22 ਜੁਲਾਈ ਦੀ ਸੰਗਰੂਰ ਰੈਲੀ ਵਿੱਚ ਪੰਜਾਬ ਭਰ ਤੋਂ ਹਜ਼ਾਰਾਂ ਮੁਲਾਜ਼ਮ ਕਰਨਗੇ ਸ਼ਮੂਲੀਅਤ- ਡਾ ਸੁਨੀਲ ਤਰਗੋਤਰਾ
ਗੁਰਦਾਸਪੁਰ, 17 ਜੁਲਾਈ (ਸਰਬਜੀਤ ਸਿੰਘ)– ਅੱਜ ਪੰਜਾਬ ਭਰ ਦੇ ਕਮਿਊਨਟੀ ਹੈਲਥ ਅਫ਼ਸਰਾਂ (CHO) ਵੱਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਜਾਇਜ਼ ਮੰਗਾਂ ਦੇ ਹੱਕ ਵਿੱਚ ਕਾਲੇ ਬਿੱਲੇ ਲਗਾ ਕੇ ਡਿਊਟੀਆਂ ਨਿਭਾਉਂਦਿਆਂ ਸ਼ਾਂਤਮਈ ਰੋਸ ਪ੍ਰਦਰਸ਼ਨ ਕੀਤਾ ਗਿਆ। ਡਾ ਤਰਗੋਤਰਾ ਨੇ ਦੱਸਿਆ ਕਿ ਸਰਕਾਰ ਵੱਲੋਂ ਵਾਰ-ਵਾਰ ਭਰੋਸੇ ਦਿੱਤੇ ਜਾਣ ਦੇ ਬਾਵਜੂਦ ਅੱਜ ਤੱਕ ਮੰਨੀਆਂ ਹੋਈਆਂ ਮੰਗਾਂ ਦੇ ਨੋਟੀਫਿਕੇਸ਼ਨ ਜਾਰੀ ਨਹੀਂ ਕੀਤੇ ਗਏ, ਜਿਸ ਕਾਰਨ ਸਮੂਹ CHO ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਓਹਨਾਂ ਦੱਸਿਆ ਕਿ CHO ਨੇ ਹਰ ਸਮੇਂ ਲੋਕ ਹਿੱਤਾਂ ਨੂੰ ਪਹਿਲ ਦਿੱਤੀ ਹੈ। ਇਸੇ ਕਰਕੇ ਸੰਘਰਸ਼ ਦੌਰਾਨ ਵੀ ਆਯੁਸ਼ਮਾਨ ਆਰੋਗਿਆ ਕੇਂਦਰਾਂ ਵਿੱਚ OPD ਸੇਵਾਵਾਂ ਅਤੇ ਟੀ.ਬੀ. ਸਬੰਧੀ ਕੰਮ ਨਿਰੰਤਰ ਜਾਰੀ ਰੱਖਿਆ ਜਾ ਰਿਹਾ ਹੈ, ਪਰ ਸਰਕਾਰ ਵੱਲੋਂ ਸਿਹਤ ਕਰਮੀਆਂ ਦੀਆਂ ਜਾਇਜ਼ ਮੰਗਾਂ ਨੂੰ ਲਗਾਤਾਰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ CHO ਦਾ ਰੈਗੂਲਰ ਕੈਡਰ ਸੈਂਕਸ਼ਨ ਕਰਨਾ, ਹੋਰ ਸੂਬਿਆਂ ਦੇ ਮੁਕਾਬਲੇ ₹5,000 ਘੱਟ ਦਿੱਤੀ ਜਾ ਰਹੀ ਤਨਖਾਹ ਦੀ ਵਿਸੰਗਤੀ ਦੂਰ ਕਰਕੇ ਬਕਾਇਆ ਜਾਰੀ ਕਰਨਾ, ਸਾਲ 2018 ਤੋਂ ਬੰਦ ਕੀਤਾ ਗਿਆ ਲੌਇਲਟੀ ਬੋਨਸ ਮੁੜ ਜਾਰੀ ਕਰਨਾ, CHO ਦੀ ਤਨਖਾਹ ਅਤੇ ਇੰਸੈਂਟਿਵ ਨੂੰ ਮਰਜ ਕਰਨਾ ਅਤੇ ਨਵੇਂ ਜਾਰੀ ਕੀਤੇ ਗਏ ਗੈਰ-ਵਾਜਬ ਇੰਸੈਂਟਿਵ ਪਰਫਾਰਮੇ ਦੀ ਤੁਰੰਤ ਸੋਧ/ਵਾਪਸੀ ਵਰਗੀਆਂ ਮੰਗਾਂ ਲੰਬੇ ਸਮੇਂ ਤੋਂ ਲਟਕੀਆਂ ਹੋਈਆਂ ਹਨ। ਇਨ੍ਹਾਂ ਮੰਗਾਂ ’ਤੇ ਵਿਭਾਗ ਦੇ ਉੱਚ ਅਧਿਕਾਰੀਆਂ ਅਤੇ ਮੰਤਰੀਆਂ ਨਾਲ ਕਈ ਮੀਟਿੰਗਾਂ ਹੋ ਚੁੱਕੀਆਂ ਹਨ, ਪਰ ਅਜੇ ਤੱਕ ਕੋਈ ਠੋਸ ਨਤੀਜਾ ਸਾਹਮਣੇ ਨਹੀਂ ਆਇਆ।
CHO ਆਗੂ ਡਾ ਰਵਿੰਦਰ ਸਿੰਘ ਨੇ ਕਿਹਾ ਕਿ ਹੁਣ ਸਮਾਂ ਸਿਰਫ਼ ਭਰੋਸਿਆਂ ਦਾ ਨਹੀਂ, ਸਗੋਂ ਲਿਖਤੀ ਨੋਟੀਫਿਕੇਸ਼ਨ ਜਾਰੀ ਕਰਨ ਦਾ ਹੈ। ਜੇਕਰ ਸਰਕਾਰ ਨੇ ਹੋਰ ਦੇਰੀ ਕੀਤੀ ਤਾਂ ਇਸ ਦਾ ਅਸਰ ਸੂਬੇ ਭਰ ਵਿੱਚ ਚੱਲ ਰਹੇ ਸੰਘਰਸ਼ ਨੂੰ ਹੋਰ ਮਜ਼ਬੂਤ ਕਰੇਗਾ।
ਉਨ੍ਹਾਂ ਐਲਾਨ ਕੀਤਾ ਕਿ 22 ਜੁਲਾਈ ਨੂੰ ਸੰਗਰੂਰ ਵਿਖੇ ਮਾਣਯੋਗ ਮੁੱਖ ਮੰਤਰੀ ਪੰਜਾਬ ਜੀ ਦੀ ਰਿਹਾਇਸ਼ ਨੇੜੇ ਹੋਣ ਵਾਲੀ ਵਿਸ਼ਾਲ ਰੋਸ ਰੈਲੀ ਵਿੱਚ ਪੰਜਾਬ ਦੇ ਸਮੂਹ ਜ਼ਿਲ੍ਹਿਆਂ ਤੋਂ ਕਮਿਊਨਟੀ ਹੈਲਥ ਅਫ਼ਸਰਾਂ ਅਤੇ ਹੋਰ ਮੁਲਾਜ਼ਮਾਂ ਦੀ ਵੱਡੀ ਗਿਣਤੀ ਸ਼ਮੂਲੀਅਤ ਕਰੇਗੀ। ਇਹ ਰੈਲੀ ਸਿਹਤ ਕਰਮੀਆਂ ਦੇ ਏਕੇ ਅਤੇ ਸਰਕਾਰ ਪ੍ਰਤੀ ਵਧ ਰਹੇ ਰੋਸ ਦਾ ਵੱਡਾ ਪ੍ਰਗਟਾਵਾ ਹੋਵੇਗੀ।
ਆਗੂਆਂ ਨੇ ਕਿਹਾ ਕਿ ਅਜੇ ਵੀ ਸਮਾਂ ਹੈ ਕਿ ਪੰਜਾਬ ਸਰਕਾਰ ਆਪਣੇ ਵਾਅਦਿਆਂ ਨੂੰ ਅਮਲੀ ਰੂਪ ਦੇਵੇ ਅਤੇ ਮੰਨੀਆਂ ਹੋਈਆਂ ਮੰਗਾਂ ਦੇ ਨੋਟੀਫਿਕੇਸ਼ਨ ਤੁਰੰਤ ਜਾਰੀ ਕਰੇ। ਨਹੀਂ ਤਾਂ ਸੰਘਰਸ਼ ਨੂੰ ਹੋਰ ਵਿਸ਼ਾਲ ਅਤੇ ਤਿੱਖਾ ਕੀਤਾ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੀ ਹੋਵੇਗੀ।


