ਯੁਵਕ ਸੇਵਾਵਾਂ ਵਿਭਾਗ ਵੱਲੋਂ ਕਾਲਜਾਂ ਵਿੱਚ ਕਰਾਏ ਜਾ ਰਹੇ ਹਨ ਜਾਗਰੂਕਤਾ ਸੈਮੀਨਾਰ
ਗੁਰਦਾਸਪੁਰ, 23 ਮਾਰਚ (ਸਰਬਜੀਤ ਸਿੰਘ)–ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਅਤੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਸਮਾਜ ਵਿਚੋਂ ਨਸ਼ਿਆਂ ਦੀ ਲਾਹਨਤ ਨੂੰ ਖਤਮ ਲਈ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਨਸ਼ਿਆਂ ਖਿਲਾਫ ਲੋਕ ਲਹਿਰ ਬਣਾਉਣ ਲਈ ਪ੍ਰਸ਼ਾਸਨ ਵੱਲੋਂ ਸਮਾਜ ਦੇ ਹਰ ਵਰਗ ਦਾ ਸਾਥ ਲਿਆ ਜਾ ਰਿਹਾ ਹੈ ਅਤੇ ਖਾਸ ਕਰਕੇ ਨੌਜਵਾਨਾਂ ਤੱਕ ਪਹੁੰਚ ਕਰਕੇ ਉਨ੍ਹਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਇਆ ਜਾ ਰਿਹਾ ਹੈ।
ਨਸ਼ਾ ਵਿਰੋਧੀ ਮੁਹਿੰਮ ਤਹਿਤ ਯੁਵਕ ਸੇਵਾਵਾਂ ਵਿਭਾਗ ਦੇ ਗੁਰਦਾਸਪੁਰ ਸਥਿਤ ਅਸਿਸਟੈਂਟ ਡਾਇਰੈਕਟਰ ਰਵੀ ਦਾਰਾ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਕਾਲਜਾਂ ਵਿੱਚ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ। ਇਨ੍ਹਾਂ ਕੈਂਪਾਂ ਵਿੱਚ ਮਾਹਿਰਾਂ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਕਾਰਨ ਹੁੰਦੇ ਸਰੀਰਕ, ਮਾਨਸਿਕ, ਸਮਾਜਿਕ ਅਤੇ ਆਰਥਿਕ ਨੁਕਸਾਨਾਂ ਬਾਰੇ ਦੱਸਿਆ ਜਾ ਰਿਹਾ ਹੈ। ਇਸ ਦੇ ਨਾਲ ਹੀ ਵਿਦਿਆਰਥੀਆਂ ਦੇ ਨਸ਼ਿਆਂ ਦੀ ਲਾਹਨਤ ਵਿਰੁੱਧ ਭਾਸ਼ਣ, ਪੇਟਿੰਗ ਤੇ ਲੇਖ ਮੁਕਾਬਲੇ ਵੀ ਕਰਵਾਏ ਜਾ ਰਹੇ ਹਨ।
ਯੁਵਕ ਸੇਵਾਵਾਂ ਵਿਭਾਗ ਗੁਰਦਾਸਪੁਰ ਦੇ ਅਸਿਸਟੈਂਟ ਡਾਇਰੈਕਟਰ ਰਵੀ ਦਾਰਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ਨੂੰ ਜ਼ਿਲ੍ਹਾ ਗੁਰਦਾਸਪੁਰ ਵਿਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਜਾਗਰੂਕਤਾ ਸੈਮੀਨਾਰ ਦੌਰਾਨ ਨੌਜਵਾਨ ਨਸ਼ਿਆਂ ਤੋਂ ਬਚਣ ਦਾ ਅਹਿਦ ਕਰ ਰਹੇ ਹਨ ਅਤੇ ਨਾਲ ਹੀ ਉਨ੍ਹਾਂ ਵੱਲੋਂ ਇਸ ਜਾਗਰੂਕਤਾ ਮੁਹਿੰਮ ਵਿੱਚ ਮੋਹਰੀ ਰੋਲ ਅਦਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਜਾਗਰੂਕਤਾ ਮੁਹਿੰਮ ਵਿੱਚ ਸਮਾਜ ਦੇ ਹਰੇਕ ਵਰਗ ਦਾ ਸਾਥ ਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਨਸ਼ਾ ਵਿਰੋਧੀ ਮੁਹਿੰਮ ਜਾਰੀ ਰਹੇਗੀ।