕਾਰਡ ਹੈ ਕਿ ਸੂਬੇ ਦੀ ਪਿਛਲੀ ਕਿਸੇ ਵੀ ਸਰਕਾਰ ਨੇ ਇਸ ਲੋੜ ਵੱਲ ਧਿਆਨ ਨਹੀਂ ਦਿੱਤਾ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਲਗਪਗ 150 ਕਿਲੋਮੀਟਰ ਲੰਬੀ ਇਹ ਨਵੀਂ ਨਹਿਰ ਸੂਬੇ ਖਾਸ ਕਰ ਕੇ ਮਾਲਵਾ ਖੇਤਰ ਵਿੱਚ ਬੇਮਿਸਾਲ ਤਰੱਕੀ ਅਤੇ ਖ਼ੁਸ਼ਹਾਲੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰੇਗੀ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਇਸ ਵੱਕਾਰੀ ਪ੍ਰਾਜੈਕਟ ‘ਤੇ ਲਗਪਗ 2300 ਕਰੋੜ ਰੁਪਏ ਖਰਚ ਕਰੇਗੀ, ਜਿਸ ਨਾਲ ਸੂਬੇ ਦੀ ਲਗਪਗ ਦੋ ਲੱਖ ਏਕੜ ਉਪਜਾਊ ਜ਼ਮੀਨ ਦੀਆਂ ਸਿੰਜਾਈ ਦੀਆਂ ਲੋੜਾਂ ਪੂਰੀਆਂ ਹੋਣਗੀਆਂ।
ਗੁਰਬਾਣੀ ਦੀ ਤੁਕ ‘ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ’ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਹਾਨ ਗੁਰੂ ਸਾਹਿਬਾਨ ਨੇ ਹਵਾ ਦੀ ਗੁਰੂ, ਪਾਣੀ ਦੀ ਪਿਤਾ ਅਤੇ ਜ਼ਮੀਨ ਦੀ ਤੁਲਨਾ ਮਾਤਾ ਨਾਲ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ, ਜਦੋਂ ਸਾਨੂੰ ਸੂਬੇ ਦੇ ਵਾਤਾਵਰਨ ਨੂੰ ਬਚਾਉਣ ਦਾ ਸੰਕਲਪ ਲੈ ਕੇ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਗੁਰਬਾਣੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਧਾਰਨ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ ਅਤੇ ਸੂਬੇ ਦੇ ਲੋਕਾਂ ਨੂੰ ਵੱਧ ਤੋਂ ਵੱਧ ਪੌਦੇ ਲਗਾ ਕੇ ਸੂਬਾ ਸਰਕਾਰ ਦਾ ਸਾਥ ਦੇਣਾ ਚਾਹੀਦਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਖੇਤਰ ਦੇਸ਼ ਲਈ ਸਭ ਤੋਂ ਵੱਧ ਸੈਨਿਕ ਪੈਦਾ ਕਰਦਾ ਹੈ ਅਤੇ ਉਨ੍ਹਾਂ ਦੀ ਮਹਾਨ ਕੁਰਬਾਨੀ ਨੂੰ ਸਤਿਕਾਰ ਦੇਣ ਲਈ ਸੂਬਾ ਸਰਕਾਰ ਦੇਸ਼ ਦੀ ਸੇਵਾ ਕਰਦਿਆਂ ਡਿਊਟੀ ਦੌਰਾਨ ਸ਼ਹੀਦੀ ਪ੍ਰਾਪਤ ਕਰਨ ਵਾਲੇ ਕਿਸੇ ਵੀ ਸੈਨਿਕ ਦੇ ਪਰਿਵਾਰ ਨੂੰ ਇੱਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੰਦੀ ਹੈ। ਮਾਤ ਭੂਮੀ ਦੀ ਰਾਖੀ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਸੈਨਿਕਾਂ ਦੇ ਪਰਿਵਾਰਾਂ ਦੀ ਮਦਦ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦੇ ਹੋਏ ਉਨ੍ਹਾਂ ਕਿਹਾ ਕਿ ਸੰਕਟ ਦੀ ਘੜੀ ਵਿੱਚ ਇਨ੍ਹਾਂ ਸੂਰਬੀਰਾਂ ਦੇ ਪਰਿਵਾਰਾਂ ਨੂੰ ਰਾਹਤ ਦੇਣਾ ਪੰਜਾਬ ਸਰਕਾਰ ਦਾ ਫ਼ਰਜ਼ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼ਹੀਦਾਂ ਦੇ ਪਰਿਵਾਰਾਂ ਨੂੰ ਦਿੱਤੀ ਜਾਣ ਵਾਲੀ ਵਿੱਤੀ ਸਹਾਇਤਾ ਸੂਬਾ ਸਰਕਾਰ ਵੱਲੋਂ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਯਕੀਨੀ ਬਣਾਉਣ ਦੀ ਵਚਨਬੱਧਤਾ ਤਹਿਤ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਿਆਂ ਨੂੰ ਕਿਸੇ ਵੀ ਸੂਰਤ ਵਿੱਚ ਬਰਦਾਸ਼ਤ ਨਾ ਕਰਨ ਦੀ ਨੀਤੀ ਅਪਣਾਈ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਿਆਂ ਦੀ ਸਪਲਾਈ ਲਾਈਨ ਪਹਿਲਾਂ ਹੀ ਤੋੜ ਦਿੱਤੀ ਹੈ ਅਤੇ ਵੱਡੇ ਨਸ਼ਾ ਤਸਕਰਾਂ ਨੂੰ ਸਲਾਖਾਂ ਪਿੱਛੇ ਡੱਕ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰ ਕੇ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਕਾਰਾਤਮਕ ਦਿਸ਼ਾ ਵੱਲ ਲੈ ਜਾਣ ਲਈ ਵੱਡੇ ਪੱਧਰ ‘ਤੇ ਉਪਰਾਲੇ ਕੀਤੇ ਜਾ ਰਹੇ ਹਨ।