ਸੂਬੇ ‘ਚ ਸਿਹਤ ਪ੍ਰਣਾਲੀ ‘ਚ ਸੁਧਾਰ ਦੀ ਸਖ਼ਤ ਲੋੜ: ਵਿਰੋਧੀ ਧਿਰ ਦੇ ਆਗੂ
ਚੰਡੀਗੜ੍ਹ, ਗੁਰਦਾਸਪੁਰ, 28 ਅਗਸਤ (ਸਰਬਜੀਤ ਸਿੰਘ)– ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੂੰ ਸੂਬੇ ਵਿੱਚ ਹੋਰ ਆਮ ਆਦਮੀ ਕਲੀਨਿਕ ਖੋਲ੍ਹਣ ਦੀ ਬਜਾਏ ਮੌਜੂਦਾ ਸਿਹਤ ਸੰਭਾਲ ਪ੍ਰਣਾਲੀ ਨੂੰ ਮਜ਼ਬੂਤ ਕਰਨ ਵੱਲ ਪੂਰਾ ਧਿਆਨ ਦੇਣ ਦੀ ਅਪੀਲ ਕੀਤੀ ਹੈ।
ਉਨ੍ਹਾਂ ਕਿਹਾ ਕਿ ਹਾਲ ਹੀ ‘ਚ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋਇਆ ਸੀ, ਜਿਸ ‘ਚ ਇੱਕ ਮਾਂ ਨੂੰ ਡਾਕਟਰਾਂ ਜਾਂ ਹੋਰ ਮੈਡੀਕਲ ਸਟਾਫ਼ ਦੀ ਮਦਦ ਤੋਂ ਬਿਨਾਂ ਆਮ ਆਦਮੀ ਕਲੀਨਿਕ ‘ਚ ਇੱਕ ਬੱਚੀ ਨੂੰ ਜਨਮ ਦਿੰਦੇ ਹੋਏ ਦਿਖਾਇਆ ਗਿਆ ਸੀ। ਇਸੇ ਤਰਾਂ ਦੀ ਇੱਕ ਹੋਰ ਘਟਨਾ ਵਿਚ ਮੋਰਿੰਡਾ ਹਸਪਤਾਲ ਵਿਚ ਬਿਜਲੀ ਨਾ ਹੋਣ ਕਾਰਨ ਮੋਮਬੱਤੀ ਦੀ ਰੌਸ਼ਨੀ ਦੀ ਮਦਦ ਨਾਲ ਇੱਕ ਬੱਚੇ ਨੂੰ ਜਨਮ ਦਿੱਤਾ ਗਿਆ।
ਬਾਜਵਾ ਨੇ ਕਿਹਾ ਕਿ ਦੋਵਾਂ ਮਾਮਲਿਆਂ ਵਿੱਚ ਪੀੜਤ ਪਰਿਵਾਰ ਸਮਾਜ ਦੇ ਕਮਜ਼ੋਰ ਵਰਗਾਂ ਨਾਲ ਸਬੰਧਿਤ ਹਨ। ਅਜਿਹੀਆਂ ਭਿਆਨਕ ਘਟਨਾਵਾਂ ਸਾਬਤ ਕਰਦੀਆਂ ਹਨ ਕਿ ‘ਆਪ’ ਸਰਕਾਰ ਗ਼ਰੀਬ ਲੋਕਾਂ ਨਾਲ ਸਬੰਧਿਤ ਲੋਕਾਂ ਦੀਆਂ ਮੁਸ਼ਕਲਾਂ ਪ੍ਰਤੀ ਗ਼ੈਰ-ਸੰਵੇਦਨਸ਼ੀਲ ਹੋ ਗਈ ਹੈ।
ਉਨ੍ਹਾਂ ਕਿਹਾ ਕਿ ਸੂਬੇ ‘ਚ ਹਾਲ ਹੀ ‘ਚ ਆਏ ਹੜ੍ਹਾਂ ਤੋਂ ਬਾਅਦ ਹੜ੍ਹ ਪੀੜਤ ‘ਆਪ’ ਸਰਕਾਰ ਦੇ ਬਹੁਚਰਚਿਤ ਮੁਹੱਲਾ ਕਲੀਨਿਕ ਅਤੇ ਆਮ ਆਦਮੀ ਕਲੀਨਿਕ ਪ੍ਰੋਗਰਾਮਾਂ ਤਹਿਤ ਮੈਡੀਕਲ ਸਹੂਲਤਾਂ ਤੋਂ ਵਾਂਝੇ ਰਹਿ ਗਏ ਹਨ। ਬਾਜਵਾ ਨੇ ਕਿਹਾ ਕਿ ਸਰਕਾਰ ਇਸ ਬਾਰੇ ਪੰਜਾਬ ਦੇ ਲੋਕਾਂ ਪ੍ਰਤੀ ਜਵਾਬਦੇਹ ਹੈ।
ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਮੌਜੂਦਾ ਸਿਹਤ ਸੰਭਾਲ ਪ੍ਰਣਾਲੀ ਨੂੰ ਮਜ਼ਬੂਤ ਕਰਨ ਅਤੇ ਮਾਹਿਰ ਡਾਕਟਰਾਂ, ਨਰਸਾਂ ਅਤੇ ਪੈਰਾ ਮੈਡੀਕਲ ਸਟਾਫ਼ ਦੀ ਭਰਤੀ ਕਰਨ ਦੀ ਬਜਾਏ ‘ਆਪ’ ਸਰਕਾਰ ਸੂਬੇ ਵਿੱਚ ਦਿੱਲੀ ਦੇ ਖ਼ਰਾਬ ਸਿਹਤ ਮਾਡਲ ਨੂੰ ਦੁਹਰਾਉਣ ‘ਤੇ ਤੁਲੀ ਹੋਈ ਹੈ।
ਇੱਕ ਖ਼ਬਰ ਦਾ ਹਵਾਲਾ ਦਿੰਦਿਆਂ ਬਾਜਵਾ ਨੇ ਕਿਹਾ ਕਿ ਪੰਜਾਬ ਦੀ ‘ਆਪ’ ਸਰਕਾਰ 125 ਹੋਰ ਆਮ ਆਦਮੀ ਕਲੀਨਿਕ ਸ਼ੁਰੂ ਕਰਨ ਜਾ ਰਹੀ ਹੈ, ਜਿਨ੍ਹਾਂ ਵਿਚੋਂ 85 ਫ਼ੀਸਦੀ ਸ਼ਹਿਰੀ ਖੇਤਰਾਂ ਵਿਚ ਸਥਾਪਤ ਕੀਤੇ ਜਾ ਰਹੇ ਹਨ।
ਬਾਜਵਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਦੱਸਣਾ ਚਾਹੀਦਾ ਹੈ ਕਿ ਕੀ ਉਨ੍ਹਾਂ ਦੀ ਸਰਕਾਰ ਆਉਣ ਵਾਲੇ ਆਮ ਆਦਮੀ ਕਲੀਨਿਕਾਂ ਲਈ ਹੋਰ ਸਟਾਫ਼ ਦੀ ਭਰਤੀ ਕਰੇਗੀ ਜਾਂ ਪਹਿਲਾਂ ਦੀ ਤਰਾਂ ਉਨ੍ਹਾਂ ਦੀ ਸਰਕਾਰ ਸਿਹਤ ਕੇਂਦਰਾਂ ਅਤੇ ਡਿਸਪੈਂਸਰੀਆਂ ਦੀਆਂ ਪੁਰਾਣੀਆਂ ਇਮਾਰਤਾਂ ਦਾ ਨਵੀਨੀਕਰਨ ਕਰੇਗੀ ਤਾਂ ਜੋ ਉਨ੍ਹਾਂ ਦਾ ਨਾਮ ਉਨ੍ਹਾਂ ਦੀ ਪਾਰਟੀ ਦੇ ਨਾਂ ‘ਤੇ ਰੱਖਿਆ ਜਾ ਸਕੇ।
ਵਿਰੋਧੀ ਧਿਰ ਦੇ ਆਗੂ ਨੇ ਕਿਹਾ ਕਿ ਸੂਬੇ ਦੇ ਸਰਕਾਰੀ ਹਸਪਤਾਲਾਂ ਵਿੱਚ ਪਹਿਲਾਂ ਹੀ ਜ਼ਰੂਰੀ ਦਵਾਈਆਂ ਖ਼ਤਮ ਹੋ ਚੁੱਕੀਆਂ ਹਨ ਅਤੇ ਹੈਪੇਟਾਈਟਸ ਸੀ ਦੇ ਮਰੀਜ਼ ਆਪਣੀਆਂ ਮੁਫ਼ਤ ਦਵਾਈਆਂ ਲੈਣ ਲਈ ਭਟਕ ਰਹੇ ਹਨ। ਮੁਹੱਲਾ ਕਲੀਨਿਕਾਂ ਵਿੱਚ ਤਬਦੀਲ ਕੀਤੇ ਗਏ ਡਾਕਟਰਾਂ ਅਤੇ ਹੋਰ ਸਟਾਫ਼ ਨੂੰ ਉਨ੍ਹਾਂ ਦੇ ਮੂਲ ਸਥਾਨ ‘ਤੇ ਵਾਪਸ ਭੇਜਿਆ ਜਾ ਰਿਹਾ ਹੈ। ਇਸ ਦੌਰਾਨ ਆਮ ਆਦਮੀ ਕਲੀਨਿਕਾਂ ਅਤੇ ਮੁਹੱਲਾ ਕਲੀਨਿਕਾਂ ਵਿੱਚ ਬੁਨਿਆਦੀ ਢਾਂਚੇ ਦੀ ਭਾਰੀ ਘਾਟ ਹੈ।
ਬਾਜਵਾ ਨੇ ਕਿਹਾ ਕਿ ਆਮ ਆਦਮੀ ਕਲੀਨਿਕਾਂ ‘ਤੇ ਪੰਜਾਬ ਦੇ ਮੁੱਖ ਮੰਤਰੀ ਦੀਆਂ ਤਸਵੀਰਾਂ ਕਾਰਨ ਕੇਂਦਰੀ ਸਿਹਤ ਮੰਤਰੀ ਨੇ ਪਹਿਲਾਂ ਹੀ ਰਾਸ਼ਟਰੀ ਸਿਹਤ ਮਿਸ਼ਨ ਤਹਿਤ ਫ਼ੰਡ ਜਾਰੀ ਕਰਨਾ ਬੰਦ ਕਰ ਦਿੱਤਾ ਹੈ, ਜਿਸ ਨਾਲ ਸਰਕਾਰੀ ਖ਼ਜ਼ਾਨੇ ‘ਤੇ ਬੋਝ ਵਧ ਗਿਆ ਹੈ।


