ਪੰਜਾਬ ਸਰਕਾਰ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੰਗਤਾਂ ਦੀ ਸਹੂਲਤ ਲਈ ਡੇਰਾ ਬਾਬਾ ਨਾਨਕ ਸਰਹੱਦ ’ਤੇ ਬਣੇ ਦਰਸ਼ਨ ਸਥੱਲ ਦਾ ਕੀਤਾ ਜਾਵੇਗਾ ਸੁੰਦਰੀਕਰਨ – ਡਿਪਟੀ ਕਮਿਸ਼ਨਰ
ਦਰਸ਼ਨ ਸਥੱਲ ’ਤੇ ਸੰਗਤਾਂ ਲਈ ਨਵੀਂ ਦੂਰਬੀਨ ਲਗਾਈ ਜਾਵੇਗੀ
ਪਿੰਡ ਰੋਸੇ ਵਿਖੇ ਸਰਹੱਦੀ ਪਿੰਡਾਂ ਦੇ ਵਸਨੀਕਾਂ ਨਾਲ ਮੀਟਿੰਗ ਵੀ ਕੀਤੀ
ਕੰਢਿਆਲੀ ਤਾਰ ਤੋਂ ਪਾਰ ਜ਼ਮੀਨਾਂ ਦੇ ਕਿਸਾਨਾਂ ਨੂੰ ਜਲਦ ਮਿਲੇਗਾ ਰਹਿੰਦਾ ਮੁਆਵਜਾ
ਗੁਰਦਾਸਪੁਰ, 30 ਦਸੰਬਰ (ਸਰਬਜੀਤ ਸਿੰਘ) – ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਬੀ.ਐੱਸ.ਐੱਫ. ਦੇ ਗੁਰਦਾਸਪੁਰ ਸੈਕਟਰ ਦੇ ਡੀ.ਆਈ.ਜੀ. ਸ੍ਰੀ ਪ੍ਰਭਾਕਰ ਜੋਸ਼ੀ ਅਤੇ ਐੱਸ.ਐੱਸ.ਪੀ. ਗੁਰਦਾਸਪੁਰ ਸ੍ਰੀ ਦੀਪਕ ਹਿਲੋਰੀ ਦੇ ਨਾਲ ਬੀਤੀ ਸ਼ਾਮ ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਸਰਹੱਦੀ ਖੇਤਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਵੱਲੋਂ ਡੇਰਾ ਬਾਬਾ ਨਾਨਕ ਸਥਿਤ ਦਰਸ਼ਨ ਸਥੱਲ ਵਿਖੇ ਸੰਗਤਾਂ ਦੀ ਸਹੂਲਤ ਦਾ ਜਾਇਜਾ ਲੈਣ ਉਪਰੰਤ ਕਲਾਨੌਰ ਨੇੜੇ ਸਰਹੱਦੀ ਪਿੰਡ ਰੋਸੇ ਵਿਖੇ ਸਥਾਨਕ ਨਿਵਾਸੀਆਂ ਨਾਲ ਮੀਟਿੰਗ ਕੀਤੀ ਗਈ।
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਡੇਰਾ ਬਾਬਾ ਨਾਨਕ ਸਰਹੱਦ ’ਤੇ ਸਥਿਤ ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਅਤੇ ਦਰਸ਼ਨ ਸਥੱਲ ਵਿਖੇ ਪਹੁੰਚ ਕੇ ਸੰਗਤਾਂ ਦੀ ਸਹੂਲਤ ਲਈ ਕੀਤੇ ਪ੍ਰਬੰਧਾਂ ਦਾ ਜਾਇਜਾ ਲਿਆ। ਇਸ ਮੌਕੇ ਉਨ੍ਹਾਂ ਸਰਹੱਦ ’ਤੇ ਬਣੇ ਦਰਸ਼ਨ ਸਥੱਲ ’ਤੇ ਦੂਰਬੀਨ ਰਾਹੀਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਆਈਆਂ ਸੰਗਤਾਂ ਨਾਲ ਗੱਲਬਾਤ ਕੀਤੀ। ਇਸ ਮੌਕੇ ਸੰਗਤਾਂ ਵੱਲੋਂ ਦਰਸ਼ਨ ਸਥੱਲ ਦੇ ਸੁੰਦਰੀਕਰਨ ਦੀ ਮੰਗ ਕੀਤੀ ਗਈ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸੰਗਤਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਇਸ ਮੰਗ ਨੂੰ ਪੂਰਾ ਕਰਨ ਲਈ ਪੰਜਾਬ ਸਰਕਾਰ ਵੱਲੋਂ ਜਲਦੀ ਹੀ ਦਰਸ਼ਨ ਸਥੱਲ ਦਾ ਸੁੰਦਰੀਕਰਨ ਕੀਤਾ ਜਾਵੇਗਾ ਅਤੇ ਨਾਲ ਹੀ ਇਥੇ ਇੱਕ ਨਵੀਂ ਦੂਰਬੀਨ ਸਥਾਪਤ ਕੀਤੀ ਜਾਵੇਗੀ ਤਾਂ ਜੋ ਜਿਹੜੀ ਸੰਗਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਨਹੀਂ ਜਾ ਸਕਦੀ ਉਹ ਦਰਸ਼ਨ ਸਥੱਲ ਤੋਂ ਹੀ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰ ਸਕੇ। ਉਨ੍ਹਾਂ ਕਿਹਾ ਕਿ ਦਰਸ਼ਨ ਸਥੱਲ ’ਤੇ ਸੰਗਤਾਂ ਦੀ ਹਰ ਸਹੂਲਤ ਦਾ ਖਿਆਲ ਰੱਖਿਆ ਜਾਵੇਗਾ।
ਇਸ ਉਪਰੰਤ ਡਿਪਟੀ ਕਮਿਸ਼ਨਰ ਡਾ. ਹਿਮਾਸ਼ੂ ਅਗਰਵਾਲ ਵੱਲੋਂ ਬੀ.ਐੱਸ.ਐੱਫ. ਅਤੇ ਪੁਲਿਸ ਅਧਿਕਾਰੀਆਂ ਨਾਲ ਕਲਾਨੌਰ ਨੇੜੇ ਸਰਹੱਦੀ ਪਿੰਡ ਰੋਸੇ ਵਿਖੇ ਪਕੀਵਾਂ, ਚੰਦੂ ਵਡਾਲਾ, ਮੋਮਨਪੁਰ, ਖੱਦਰ, ਲੋਪਾ, ਸਰਜੇਚੱਕ, ਭਗਠਾਣਾ, ਮੇਤਲਾ, ਅਗਵਾਨ ਅਤੇ ਸਾਧਾਂਵਾਲੀ ਦੀਆਂ ਵਿਲੇਜ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਅਤੇ ਮੋਹਤਬਰ ਵਿਅਕਤੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਸਰਹੱਦੀ ਇਲਾਕੇ ਦੇ ਵਸਨੀਕਾਂ ਨੂੰ ਅਗਾਹ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਧੁੰਦ ਦਾ ਮੌਸਮ ਹੋਣ ਕਾਰਨ ਗੁਆਂਢੀ ਮੁਲਕ ਵੱਲੋਂ ਨਸ਼ੇ ਤੇ ਹਥਿਆਰਾਂ ਦੀ ਸਮਗਲਿੰਗ ਕਰਨ ਲਈ ਕੋਸ਼ਿਸ਼ਾਂ ਤੇਜ਼ ਕਰ ਦਿੱਤੀਆਂ ਗਈਆਂ ਹਨ, ਜਿਨ੍ਹਾਂ ਨੂੰ ਨਾਕਾਮ ਕਰਨ ਲਈ ਸੁਰੱਖਿਆ ਬਲਾਂ ਦੇ ਨਾਲ ਸਰਹੱਦੀ ਖੇਤਰ ਦੇ ਵਸਨੀਕਾਂ ਨੂੰ ਵੀ ਪੂਰੀ ਚੌਕਸੀ ਵਰਤਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਰਹੱਦੀ ਲੋਕ ਡਰੋਨ ਦੀਆਂ ਗਤੀਵਿਧੀਆਂ ਪ੍ਰਤੀ ਪੂਰੀ ਤਰ੍ਹਾਂ ਚੌਕਸ ਰਹਿਣ ਅਤੇ ਜਦੋਂ ਵੀ ਉਨ੍ਹਾਂ ਨੂੰ ਸਰਹੱਦ ਨੇੜੇ ਕੋਈ ਸ਼ੱਕੀ ਗਤੀਵਿਧੀ ਦਿਖਾਈ ਦੇਵੇ ਤਾਂ ਉਹ ਤੁਰੰਤ ਇਸਦੀ ਜਾਣਕਾਰੀ ਬੀ.ਐੱਸ.ਐੱਫ ਤੇ ਪੁਲਿਸ ਨੂੰ ਦੇਣ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਲਦ ਹੀ ਇਸ ਸਬੰਧੀ ਇੱਕ ਹੈਲਪ ਲਾਈਨ ਨੰਬਰ ਵੀ ਜਾਰੀ ਕੀਤਾ ਜਾਵੇਗਾ ਜਿਸ ਉੱਪਰ ਸਰਹੱਦੀ ਇਲਾਕੇ ਦੇ ਵਸਨੀਕ ਸੂਚਨਾ ਦੇ ਸਕਣਗੇ। ਉਨ੍ਹਾਂ ਕਿਹਾ ਕਿ ਸੂਚਨਾ ਦੇਣ ਵਾਲੇ ਵਿਅਕਤੀ ਦਾ ਨਾਮ ਤੇ ਪਤਾ ਪੂਰੀ ਤਰਾਂ ਗੁਪਤ ਰੱਖਿਆ ਜਾਵੇਗਾ।
ਮੀਟਿੰਗ ਦੌਰਾਨ ਕੰਡਿਆਲੀ ਤਾਰ ਤੋਂ ਪਾਰ ਜ਼ਮੀਨ ਦੀ ਖੇਤੀ ਕਰਦੇ ਕਿਸਾਨਾਂ ਨੇ ਆਪਣੀਆਂ ਮੁਸ਼ਕਲਾਂ ਦੱਸੀਆਂ ਅਤੇ ਨਾਲ ਹੀ ਮੰਗ ਕੀਤੀ ਕਿ ਉਨ੍ਹਾਂ ਨੂੰ ਕੰਡਿਆਲੀ ਤਾਰ ਤੋਂ ਪਾਰ ਜ਼ਮੀਨ ਦਾ ਮੁਆਵਜਾ ਦਿੱਤਾ ਜਾਵੇ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਵੱਲੋਂ ਜਲਦੀ ਹੀ ਕਿਸਾਨਾਂ ਨੂੰ ਕੰਢਿਆਲੀ ਤਾਰ ਤੋਂ ਪਾਰ ਜ਼ਮੀਨ ਦਾ ਰਹਿੰਦਾ ਮੁਆਵਜਾ ਦੇ ਦਿੱਤਾ ਜਾਵੇਗਾ।
ਇਸ ਮੌਕੇ ਬੀ.ਐੱਸ.ਐੱਫ. ਦੇ ਡੀ.ਆਈ.ਜੀ. ਸ੍ਰੀ ਪ੍ਰਭਾਕਰ ਜੋਸ਼ੀ ਨੇ ਵੀ ਸਰਹੱਦੀ ਇਲਾਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਹੱਦ ਪਾਰੋਂ ਦੁਸ਼ਮਣ ਦੇਸ਼ ਵੱਲੋਂ ਕੀਤੀਆਂ ਜਾਂਦੀਆਂ ਨਾਪਾਕ ਕੋਸ਼ਿਸ਼ਾਂ ਨੂੰ ਨਾਕਾਮ ਕਰਨ ਲਈ ਬੀ.ਐੱਸ.ਐੱਫ. ਦਾ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਸਹੀ ਸੂਚਨਾ ਦੇਣ ਵਾਲੇ ਨੂੰ ਬੀ.ਐੱਸ.ਐੱਫ. ਵੱਲੋਂ ਇੱਕ ਲੱਖ ਰੁਪਏ ਦਾ ਇਨਾਮ ਵੀ ਦਿੱਤਾ ਜਾਵੇਗਾ। ਇਸ ਮੌਕੇ ਐੱਸ.ਐੱਸ.ਪੀ. ਗੁਰਦਾਸਪੁਰ ਸ੍ਰੀ ਦੀਪਕ ਹਿਲੌਰੀ ਨੇ ਕਿਹਾ ਕਿ ਸਰਹੱਦੀ ਇਲਾਕੇ ਦੇ ਲੋਕ ਡਰੋਨ ਦੀਆਂ ਗਤੀਵਿਧੀਆਂ ’ਤੇ ਨਜ਼ਰ ਰੱਖਣ ਦੇ ਨਾਲ ਇਲਾਕੇ ਵਿੱਚ ਘੁੰਮ ਰਹੇ ਵਿਅਕਤੀਆਂ ’ਤੇ ਵੀ ਨਜ਼ਰ ਰੱਖਣ ਅਤੇ ਇਸਦੀ ਸੂਚਨਾ ਬੀ.ਐੱਸ.ਐੱਫ ਦੇ ਨਾਲ ਪੁਲਿਸ ਨੂੰ ਵੀ ਦੇਣ। ਮੀਟਿੰਗ ਤੋਂ ਬਾਅਦ ਡਿਪਟੀ ਕਮਿਸ਼ਨਰ ਤੇ ਬੀ.ਐੱਸ.ਐੱਫ ਅਧਿਕਾਰੀਆਂ ਵੱਲੋਂ ਸਰਹੱਦ ਨੇੜੇ ਲੱਗੀ ਕੰਢਿਆਲੀ ਦਾ ਨਿਰੀਖਣ ਵੀ ਕੀਤਾ ਗਿਆ।