ਪੰਜਾਬ ਸਰਕਾਰ ਰਾਜ ਨੂੰ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਵਚਨਬੱਧ : ਡਿਪਟੀ ਡੀ.ਈ.ਓ. ਬਲਬੀਰ ਸਿੰਘ
ਗੁਰਦਾਸਪੁਰ, 27 ਫਰਵਰੀ (ਸਰਬਜੀਤ ਸਿੰਘ) – ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ `ਚ ਪ੍ਰੀ-ਪ੍ਰਾਇਮਰੀ ਜਮਾਤਾਂ ਤੋਂ ਬਾਰ੍ਹਵੀਂ ਜਮਾਤਾਂ ਤੱਕ ਦੇ ਦਾਖ਼ਲਿਆਂ ਨੂੰ ਭਰਵਾਂ ਹੁੰਗਾਰਾ ਦੇਣ ਲਈ ਵਿਸ਼ੇਸ਼ ਮੁਹਿੰਮ ਅਰੰਭੀ ਗਈ ਹੈ। ਇਸ ਦੌਰਾਨ ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਵੱਲੋਂ ਬੀਤੇ ਦਿਨੀ ਦਾਖ਼ਲਾ ਮੁਹਿੰਮ ਦਾ ਆਗਾਜ਼ ਕੀਤਾ ਸੀ। ਇਸ ਤਹਿਤ ਅੱਜ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਣੀਆ ( ਧਾਰੀਵਾਲ ) ਵਿਖੇ ਦਾਖ਼ਲਾ ਕੰਪੇਨ ਵੈਨ ਦਾ ਪਹੁੰਚਣ ਤੇ ਡਿਪਟੀ ਡੀ.ਈ.ਓ. ਐਲੀ: ਬਲਬੀਰ ਸਿੰਘ , ਪ੍ਰਿੰਸੀਪਲ ਸੁਖਵੰਤ ਸਿੰਘ ਤੇ ਬਲਾਕ ਸਿੱਖਿਆ ਅਫ਼ਸਰ ਧਾਰੀਵਾਲ 1 ਨੀਰਜ ਕੁਮਾਰ ਵੱਲੋਂ ਸਵਾਗਤ ਕੀਤਾ । ਇਸ ਮੌਕੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ:/ਐਲੀ ਅਮਰਜੀਤ ਸਿੰਘ ਭਾਟੀਆ ਨੇ ਦੱਸਿਆ ਕਿ ਇਹ ਰੈਲੀ 22,23 ਅਤੇ 24 ਫ਼ਰਵਰੀ ਤੱਕ ਤਿੰਨ ਦਿਨ ਜ਼ਿਲ੍ਹੇ ਦੇ 19 ਸਿੱਖਿਆ ਬਲਾਕਾਂ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਜਾ ਕੇ ਜ਼ਿਲ੍ਹਾ ਵਾਸੀਆਂ ਨੂੰ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਾਉਣ ਲਈ ਪ੍ਰੇਰਿਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਰਾਜ ਨੂੰ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਵਚਨਬੱਧ ਹੈ ਅਤੇ ਰਾਜ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਦਿਨ ਰਾਤ ਉਪਰਾਲੇ ਕੀਤੇ ਜਾ ਰਹੇ ਹਨ। ਇਸ ਦੌਰਾਨ ਡਿਪਟੀ ਡੀ.ਈ.ਓ. ਐਲੀ: ਬਲਬੀਰ ਸਿੰਘ ਨੇ ਕਿਹਾ ਕਿ ਸਰਕਾਰ ਦਾ ਮੁੱਖ ਮਨੋਰਥ ਪੰਜਾਬ ਅੰਦਰ ਲੋਕਾਂ ਨੂੰ ਵਧੀਆ ਸਿੱਖਿਆ ਪ੍ਰਣਾਲੀ ਦੀਆਂ ਸਹੂਲਤਾਂ ਪ੍ਰਦਾਨ ਕਰਨਾ ਹੈ ਤਾਂ ਜੋ ਕੋਈ ਵੀ ਬੱਚਾ ਸਿੱਖਿਆ ਤੋਂ ਵਾਂਝਾ ਨਾ ਰਹਿ ਜਾਵੇ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਪੰਜਾਬ ਦੇ ਰੌਸ਼ਨ ਭਵਿੱਖ ਲਈ ਸਿੱਖਿਆ ਢਾਂਚੇ ਨੂੰ ਕੌਮਾਂਤਰੀ ਪੱਧਰ ’ਤੇ ਲਿਜਾਣ ਲਈ ਵਚਨਬੱਧ ਹੈ ਅਤੇ ਇਸ ਤਹਿਤ ਸੂਬੇ ਵਿੱਚ 100 ਸਕੂਲ ਆਫ ਐਮੀਨੈਂਸ ਦੀ ਸ਼ੁਰੂਆਤ ਕੀਤੀ ਗਈ ਹੈ।
ਸਰਕਾਰੀ ਸਕੂਲਾਂ ਵਿੱਚ ਉੱਚ ਯੋਗਤਾ ਪ੍ਰਾਪਤ ਸਟਾਫ਼ ਵੱਲੋਂ ਬੱਚਿਆਂ ਨੂੰ ਈ-ਕੰਨਟੈਟ ਦੁਆਰਾ ਪੜ੍ਹਾਈ ਕਰਵਾਈ ਜਾਂਦੀ ਹੈ ਅਤੇ ਸਿੱਖਿਆ ਵਿਭਾਗ ਵੱਲੋਂ ਈ-ਪੰਜਾਬ ਪੋਰਟਲ ਤੇ ਸਾਰੀਆਂ ਕਲਾਸਾਂ ਦੇ ਸਾਰੇ ਵਿਸ਼ਿਆਂ ਦੀਆ ਪੁਸਤਕਾਂ ਅਪਲੋਡ ਕੀਤੀਆਂ ਗਈਆਂ ਹਨ ਤਾਂ ਜੋ ਵਿਦਿਆਰਥੀਆਂ ਨੂੰ ਪੜ੍ਹਾਈ ਵਿੱਚ ਕੋਈ ਸਮੱਸਿਆ ਨਾ ਆਵੇ।
ਇਸ ਮੌਕੇ ਪ੍ਰਿੰਸੀਪਲ ਸੁਖਵੰਤ ਸਿੰਘ , ਜ਼ਿਲ੍ਹਾ ਮੀਡੀਆ ਕੋਆਡੀਨੇਟਰ ਗਗਨਦੀਪ ਸਿੰਘ, ਡੀ.ਐਮ. ਗੁਰਨਾਮ ਸਿੰਘ, ਜ਼ਿਲ੍ਹਾ ਕੋਆਡੀਨੇਟਰ ਲਖਵਿੰਦਰ ਸਿੰਘ, ਵਿਕਾਸ ਸ਼ਰਮਾਂ, ਸੁਖਮਨਜੀਤ ਸਿੰਘ ਕਾਹਲੋਂ ਸਕੂਲ ਦੀ ਮੀਚੀਆ ਕੋਆਰਡੀਨੇਟਰ ਪ੍ਰੀਤੀ ਭੱਲਾ ਅਤੇ ਸਮੂਹ ਸਟਾਫ਼ ਹਾਜ਼ਰ ਸੀ।