ਜ਼ਿਲ੍ਹਾ ਚੋਣ ਅਧਿਕਾਰੀ ਨੇ ਚੋਣ ਰਿਹਰਸਲ ਵਿੱਚ ਗੈਰ-ਹਾਜ਼ਰ ਰਹਿਣ ਵਾਲੇ ਕਰਮਚਾਰੀਆਂ ਵਿਰੁੱਧ ਐੱਫ਼.ਆਈ.ਆਰ. ਦਰਜ ਕਰਨ ਲਈ ਐੱਸ.ਐੱਸ.ਪੀ. ਬਟਾਲਾ ਤੇ ਗੁਰਦਾਸਪੁਰ ਨੂੰ ਲਿਖਿਆ

ਗੁਰਦਾਸਪੁਰ

ਗੁਰਦਾਸਪੁਰ, 29 ਮਈ ( ਸਰਬਜੀਤ ਸਿੰਘ) – ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਵਿਸ਼ੇਸ਼ ਸਰੰਗਲ ਨੇ ਲੋਕ ਸਭਾ ਚੋਣਾਂ ਸਬੰਧੀ ਲੱਗੀ ਚੋਣ ਡਿਊਟੀ ਤੋਂ ਗ਼ੈਰਹਾਜ਼ਰ ਰਹਿਣ ਵਾਲੇ ਵੱਖ ਵੱਖ ਵਿਭਾਗਾਂ ਦੇ ਕਰਮਚਾਰੀਆਂ ਵਿਰੁੱਧ ਐੱਸ.ਐੱਸ.ਪੀ. ਬਟਾਲਾ ਤੇ ਗੁਰਦਾਸਪੁਰ ਨੂੰ ਪੱਤਰ ਲਿਖ ਕੇ ਇੰਨਾ ਕਰਮਚਾਰੀਆਂ ਵਿਰੁੱਧ ਐੱਫ਼.ਆਈ.ਆਰ. ਦਰਜ ਕਰਨ ਦੀ ਸਿਫ਼ਾਰਸ਼ ਕੀਤੀ ਹੈ।

ਜ਼ਿਲ੍ਹਾ ਚੋਣ ਅਧਿਕਾਰੀ ਨੇ ਕਿਹਾ ਕਿ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀ ਜਿਨ੍ਹਾਂ ਦੀ ਡਿਊਟੀ ਚੋਣਾਂ ਵਿੱਚ ਲਗਾਈ ਗਈ ਸੀ, ਉਨ੍ਹਾਂ ਵਿਚੋਂ ਕੁਝ ਕਰਮਚਾਰੀ ਰਿਹਰਸਲਾਂ ਵਿੱਚ ਗੈਰ-ਹਾਜ਼ਰ ਰਹੇ ਸਨ ਅਤੇ ਇਨ੍ਹਾਂ ਨੇ ਆਪਣੀ ਗ਼ੈਰਹਾਜ਼ਰੀ ਦਾ ਕੋਈ ਸਪਸ਼ਟੀਕਰਨ ਵੀ ਨਹੀਂ ਦਿੱਤਾ ਹੈ। ਉਨ੍ਹਾਂ ਗੈਰ ਹਾਜ਼ਰ ਰਹਿਣ ਵਾਲੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ 29 ਮਈ ਦੀ ਰਿਹਰਸਲ ਦੌਰਾਨ ਆਪਣੀ ਚੋਣ ਡਿਊਟੀ ਉੱਪਰ ਲਾਜ਼ਮੀ ਤੌਰ ‘ਤੇ ਹਾਜ਼ਰ ਹੋਣ। ਉਨ੍ਹਾਂ ਕਿਹਾ ਕਿ ਜੇਕਰ ਫਿਰ ਵੀ ਕੋਈ ਕਰਮਚਾਰੀ ਆਪਣੀ ਚੋਣ ਡਿਊਟੀ ਉੱਪਰ ਹਾਜ਼ਰ ਨਾ ਹੋਇਆ ਤਾਂ ਡਿਊਟੀ ਪ੍ਰਤੀ ਕੁਤਾਹੀ ਦਾ ਗੰਭੀਰ ਨੋਟਿਸ ਲੈਂਦਿਆਂ ਅਜਿਹੇ ਕਰਮਚਾਰੀਆਂ ਵਿਰੁੱਧ ਲੋਕ ਪ੍ਰਤੀਨਿਧਤਾ ਐਕਟ-1951 ਅਧੀਨ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਚੋਣ ਡਿਊਟੀ ਤੋਂ ਕਰਮਚਾਰੀਆਂ ਦੀ ਗੈਰ-ਹਾਜ਼ਰੀ ਨੂੰ ਕਿਸੇ ਵੀ ਸੂਰਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

Leave a Reply

Your email address will not be published. Required fields are marked *