ਗੁਰਦਾਸਪੁਰ,5 ਅਗਸਤ (ਸਰਬਜੀਤ ਸਿੰਘ)— ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲਾ ਪ੍ਰਸ਼ਾਸਨ ਵੱਲੋਂ ਚਲਾਏ ਜਾ ਰਹੇ ਨਸ਼ਾ ਮੁਕਤੀ ਅਭਿਆਨ ਤਹਿਤ ਜ਼ਿਲਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿਖੇ ਇੱਕ ‘ਨਸ਼ਾ ਮੁਕਤੀ ਕੰਟਰੋਲ ਕੇਂਦਰ’ ਸਥਾਪਤ ਕੀਤਾ ਗਿਆ ਹੈ ਜੋ ਹਫ਼ਤੇ ਦੇ ਸਾਰੇ ਦਿਨ 24 ਘੰਟੇ ਆਪਣੀਆਂ ਸੇਵਾਵਾਂ ਦੇ ਰਿਹਾ ਹੈ। ਇਸ ‘ਨਸ਼ਾ ਮੁਕਤੀ ਕੰਟਰੋਲ ਕੇਂਦਰ’ ਦਾ ਟੋਲ ਫਰੀ ਹੈਲਪ ਲਾਈਨ ਨੰਬਰ 1800-180-1852 ਹੈ, ਜਿਸ ਉੱਪਰ ਨਸ਼ਾ ਤਸਕਰਾਂ ਦੀ ਸੂਚਨਾ ਦਿੱਤੀ ਜਾ ਸਕਦੀ ਹੈ।
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਨਸ਼ਾ ਮੁਕਤੀ ਕੰਟਰੋਲ ਕੇਂਦਰ ਦੇ ਹੈਲਪ ਲਾਈਨ ਨੰਬਰ 1800-180-1852 ਉੱਪਰ ਕੋਈ ਵੀ ਵਿਅਕਤੀ ਨਸ਼ਾ ਤਸਕਰਾਂ ਬਾਰੇ ਜਾਣਕਾਰੀ ਦੇ ਸਕਦਾ ਹੈ। ਉਨਾਂ ਕਿਹਾ ਕਿ ਜਾਣਕਾਰੀ ਦੇਣ ਵਾਲੇ ਵਿਅਕਤੀ ਦੀ ਪਛਾਣ ਪੂਰੀ ਤਰਾਂ ਗੁਪਤ ਰੱਖੀ ਜਾਵੇਗੀ। ਉਨਾਂ ਕਿਹਾ ਕਿ ਇਸਦੇ ਨਾਲ ਹੀ ਇਸ ਹੈਲਪ ਲਾਈਨ ਨੰਬਰ ਉੱਪਰ ਨਸ਼ਾ ਕਰਨ ਵਾਲੇ ਪੀੜਤਾਂ ਦੀ ਸੂਚਨਾ ਵੀ ਦਿੱਤੀ ਜਾ ਸਕਦੀ ਹੈ ਤਾਂ ਜੋ ਜ਼ਿਲਾ ਪ੍ਰਸ਼ਾਸਨ ਵੱਲੋਂ ਉਨਾਂ ਪੀੜਤ ਵਿਅਕਤੀਆਂ ਦਾ ਇਲਾਜ਼ ਕਰਵਾਇਆ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਨਸ਼ਾ ਮੁਕਤੀ ਅਭਿਆਨ ਵਿੱਚ ਸਾਥ ਦਿੰਦੇ ਹੋਏ ਨਸ਼ਾ ਤਸਕਰਾਂ ਦੀ ਜਾਣਕਾਰੀ ਨਸ਼ਾ ਮੁਕਤੀ ਕੰਟਰੋਲ ਕੇਂਦਰ ਦੇ ਟੋਲ ਫਰੀ ਨੰਬਰ 1800-180-1852 ਉਪਰ ਜਰੂਰ ਸਾਂਝੀ ਕਰਨ ਤਾਂ ਜੋ ਸਮਾਜ ਵਿੱਚ ਨਸ਼ਿਆਂ ਦਾ ਜ਼ਹਿਰ ਫੈਲਾਉਣ ਵਾਲੇ ਅਨਸਰਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾ ਸਕੇ। ਉਨਾਂ ਕਿਹਾ ਕਿ ਅਜਿਹਾ ਕਰਕੇ ਅਸੀਂ ਆਪਣੇ ਸਮਾਜ ਨੂੰ ਨਸ਼ਿਆਂ ਤੋਂ ਮੁਕਤ ਕਰਨ ਵਿੱਚ ਆਪਣਾ ਅਹਿਮ ਯੋਗਦਾਨ ਪਾ ਸਕਾਂਗੇ।