ਮਾਨ ਸਰਕਾਰ ਨੇ ਅਣਅਧਿਕਾਰਤ ਕਲੋਨੀਆਂ ਵਿੱਚ ਬਿਨਾਂ ਐੱਨ.ਓ.ਸੀ. ਪ੍ਰਾਪਤ ਕੀਤੇ ਪਲਾਟ ਰਜਿਸਟਰ ਕਰਵਾਉਣ ਦਾ ਸੁਨਿਹਰੀ ਮੌਕਾ ਦੇ ਕੇ ਆਪਣਾ ਵਾਅਦਾ ਨਿਭਾਇਆ – ਚੇਅਰਮੈਨ ਰਮਨ ਬਹਿਲ

ਗੁਰਦਾਸਪੁਰ

ਗੁਰਦਾਸਪੁਰ, 30 ਨਵੰਬਰ (ਸਰਬਜੀਤ ਸਿੰਘ)– ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅਣਅਧਿਕਾਰਤ ਕਲੋਨੀਆਂ ਵਿੱਚ ਬਿਨਾਂ ਐੱਨ.ਓ.ਸੀ. ਪ੍ਰਾਪਤ ਕੀਤੇ ਪਲਾਟ ਰਜਿਸਟਰ ਕਰਵਾਉਣ ਦਾ ਸੁਨਿਹਰੀ ਮੌਕਾ ਦਿੱਤਾ ਹੈ। ਪੰਜਾਬ ਸਰਕਾਰ ਦੇ ਇਸ ਫੈਸਲੇ ਦਾ ਸਵਾਗਤ ਕਰਦਿਆਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਇਸ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ।
ਚੇਅਰਮੈਨ ਰਮਨ ਬਹਿਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਣਅਧਿਕਾਰਤ ਕਲੋਨੀਆਂ ਵਿੱਚ ਪਲਾਟ ਖਰੀਦਣ ਵਾਲੇ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ ਐਕਟ 1955 ਵਿੱਚ ਸੋਧ ਕੀਤੀ ਹੈ, ਜਿਸ ਨਾਲ ਉਨ੍ਹਾਂ ਨੂੰ ਬਿਨਾਂ ਐੱਨ.ਓ.ਸੀ. ਲਏ ਆਪਣੇ ਪਲਾਟ ਰਜਿਸਟਰ ਕਰਵਾਉਣ ਦਾ ਮੌਕਾ ਦਿੱਤਾ ਗਿਆ ਹੈ। ਸ੍ਰੀ ਬਹਿਲ ਨੇ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੇ 31 ਜੁਲਾਈ 2024 ਤੱਕ ਕਿਸੇ ਅਣਅਧਿਕਾਰਤ ਕਲੋਨੀ ਵਿੱਚ 500 ਵਰਗ ਗਜ ਤੱਕ ਦਾ ਪਲਾਟ ਖਰੀਦਣ ਲਈ ਪਾਵਰ ਆਫ਼ ਅਟਾਰਨੀ, ਸਟੈਂਪ ਪੇਪਰ ’ਤੇ ਇਕਰਾਰਨਾਮਾ ਜਾਂ ਪਹਿਲਾਂ ਹੀ ਸੇਲ ਡੀਡ ਰਜਿਸਟਰ ਕੀਤੀ ਹੋਵੇ, ਤਾਂ ਉਹ ਬਿਨਾਂ ਐੱਨ.ਓ.ਸੀ. ਲਏ ਆਪਣੇ ਪਲਾਟ ਦੀ ਤਹਿਸੀਲਦਾਰ ਜਾਂ ਨਾਇਬ ਤਹਿਸੀਲਦਾਰ ਕੋਲ ਰਜਿਸਟਰੀ ਕਰਵਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪਲਾਟ ਰਜਿਸਟਰ ਕਰਵਾਉਣ ਦੀ ਸਮਾਂ-ਸੀਮਾਂ 1 ਦਸੰਬਰ 2024 ਤੋਂ 28 ਫਰਵਰੀ 2025 ਤੱਕ ਨਿਰਧਾਰਤ ਕੀਤੀ ਗਈ ਹੈ।
ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸੂਬਾ ਸਰਕਾਰ ਨੇ ਅਣਅਧਿਕਾਰਤ ਕਲੋਨੀਆਂ ਵਿੱਚ ਪੈਂਦੇ ਪਲਾਟਾਂ ਨੂੰ ਬਿਨਾਂ ਐੱਨ.ਓ.ਸੀ. ਪ੍ਰਾਪਤ ਕੀਤੇ ਰਜਿਸਟਰ ਕਰਨ ਦੇ ਆਮ ਜਨਤਾ ਨਾਲ ਕੀਤੇ ਵਾਅਦੇ ਨੂੰ ਪੂਰਾ ਕੀਤਾ ਹੈ। ਉਨ੍ਹਾਂ ਸਾਰੇ ਪ੍ਰਭਾਵਿਤ ਵਿਅਕਤੀਆਂ ਨੂੰ ਅਪੀਲ ਕੀਤੀ ਹੈ ਕਿ ਭਵਿੱਖ ਵਿੱਚ ਸਮੱਸਿਆਵਾਂ ਤੋਂ ਬਚਣ ਅਤੇ ਬੁਨਿਆਦੀ ਸਹੂਲਤਾਂ ਪ੍ਰਾਪਤ ਕਰਨ ਲਈ ਉਹ ਨਿਰਧਾਰਤ ਸਮਾਂ-ਸੀਮਾ ਦੇ ਅੰਦਰ ਇਸ ਮੌਕੇ ਦਾ ਲਾਭ ਉਠਾਉਣ।

Leave a Reply

Your email address will not be published. Required fields are marked *