ਵਿਰਸਾ ਗੁਰਦਾਸਪੁਰ` ਕੌਫ਼ੀ ਟੇਬਲ ਬੁੱਕ ਜ਼ਿਲ੍ਹਾ ਗੁਰਦਾਸਪੁਰ ਦੇ ਵਿਰਸੇ ਨੂੰ ਉਜਾਗਰ ਕਰਨ ਦਾ ਅਹਿਮ ਜਰੀਆ ਬਣੇਗੀ – ਭਗਵੰਤ ਮਾਨ
ਚੰਡੀਗੜ੍ਹ/ਗੁਰਦਾਸਪੁਰ, 5 ਜੁਲਾਈ (ਸਰਬਜੀਤ ਸਿੰਘ)–ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਪੰਜਾਬ ਭਵਨ, ਚੰਡੀਗੜ੍ਹ ਵਿਖੇ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਤਿਆਰ ਕੀਤੀ ਗਈ ਵਿਰਸਾ ਗੁਰਦਾਸਪੁਰ
ਕੌਫ਼ੀ ਟੇਬਲ ਬੁੱਕ ਨੂੰ ਲੋਕ ਅਰਪਣ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ, ਮੁੱਖ ਮੰਤਰੀ ਦੇ ਐਡੀਸ਼ਨਲ ਚੀਫ ਸੈਕਟਰੀ ਏ. ਵੇਨੂ ਪ੍ਰਸ਼ਾਦ ਅਤੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਵੀ ਹਾਜ਼ਰ ਸਨ।
ਵਿਰਸਾ ਗੁਰਦਾਸਪੁਰ
ਕੌਫ਼ੀ ਟੇਬਲ ਬੁੱਕ ਨੂੰ ਲੋਕ ਅਰਪਣ ਕਰਨ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਖੂਬਸੂਰਤ ਉਪਰਾਲੇ ਲਈ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਦੀ ਸਮੁੱਚੀ ਟੀਮ ਨੂੰ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਹਾ ਕਿ ਇਹ ਬੇਹੱਦ ਮਾਣ ਵਾਲੀ ਗੱਲ ਹੈ ਕਿ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਅਤੇ ਜ਼ਿਲ੍ਹਾ ਪ੍ਰਸ਼ਾਸਨ, ਗੁਰਦਾਸਪੁਰ ਵੱਲੋਂ ਜ਼ਿਲ੍ਹੇ ਦੀ ਸ਼ਾਨਾਮੱਤੀ ਵਿਰਾਸਤ ਨੂੰ ਰੂਪਮਾਨ ਕਰਨ ਲਈ ਇਹ ਕੌਫ਼ੀ ਟੇਬਲ ਬੁੱਕ ਪ੍ਰਕਾਸ਼ਿਤ ਕੀਤੀ ਗਈ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਮੁੱਢ ਤੋਂ ਹੀ ਭਾਰਤੀ ਸੱਭਿਅਤਾ ਤੇ ਸੱਭਿਆਚਾਰ ਦਾ ਪੰਘੂੜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਜ਼ਿਲ੍ਹਾ ਗੁਰਦਾਸਪੁਰ ਦਾ ਅਹਿਮ ਸਥਾਨ ਹੈ। ਉਨ੍ਹਾਂ ਕਿਹਾ ਕਿ ਸਰਹੱਦੀ ਜ਼ਿਲ੍ਹੇ ਗੁਰਦਾਸਪੁਰ ਨੂੰ ਕੁਦਰਤ ਨੇ ਕਈ ਤਰ੍ਹਾਂ ਦੀਆਂ ਰਮਣੀਕ ਥਾਵਾਂ ਨਾਲ ਨਿਵਾਜ਼ਿਆ ਹੈ ਅਤੇ ਇਸ ਜ਼ਿਲ੍ਹੇ ਨੂੰ ਸਿੱਖ ਗੁਰੂਆਂ ਦੀ ਚਰਨ-ਛੋਹ ਪ੍ਰਾਪਤ ਹੋਣ ਦਾ ਵੀ ਮਾਣ ਹੈ, ਜਿਨ੍ਹਾਂ ਨੇ ਲੋਕਾਂ ਨੂੰ ਬੇਇਨਸਾਫ਼ੀ ਤੇ ਜਬਰ-ਜ਼ੁਲਮ ਖ਼ਿਲਾਫ਼ ਲੜਨ ਦੀ ਸਿੱਖਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਧਰਤੀ ਭਾਰਤੀ ਇਤਿਹਾਸ ਨੂੰ ਨਵਾਂ ਮੋੜ ਦੇਣ ਵਾਲੀਆਂ ਕਈ ਘਟਨਾਵਾਂ ਦੀ ਗਵਾਹ ਵੀ ਹੈ। ਇਸ ਧਰਤੀ ਨੇ ਕਈ ਅਜਿਹੇ ਸੂਰਮਿਆਂ ਨੂੰ ਜਨਮ ਦਿੱਤਾ, ਜਿਨ੍ਹਾਂ ਨੇ ਮਾਤ-ਭੂਮੀ ਦੀ ਰਾਖੀ ਲਈ ਆਪਣਾ ਜੀਵਨ ਕੁਰਬਾਨ ਕਰ ਦਿੱਤਾ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਇਹ ਵਿਰਸਾ ਗੁਰਦਾਸਪੁਰ
ਕੌਫ਼ੀ ਟੇਬਲ ਬੁੱਕ ਜ਼ਿਲ੍ਹਾ ਗੁਰਦਾਸਪੁਰ ਦੇ ਵਿਰਸੇ ਨੂੰ ਉਜਾਗਰ ਕਰਨ ਦਾ ਅਹਿਮ ਜਰੀਆ ਬਣੇਗੀ ਅਤੇ ਇਸ ਬੁੱਕ ਨੂੰ ਦੇਖਣ ਤੇ ਪੜ੍ਹਨ ਤੋਂ ਬਾਅਦ ਦੇਸ਼-ਦੁਨੀਆਂ ਦੇ ਸੈਲਾਨੀ ਜ਼ਿਲ੍ਹੇ ਦੇ ਇਤਿਹਾਸਕ, ਧਾਰਮਿਕ ਅਤੇ ਕੁਦਰਤੀ ਸਥਾਨਾਂ ਦੇ ਦਰਸ਼ਨ ਕਰਨ ਲਈ ਪ੍ਰੇਰਤ ਹੋਣਗੇ। ਉਨ੍ਹਾਂ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਅਤੇ ਜ਼ਿਲ੍ਹਾ ਪ੍ਰਸ਼ਾਸਨ, ਗੁਰਦਾਸਪੁਰ ਨੂੰ ਇਸ ਨਿਵੇਕਲੇ ਉੱਦਮ ਲਈ ਸ਼ੁੱਭ-ਕਾਮਨਾਵਾਂ ਦਿੱਤੀਆਂ।
ਵਿਰਸਾ ਗੁਰਦਾਸਪੁਰ
ਕੌਫ਼ੀ ਟੇਬਲ ਬੁੱਕ ਨੂੰ ਲੋਕ ਅਰਪਣ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਅਤੇ ਉੱਚ ਅਧਿਕਾਰੀਆਂ ਦਾ ਧੰਨਵਾਦ ਕਰਦੇ ਹੋਏ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਇਸ ਕੌਫ਼ੀ ਟੇਬਲ ਬੁੱਕ ਦੇ ਕੁੱਲ 68 ਪੰਨੇ ਹਨ ਜਿਨ੍ਹਾਂ ਵਿੱਚ ਜ਼ਿਲ੍ਹਾ ਗੁਰਦਾਸਪੁਰ ਦੀ ਅਮੀਰ ਕੁਦਰਤੀ, ਇਤਿਹਾਸਕ ਅਤੇ ਧਾਰਮਿਕ ਵਿਰਾਸਤ ਨੂੰ ਦਰਸਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਕੌਫ਼ੀ ਟੇਬਲ ਬੁੱਕ ਵਿੱਚ ਜ਼ਿਲ੍ਹੇ ਦੇ ਬੇਹੱਦ ਖੂਬਸੂਰਤ ਅਸਥਾਨਾਂ ਦੀਆਂ ਤਸਵੀਰਾਂ ਅਤੇ ਉਨ੍ਹਾਂ ਦੇ ਸੰਖੇਪ ਇਤਿਹਾਸ ਨੂੰ ਦੱਸਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਕੌਫ਼ੀ ਟੇਬਲ ਏਅਰਪੋਟਰਸ, ਰੇਲਵੇ ਸਟੇਸ਼ਨਾਂ, ਵੱਡੇ ਹੋਟਲਾਂ ਵਿੱਚ ਮੁਹੱਈਆ ਕਰਵਾਈਆਂ ਜਾਣਗੀਆਂ ਤਾਂ ਜੋ ਸੈਲਾਨੀ ਜ਼ਿਲ੍ਹੇ ਦੇ ਇਨ੍ਹਾਂ ਸਥਾਨਾਂ ਨੂੰ ਦੇਖਣ ਲਈ ਆਉਣ।