ਜਾਗਰੂਕਤਾ ਵੈਨਾਂ ਕਿਸਾਨਾਂ ਨੂੰ ਬਾਸਮਤੀ ਹੇਠ ਰਕਬਾ ਵਧਾਉਣ ਲਈ ਜਾਗਰੂਕ ਕਰਨ ਦੇ ਨਾਲ ਪਾਬੰਦੀਸ਼ੁਦਾ ਦਵਾਈਆਂ ਦੀ ਵਰਤੋਂ ਨਾ ਕਰਨ ਲਈ ਵੀ ਪ੍ਰੇਰਨਗੀਆਂ
ਪਰਾਲੀ ਨੂੰ ਅੱਗ ਨਾ ਲਗਾਉਣ ਲਈ ਹੁਣ ਤੋਂ ਹੀ ਕਿਸਾਨਾਂ ਨੂੰ ਕੀਤਾ ਜਾਵੇਗਾ ਜਾਗਰੂਕ
ਪਰਾਲੀ ਪ੍ਰਬੰਧਨ ਲਈ ਸਬਸਿਡੀ ਉੱਪਰ ਖੇਤੀ ਮਸ਼ੀਨਰੀ ਲੈਣ ਲਈ ਕਿਸਾਨ 20 ਜੁਲਾਈ ਤੱਕ ਕਰ ਸਕਦੇ ਹਨ ਆਨ-ਲਾਈਨ ਅਪਲਾਈ
ਗੁਰਦਾਸਪੁਰ, 11 ਜੁਲਾਈ (ਸਰਬਜੀਤ ਸਿੰਘ)–ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਅੱਜ ਆਪਣੇ ਦਫ਼ਤਰ ਤੋਂ ਖੇਤੀਬਾੜੀ ਵਿਭਾਗ ਦੀਆਂ 5 ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਮੁੱਖ ਖੇਤੀਬਾੜੀ ਅਧਿਕਾਰੀ ਡਾ. ਕ੍ਰਿਪਾਲ ਸਿੰਘ ਢਿਲੋਂ, ਖੇਤੀਬਾੜੀ ਅਫ਼ਸਰ ਪ੍ਰਭਜੋਤ ਸਿੰਘ ਅਤੇ ਹੋਰ ਖੇਤੀਬਾੜੀ ਅਫ਼ਸਰ ਵੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜਾਗਰੂਕਤਾ ਵੈਨਾਂ ਰਵਾਨਾ ਕਰਨ ਮੌਕੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਾਸਮਤੀ ਹੇਠ ਰਕਬਾ ਵਧਾਉਣ ਲਈ ਯਤਨ ਕੀਤੇ ਜਾ ਰਹੇ ਹਨ ਜਿਸ ਤਹਿਤ ਖੇਤੀਬਾੜੀ ਵਿਭਾਗ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਨੂੰ ਬਾਸਮਤੀ ਜੋਨ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਵੱਲੋਂ ਚਲਾਈਆਂ ਇਹ ਪ੍ਰਚਾਰ ਵੈਨਾਂ ਜ਼ਿਲ੍ਹੇ ਦੇ ਪਿੰਡ-ਪਿੰਡ ਜਾ ਕੇ ਕਿਸਾਨਾਂ ਨੂੰ ਬਾਸਮਤੀ ਦੀ ਕਾਸ਼ਤ ਕਰਨ ਲਈ ਪ੍ਰੇਰਿਤ ਕਰਨਗੀਆਂ। ਉਨ੍ਹਾਂ ਕਿਹਾ ਕਿ ਬਾਸਮਤੀ ਦੀ ਕਾਸ਼ਤ ਨੂੰ ਵਧਾਉਣ ਲਈ ਜ਼ਿਲ੍ਹੇ ਵਿੱਚ ਪਿੰਡ ਪੱਧਰ ’ਤੇ 355 ਕਿਸਾਨ ਮਿੱਤਰ ਅਤੇ 33 ਸੁਪਰਵਾਈਜਰ ਵੀ ਨਿਯੁਕਤ ਕੀਤੇ ਗਏ ਹਨ ਜੋ ਕਿਸਾਨਾਂ ਨੂੰ ਬਾਸਮਤੀ ਦੀ ਕਾਸ਼ਤ ਲਈ ਉਤਸ਼ਾਹਤ ਕਰਨ ਦੇ ਨਾਲ ਪਾਬੰਦੀਸ਼ੂਦਾ ਪੈਸਟੀਸਾਈਡ ਦੇ ਉਪਯੋਗ ਨਾ ਕਰਨ ਸਬੰਧੀ ਜਾਗਰੂਕ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਐਸੀਫੇਟ, ਕਲੋਰੋਪਾਈਰੀਫਾਸ, ਥਾਇਆਮਿਥੋਕਸਮ, ਕਾਰਬੈਂਡਾਜਿਮ, ਟ੍ਰਾਈਸਾਈਕਲਾਜੋਲ, ਬੁਪਰੋਫੇਜਿਨ, ਪ੍ਰੋਫੀਨੋਫੋਸ, ਪ੍ਰੋਪੀਕੋਨਾਜੋਲ, ਆਈਸੋਪ੍ਰੋਥਾਇਓਲੇਨ ਅਤੇ ਮੀਥਾਮੀਡੋਫੋਸ ਦਵਾਈਆਂ ਉੱਪਰ ਪਾਬੰਦੀ ਲਗਾਈ ਗਈ ਹੈ ਅਤੇ ਕਿਸਾਨਾਂ ਨੂੰ ਇਨ੍ਹਾਂ ਦਵਾਈਆਂ ਦੀ ਬਿਲਕੁਲ ਵਰਤੋਂ ਨਹੀਂ ਕਰਨੀ ਚਾਹੀਦੀ।
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਜਾਗਰੂਕਤਾ ਵੈਨਾਂ ਰਾਹੀਂ ਕਿਸਾਨ ਭਰਾਵਾਂ ਨੂੰ ਇਹ ਵੀ ਅਪੀਲ ਕੀਤੀ ਜਾਵੇਗੀ ਕਿ ਉਹ ਇਸ ਵਾਰ ਪਰਾਲੀ ਨੂੰ ਅੱਗ ਬਿਲਕੁਲ ਨਾ ਲਗਾਉਣ ਅਤੇ ਪਰਾਲੀ ਪ੍ਰਬੰਧਨ ਕਰਨ ਲਈ ਮਹਿਕਮੇਂ ਨਾਲ ਸੰਪਰਕ ਕਰਨ। ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਪਰਾਲੀ ਦੇ ਪ੍ਰਬੰਧਨ ਲਈ ਸਬਸਿਡੀ ’ਤੇ ਖੇਤੀਬਾੜੀ ਮਸ਼ੀਨਰੀ ਉਪਲੱਬਧ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਖੇਤੀਬਾੜੀ ਮਸ਼ੀਨਰੀ ਲੈਣ ਲਈ agrimachinery.com ’ਤੇ ਆਨ ਲਾਈਨ ਅਪਲਾਈ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਅਰਜ਼ੀਆਂ ਅਪਲਾਈ ਕਰਨ ਦੀ ਆਖਰੀ ਮਿਤੀ 20 ਜੁਲਾਈ 2023 ਹੈ।