ਨੌਜਵਾਨਾਂ ਨੂੰ ਤਕਨੀਕੀ ਸਿੱਖਿਆ ਰਾਹੀਂ ਹੁਨਰਮੰਦ ਬਣਾ ਰਹੇ ਹਨ ਜ਼ਿਲ੍ਹੇ ਦੇ ਸਰਕਾਰੀ ਬਹੁ-ਤਕਨੀਕੀ ਕਾਲਜ

ਗੁਰਦਾਸਪੁਰ

ਮੁੱਖ ਮੰਤਰੀ ਵਜ਼ੀਫਾ ਸਕੀਮ ਤਹਿਤ ਵਿਦਿਆਰਥੀਆਂ ਨੂੰ ਫੀਸ ਵਿੱਚ ਦਿੱਤੀ ਜਾ ਰਹੀ ਹੈ ਭਾਰੀ ਛੋਟ

ਸਰਕਾਰੀ ਬਹੁ-ਤਕਨੀਕੀ ਕਾਲਜਾਂ ਵਿੱਚ ਡਿਪਲੋਮਾ ਕੋਰਸਾਂ ਲਈ ਚੱਲ ਰਿਹਾ ਹੈ ਦਾਖ਼ਲਾ

ਗੁਰਦਾਸਪੁਰ, 5 ਅਗਸਤ (ਸਰਬਜੀਤ ਸਿੰਘ)–ਜ਼ਿਲ੍ਹਾ ਗੁਰਦਾਸਪੁਰ ਸਨਅਤੀ ਸ਼ਹਿਰ ਬਟਾਲਾ ਅਤੇ ਦੋਦਵਾਂ (ਦੀਨਾਨਗਰ) ਵਿਖੇ ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ  ਸਰਕਾਰੀ ਬਹੁ-ਤਕਨੀਕੀ ਕਾਲਜ ਨੌਜਵਾਨਾਂ ਨੂੰ ਤਕਨੀਕੀ ਸਿੱਖਿਆ ਦੇਣ ਵਿੱਚ ਆਪਣੀ ਅਹਿਮ ਭੂਮਿਕਾ ਨਿਭਾ ਰਹੇ ਹਨ। ਬਟਾਲਾ ਦੇ ਸਰਕਾਰੀ ਬਹੁ-ਤਕਨੀਕੀ ਕਾਲਜ ਵਿੱਚ ਸਿਵਲ, ਮਕੈਨੀਕਲ, ਇਲੈਕਟ੍ਰੀਕਲ, ਈ.ਸੀ.ਈ. ਅਤੇ ਕੈਮੀਕਲ ਦੇ ਤਿੰਨ ਸਾਲਾ ਡਿਪਲੋਮਾ ਕੋਰਸ ਚੱਲ ਰਹੇ ਹਨ ਜਦਕਿ ਸਰਕਾਰੀ ਬਹੁ-ਤਕਨੀਕੀ ਦੋਦਵਾਂ (ਦੀਨਾਨਗਰ) ਵਿਖੇ ਈ.ਸੀ.ਈ. ਅਤੇ ਕੰਪਿਊਟਰ ਦੇ ਡਿਪਲੋਮਾ ਕੋਰਸ ਕਰਵਾਏ ਜਾ ਰਹੇ ਹਨ। ਸਰਕਾਰੀ ਬਹੁ-ਤਕਨੀਕੀ ਕਾਲਜ ਬਟਾਲਾ ਪਿਛਲੇ ਸਮੇਂ ੳੱੁਤਰ ਭਾਰਤ ਵਿੱਚੋਂ “ਬੈਸਟ ਪੋਲੀਟੈਕਨਿਕ” ਅਵਾਰਡ ਵੀ ਪ੍ਰਾਪਤ ਕਰ ਚੁਕਾ ਹੈ।

ਸਰਕਾਰੀ ਬਹੁ-ਤਕਨੀਕੀ ਕਾਲਜ ਬਟਾਲਾ ਦੇ ਪ੍ਰਿੰਸੀਪਲ ਇੰਜੀਨੀਅਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਕਾਲਜ ਵਿੱਚ ਵਧੀਆ ਪੜਾਈ ਦੇ ਨਾਲ ਪ੍ਰੈਕਟੀਕਲ ਟ੍ਰੇਨਿੰਗ ਵੱਲ ਵੀ ਪੂਰਾ ਧਿਆਨ ਦਿੱਤਾ ਜਾਂਦਾ ਹੈ। ਇਸਤੋਂ ਇਲਾਵਾ ਕਲਾਜ ਵਿੱਚ ਪਲੇਸਮੈਂਟ ਸੈਲ ਵੀ ਚੱਲ ਰਿਹਾ ਹੈ ਜਿਸ ਵਲੋਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਦੌਰਾਨ ਨੌਂਕਰੀ ਦਿਵਾਉਣ ਦੇ ਲਗਾਤਾਰ ਯਤਨ ਕੀਤੇ ਜਾਂਦੇ ਹਨ। ਉਨਾਂ ਦੱਸਿਆ ਕਿ ਪਲੇਸਮੈਂਟ ਸੈੱਲ ਵਲੋਂ ਹਰ ਸਾਲ ਰੁਜ਼ਗਾਰ ਮੇਲੇ ਲਗਾਏ ਜਾਂਦੇ ਹਨ, ਜਿਸ ਤਹਿਤ ਕਾਲਜ ਦੇ ਬਹੁਤ ਸਾਰੇ ਵਿਦਿਆਰਥੀ ਕਈ ਨੈਸ਼ਨਲ ਅਤੇ ਮਲਟੀਨੈਸ਼ਨਲ ਕੰਪਨੀਆਂ ਵਿੱਚ ਨੌਕਰੀਆਂ ਲੈਣ ਵਿੱਚ ਕਾਮਯਾਬ ਰਹੇ ਹਨ।

ਪ੍ਰਿੰਸੀਪਲ ਬਲਵਿੰਦਰ ਸਿੰਘ ਨੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਸਾਡਾ ਦੇਸ਼ ਤਕਨੀਕੀ ਵਿਕਾਸ ਦੇ ਦੌਰ ਵਿੱਚੋਂ ਗੁਜਰ ਰਿਹਾ ਹੈ ਅਤੇ ਹਰ ਇੱਕ ਉਦਯੋਗ ਨਵੀਆਂ ਨਵੀਆਂ ਤਕਨੀਕਾਂ ਅਤੇ ਉਪਕਰਣਾ ਨਾਲ ਉਤਪਾਦਨ ਕਰ ਰਿਹਾ ਹੈ ਜਿਸ ਕਰਕੇ ਕੁਸ਼ਲ ਕਾਮਿਆਂ ਦੀ ਲੋੜ ਦਿਨੋਂ ਦਿਨ ਵੱਧ ਰਹੀ ਹੈ। ਇਸ ਲੋੜ ਨੂੰ ਮੁੱਖ ਰੱਖਦੇ ਹੋਏ ਬੱਚਿਆਂ ਲਈ ਕਿੱਤਾ ਮੁੱਖੀ ਸਿਖਲਾਈ ਅਤੇ ਤਕਨੀਕੀ ਸਿੱਖਿਆ ਲੈਣਾ ਚੰਗੇ ਭਵਿੱਖ ਵੱਲ ਲੈਜਾਣ ਲਈ ਉਤੱਮ ਵਿਕਲਪ ਹੈ।

ਬਲਵਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਵਜ਼ੀਫਾ ਸਕੀਮ ਤਹਿਤ ਹੋਣਹਾਰ ਵਿਦਿਆਰਥੀਆਂ ਲਈ ਸਰਕਾਰੀ ਬਹੁ-ਤਕਨੀਕੀ ਕਾਲਜਾਂ ਦੀਆਂ ਫੀਸਾਂ ਵਿੱਚ ਵੀ ਭਾਰੀ ਕਟੌਤੀ ਕੀਤੀ ਗਈ ਹੈ। ਇਸ ਸਕੀਮ ਅਧੀਨ ਦੱਸਵੀਂ ਸ਼੍ਰੇਣੀ ਵਿੱਚ 60 ਫੀਸਦੀ ਤੋਂ ਜਿਆਦਾ ਨੰਬਰ ਲੈਣ ਵਾਲੇ ਵਿਦਿਆਰਥੀ ਨੂੰ ਕੋਰਸ ਦੌਰਾਨ 70 ਫੀਸਦੀ ਟਿਊਸ਼ਨ ਫੀਸ ਮੁਆਫ ਹੈ। ਇਸੇ ਤਰਾਂ 70 ਫੀਸਦੀ ਤੋਂ ਜਿਆਦਾ ਨੰਬਰ ਲੈਣ ਵਾਲੇ ਨੂੰ 80 ਫੀਸਦੀ, 80 ਫੀਸਦੀ ਤੋਂ ਜਿਆਦਾ ਨੰਬਰ ਲੈਣ ਵਾਲੇ ਨੂੰ 90 ਫੀਸਦੀ ਅਤੇ 90 ਫੀਸਦੀ ਤੋਂ ਜਿਆਦਾ ਨੰਬਰ ਲੈਣ ਵਾਲੇ ਵਿਦਿਆਰਥੀ ਨੂੰ ਪੂਰੀ ਟਿਊਸ਼ਨ ਫੀਸ ਦੀ ਮੁਆਫ਼ੀ ਦਾ ਲਾਭ ਦਿੱਤਾ ਜਾਂਦਾ ਹੈ। ਉਨਾਂ ਕਿਹਾ ਕਿ ਇਸ ਸਕੀਮ ਦਾ ਲਾਭ ਕਿਸੇ ਵੀ ਕੈਟਾਗਰੀ ਦਾ ਵਿਦਿਆਰਥੀ ਲੈ ਸਕਦਾ ਹੈ। ਇਸ ਸਕੀਮ ਤੋਂ ਇਲਾਵਾ ਅਨੁਸੂਚਿਤ ਜਾਤੀ ਦੇ ਵਿਦਿਆਰਥੀ ਜਿਨਾਂ ਦੀ ਸਲਾਨਾ ਪਰਿਵਾਰਕ ਆਮਦਨ 2.5 ਲੱਖ ਤੋਂ ਘੱਟ ਹੈ ਪਾਸੋਂ ਕੋਰਸ ਦੌਰਾਨ ਕੋਈ ਫੀਸ ਨਹੀ ਲਈ ਜਾਂਦੀ।

ਪ੍ਰਿੰਸੀਪਲ ਬਲਵਿੰਦਰ ਸਿੰਘ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਹੈ ਕਿ ਬਟਾਲਾ ਦੇ ਸਰਕਾਰੀ ਬਹੁ-ਤਕਨੀਕੀ ਕਾਲਜ ਵਿਖੇ ਵੱਖ-ਵੱਖ ਤਕਨੀਕੀ ਕੋਰਸਾਂ ਲਈ ਸਤੰਬਰ ਮਹੀਨੇ ਤੱਕ ਦਾਖਲਾ ਚੱਲ ਰਿਹਾ ਹੈ ਅਤੇ ਨੌਜਵਾਨਾਂ ਇਨਾਂ ਤਕਨੀਕਾਂ ਕੋਰਸਾਂ ਨੂੰ ਕਰਕੇ ਆਪਣੇ ਭਵਿੱਖ ਨੂੰ ਕਾਮਯਾਬ ਬਣਾ ਸਕਦੇ ਹਨ।

Leave a Reply

Your email address will not be published. Required fields are marked *