ਸਥਿਤੀ ਪੂਰੀ ਤਰਾਂ ਕਾਬੂ ਹੇਠ, ਕਿਸੇ ਨੂੰ ਘਬਰਾਉਣ ਦੀ ਲੋੜ ਨਹੀਂ – ਡਿਪਟੀ ਕਮਿਸ਼ਨਰ
ਗੁਰਦਾਸਪੁਰ, 17 ਅਗਸਤ (ਸਰਬਜੀਤ ਸਿੰਘ)– ਬੀਤੇ ਕੱਲ ਬਿਆਸ ਦਰਿਆ ਵਿੱਚ ਪਾਣੀ ਦਾ ਪੱਧਰ ਵੱਧਣ ਕਾਰਨ ਜਗਤਪੁਰਾ ਟਾਂਡਾ, ਭੈਣੀ ਪਸਵਾਲ ਦੇ ਉੱਪਰ ਦੇ ਇਲਾਕਿਆਂ ਵਿੱਚ ਧੁੱਸੀ ਬੰਨ ਵਿੱਚ ਪਾੜ ਪੈਣ ਕਰਕੇ ਨੀਵੇਂ ਇਲਾਕਿਆਂ ਅਤੇ ਪਿੰਡ ਚੀਚੀਆਂ ਚੋਰੀਆਂ, ਪੱਖੋਵਾਲ, ਦਾਊਵਾਲ, ਖੈਹਿਰਾ, ਦਲੇਰਪੁਰ, ਪਦਾਨਾ, ਛੀਨਾ ਬੇਟ, ਨਡਾਲਾ, ਜਗਤਪੁਰ ਕਲਾਂ, ਕੋਹਲੀਆਂ ਤੇ ਖਰੀਆਨ ਵਿੱਚ ਪਾਣੀ ਭਰ ਗਿਆ ਸੀ। ਇਸ ਤੋਂ ਪਹਿਲਾਂ ਕਿ ਹਾਲਾਤ ਵਿਗੜਦੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਅਗਾਹ ਕਰਕੇ ਕੱਲ ਤੋਂ ਹੀ ਬਚਾਅ ਤੇ ਰਾਹਤ ਕਾਰਜ ਸ਼ੁਰੂ ਕਰ ਦਿੱਤੇ ਸਨ।
ਕੱਲ ਦੁਪਹਿਰ ਤੋਂ ਬੀਤੀ ਦੇਰ ਰਾਤ ਤੱਕ ਅਤੇ ਅੱਜ ਤੜਕੇ ਸਵੇਰ ਤੋਂ ਹੀ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਪੁਰਾਣਾ ਸ਼ਾਲਾ, ਦਾਓਵਾਲ ਸਮੇਤ ਹੋਰ ਹੜ੍ਹ ਪ੍ਰਭਾਵਤ ਖੇਤਰਾਂ ਵਿੱਚ ਪੁਹੰਚ ਕੇ ਰਾਹਤ ਤੇ ਬਚਾਅ ਕਾਰਜਾਂ ਦੀ ਨਿਗਰਾਨੀ ਕਰ ਰਹੇ ਹਨ। ਜ਼ਿਲ੍ਹਾ ਪ੍ਰਸ਼ਾਸਨ, ਪੁਲਿਸ ਵਿਭਾਗ, ਐੱਨ.ਡੀ.ਆਰ.ਐੱਫ, ਭਾਰਤੀ ਫੌਜ ਅਤੇ ਬੀ.ਐੱਸ.ਐੱਫ ਦੀਆਂ ਟੀਮਾਂ ਵੱਲੋਂ ਹੜ੍ਹ ਪ੍ਰਭਾਵਤ ਖੇਤਰ ਵਿੱਚ ਸਾਂਝਾ ਬਚਾਅ ਅਭਿਆਨ ਚਲਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਥਾਵਾਂ `ਤੇ ਧੁੱਸੀ ਬੰਨ ਵਿੱਚ ਪਾੜ ਪਿਆ ਹੈ ਉਸ ਨੂੰ ਠੀਕ ਕਰਨ ਦੇ ਯਤਨ ਵੀ ਕੀਤੇ ਜਾ ਰਹੇ ਹਨ।
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਹੜ੍ਹਾਂ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਦਰਿਆ ਬਿਆਸ ਵਿੱਚ ਪਾਣੀ ਦਾ ਪੱਧਰ ਘੱਟ ਰਿਹਾ ਹੈ ਜਿਸ ਕਾਰਨ ਹੜ੍ਹਾਂ ਦੀ ਮਾਰ ਹੇਠ ਆਏ ਪਿੰਡਾਂ ਨੂੰ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਸਥਿਤੀ ਪੂਰੀ ਤਰ੍ਹਾਂ ਕੰਟਰੋਲ ਹੇਠ ਹੈ ਅਤੇ ਕਿਸੇ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੁਰਾਣਾ ਸ਼ਾਲਾ ਦੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਵਿੱਚ ਰਾਹਤ ਕੈਂਪ ਸਥਾਪਤ ਕੀਤਾ ਗਿਆ ਹੈ, ਜਿਥੇ ਮੈਡੀਕਲ, ਵੈਟਨਰੀ ਵਿਭਾਗਾਂ ਸਮੇਤ ਸਾਰੀਆਂ ਟੀਮਾਂ ਤਾਇਨਾਤ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਲੋੜ ਪੈਣ `ਤੇ ਹੈਲਪ ਲਾਈਨ ਨੰਬਰ 1800-180-1852 ਜਾਂ 112 ਨੰਬਰ `ਤੇ ਕਾਲ ਕੀਤੀ ਜਾ ਸਕਦੀ ਹੈ