ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਵਿਧਾਇਕ ਸ਼ੈਰੀ ਕਲਸੀ ਨੇ ਦੂਸਰੇ ਦਿਨ ਵੀ ਹੜ੍ਹ ਪੀੜ੍ਹਤਾਂ ਦੀ ਸਾਰ ਲਈ

ਗੁਰਦਾਸਪੁਰ

ਧੁੱਸੀ ਬੰਨ ਦੇ ਪਾੜ ਨੂੰ ਪੂਰੇ ਜਾਣ ਦਾ ਜਾਇਜਾ ਲਿਆ

ਕਿਹਾ, ਪੰਜਾਬ ਸਰਕਾਰ ਹੜ੍ਹ ਪੀੜਤਾਂ ਦੇ ਨਾਲ ਖੜ੍ਹੀ

ਗੁਰਦਾਸਪੁਰ, 18 ਅਗਸਤ (ਸਰਬਜੀਤ ਸਿੰਘ)– ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਹੜ੍ਹ ਪ੍ਰਭਾਵਤ ਖੇਤਰ ਦੇ ਲੋਕਾਂ ਨੂੰ ਕਿਹਾ ਹੈ ਕਿ ਉਹ ਇਸ ਔਖੀ ਘੜੀ ਵਿੱਚ ਬਿਲਕੁਲ ਨਾ ਘਬਰਾਉਣ, ਪੰਜਾਬ ਸਰਕਾਰ ਉਨ੍ਹਾਂ ਦੇ ਨਾਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਰਾਹਤ ਟੀਮਾਂ ਦਿਨ-ਰਾਤ ਬਚਾਅ ਕਾਰਜਾਂ ਵਿੱਚ ਲੱਗੀਆਂ ਹੋਈਆਂ ਹਨ ਅਤੇ ਜਿਥੇ-ਜਿਥੇ ਵੀ ਕਿਸੇ ਨੂੰ ਲੋੜ ਹੈ ਓਥੇ ਹੀ ਪਹੁੰਚ ਕੀਤੀ ਜਾ ਰਹੀ ਹੈ।

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅੱਜ ਸ਼ਾਮ ਨੂੰ ਵਿਧਾਇਕ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਐੱਸ.ਐੱਸ.ਪੀ. ਹਰੀਸ਼ ਦਾਯਮਾ, ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਤੇ ਹੋਰ ਅਧਿਕਾਰੀਆਂ ਨਾਲ ਪਿੰਡ ਜਗਤਪੁਰ ਟਾਂਡਾ ਵਿਖੇ ਧੁੱਸੀ ਬੰਨ ਵਿੱਚ ਪਏ ਪਾੜ ਨੂੰ ਭਰਨ ਦੇ ਚੱਲ ਰਹੇ ਕੰਮ ਦਾ ਜਾਇਜਾ ਲੈਣ ਪਹੁੰਚੇ ਹੋਏ ਸਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਦੇ ਸਹਿਯੋਗ ਨਾਲ ਇਸ ਬੰਨ ਨੂੰ ਭਰਨ ਦਾ ਕੰਮ ਜੰਗੀ ਪੱਧਰ `ਤੇ ਚੱਲ ਰਿਹਾ ਹੈ ਅਤੇ ਜਲਦੀ ਹੀ ਇਸ ਨੂੰ ਠੀਕ ਕਰ ਲਿਆ ਜਾਵੇਗਾ।

ਕੈਬਨਿਟ ਮੰਤਰੀ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਹੜ੍ਹ ਪੀੜਤਾਂ ਦੇ ਨਾਲ ਹੈ ਅਤੇ ਉਨ੍ਹਾਂ ਸਮੇਤ ਸਰਕਾਰ ਦਾ ਸਾਰਾ ਅਮਲਾ-ਫੈਲਾ ਰਾਹਤ ਕਾਰਜਾਂ ਵਿੱਚ ਲੱਗਾ ਹੋਇਆ ਹੈ। ਉਨ੍ਹਾਂ ਕਿਹਾ ਕਿ ਰੈਸਕਿਊ ਟੀਮਾਂ ਵੱਲੋਂ ਜਿਥੇ ਮਨੁੱਖਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਜਾ ਰਿਹਾ ਹੈ ਓਥੇ ਨਾਲ ਹੀ ਮਾਲ-ਡੰਗਰ ਦਾ ਖਿਆਲ ਵੀ ਰੱਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਸ਼ੂ ਪਾਲਣ ਵਿਭਾਗ ਦੀਆਂ ਵਿਸ਼ੇਸ਼ ਟੀਮਾਂ ਇਸ ਲਈ ਤਾਇਨਾਤ ਕੀਤੀਆਂ ਗਈਆਂ ਹਨ।

ਧਾਲੀਵਾਲ ਨੇ ਕਿਹਾ ਕਿ ਦਰਿਆ ਬਿਆਸ ਵਿੱਚ ਹੁਣ 80000 ਕਿਊਸਿਕ ਪਾਣੀ ਆ ਰਿਹਾ ਹੈ ਜਿਸ ਨਾਲ ਪਹਿਲਾਂ ਦੇ ਮੁਕਾਬਲੇ ਦਰਿਆ ਵਿੱਚ ਪਾਣੀ ਦਾ ਪੱਧਰ ਘਟਿਆ ਹੈ। ਉਨ੍ਹਾਂ ਕਿਹਾ ਹੜ੍ਹ ਪ੍ਰਭਾਵਤ ਇਲਾਕੇ ਵਿਚੋਂ ਵੀ ਪਾਣੀ ਘੱਟ ਰਿਹਾ ਹੈ ਜੋ ਕਿ ਰਾਹਤ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਜਲਦੀ ਹੀ ਹਾਲਾਤ ਆਮ ਵਾਂਗ ਹੋ ਜਾਣਗੇ।  

Leave a Reply

Your email address will not be published. Required fields are marked *