ਚੇਅਰਮੈਨ ਰਮਨ ਬਹਿਲ ਦੀ ਅਗਵਾਈ ਹੇਠ ਸਿਹਤ ਵਿਭਾਗ ਵੱਲੋਂ ਗੀਤਾ ਭਵਨ ਵਿਖੇ ਲਗਾਇਆ ਗਿਆ ਮੁਫ਼ਤ ਮੈਡੀਕਲ ਕੈਂਪ

ਗੁਰਦਾਸਪੁਰ

ਕੈਂਪ ਦੌਰਾਨ ਮਰੀਜ਼ਾਂ ਦਾ ਮੈਡੀਕਲ ਚੈੱਕਅਪ, ਮੁਫ਼ਤ ਟੈਸਟ ਅਤੇ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ

ਸਿਹਤ ਵਿਭਾਗ ਸੂਬਾ ਵਾਸੀਆਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ – ਚੇਅਰਮੈਨ ਰਮਨ ਬਹਿਲ

ਗੁਰਦਾਸਪੁਰ, 29 ਅਗਸਤ (ਸਰਬਜੀਤ ਸਿੰਘ)– ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਦੇ ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਵੱਲੋਂ ਅੱਜ ਗੀਤਾ ਭਵਨ ਗੁਰਦਾਸਪੁਰ ਵਿਖੇ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ। ਚੇਅਰਮੈਨ ਰਮਨ ਬਹਿਲ, ਸਿਵਲ ਸਰਜਨ ਡਾ. ਹਰਭਜਨ ਰਾਮ ਮਾਂਡੀ, ਡੀ.ਐੱਮ.ਸੀ. ਡਾ. ਰੋਮੀ ਰਾਜਾ ਨੇ ਇਸ ਕੈਂਪ ਵਿੱਚ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ। ਇਸ ਮੈਡੀਕਲ ਕੈਂਪ ਦੌਰਾਨ ਸਿਹਤ ਵਿਭਾਗ ਦੇ ਮਾਹਿਰ ਡਾਕਟਰਾਂ ਵੱਲੋਂ ਮਰੀਜ਼ਾਂ ਦਾ ਮੁਆਇਨਾ ਕੀਤਾ ਗਿਆ ਅਤੇ ਮਰੀਜ਼ਾਂ ਦੇ ਮੁਫ਼ਤ ਟੈਸਟ ਕਰਨ ਦੇ ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਗਈਆਂ। ਇਸਦੇ ਨਾਲ ਹੀ ਡਾਕਟਰ ਸਾਹਿਬਾਨ ਵੱਲੋਂ ਲੋਕਾਂ ਨੂੰ ਬਿਮਾਰੀਆਂ ਤੋਂ ਬਚਣ ਲਈ ਜਾਗਰੂਕ ਵੀ ਕੀਤਾ ਗਿਆ।

ਇਸ ਮੌਕੇ ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਬਰਸਾਤ ਅਤੇ ਹੜ੍ਹਾਂ ਤੋ ਬਾਅਦ ਪ੍ਰਭਾਵਤ ਖੇਤਰ ਵਿੱਚ ਡੇਂਗੂ, ਮਲੇਰੀਆ ਅਤੇ ਅਲਰਜੀ ਦੀਆਂ ਬੀਮਾਰੀਆਂ ਵੱਧ ਰਹੀਆਂ ਹਨ, ਜਿਸਦੀ ਰੋਕਥਾਮ ਲਈ ਸਿਹਤ ਵਿਭਾਗ ਵੱਲੋਂ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਗੀਤਾ ਭਵਨ ਇਲਾਕੇ ਵਿੱਚ ਡੇਂਗੂ ਤੇ ਮਲੇਰੀਏ ਦੇ ਕੁਝ ਕੇਸ ਸਾਹਮਣੇ ਆਏ ਹਨ ਜਿਸ ਤੋਂ ਬਾਅਦ ਲੋਕਾਂ ਦੀ ਸਿਹਤ ਨੂੰ ਮੱੂਖ ਰੱਖਦੇ ਹੋਏ ਇਥੇ ਮੈਡੀਕਲ ਕੈਂਪ ਲਗਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਪਿੰਡਾਂ ਅਤੇ ਸ਼ਹਿਰਾਂ ਵਿੱਚ ਮੱਛਰਾਂ ਦੀ ਰੋਕਥਾਮ ਲਈ ਫੌਗਿੰਗ ਅਤੇ ਸਪਰੇਅ ਕਰਵਾਈ ਜਾ ਰਹੀ ਹੈ। ਸਾਫ਼ ਪਾਣੀ ਲਈ ਘਰ-ਘਰ ਕਲੋਰੀਨ ਦੀਆਂ ਗੋਲੀਆਂ ਵੰਡੀਆਂ ਜਾ ਰਹੀਆਂ ਹਨ। ਇਸਦੇ ਨਾਲ ਹੀ ਹੜ੍ਹ ਪ੍ਰਭਾਵਤ ਖੇਤਰ ਵਿੱਚ ਸਿਹਤ ਵਿਭਾਗ ਵੱਲੋਂ ਵਿਸ਼ੇਸ਼ ਮੈਡੀਕਲ ਕੈਂਪ ਲਗਾਉਣ ਦੇ ਨਾਲ ਸਿਹਤ ਅਮਲੇ ਵੱਲੋਂ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਸੂਬਾ ਵਾਸੀਆਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ ਹੈ।

ਕੈਂਪ ਦੌਰਾਨ ਹਾਜ਼ਰ ਲੋਕਾਂ ਨੂੰ ਜਾਗਰੂਕ ਕਰਦਿਆਂ ਸਿਵਲ ਸਰਜਨ ਡਾ. ਹਰਭਜਨ ਰਾਮ ਮਾਂਡੀ ਨੇ ਕਿਹਾ ਕਿ ਚੇਅਰਮੈਨ ਸ੍ਰੀ ਰਮਨ ਬਹਿਲ ਦੀ ਅਗਵਾਈ ਹੇਠ ਸਿਹਤ ਵਿਭਾਗ ਦੀ ਟੀਮ ਹਰ ਤਰ੍ਹਾਂ ਦੀ ਮੈਡੀਕਲ ਸਹਾਇਤਾ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਜ਼ਿਲ੍ਹਾ ਅਤੇ ਬਲਾਕ ਪੱਧਰ ’ਤੇ ਵਿਸ਼ੇਸ਼ ਮੈਡੀਕਲ ਟੀਮਾਂ ਦਾ ਗਠਨ ਕੀਤਾ ਗਿਆ ਹੈ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੀਣ ਲਈ ਸਿਰਫ ਸਾਫ਼ ਪਾਣੀ ਦੀ ਵਰਤੋਂ ਹੀ ਕਰਨ। ਪੀਣ ਵਾਲੇ ਪਾਣੀ ਨੂੰ ਉਬਾਲ ਕੇ, ਠੰਡਾ ਕਰਕੇ ਵਰਤਿਆ ਜਾਵੇ ਅਤੇ ਸਮੇਂ-ਸਮੇਂ ’ਤੇ ਸਾਬਣ ਅਤੇ ਪਾਣੀ ਨਾਲ ਹੱਥ ਧੋਏ ਜਾਣ। ਉਨ੍ਹਾਂ ਕਿਹਾ ਕਿ ਦੂਸ਼ਿਤ ਪਾਣੀ ਨਾਲ ਚਮੜੀ ਤੇ ਬੈਕਟੀਰੀਅਲ ਇਨਫੈਕਸ਼ਨ ਹੋ ਸਕਦੀ ਹੈ ਇਸ ਲਈ ਚਮੜੀ ਦੀ ਲਾਗ ਨੂੰ ਰੋਕਣ ਲਈ ਰਬੜ ਦੇ ਬੂਟ ਅਤੇ ਪੂਰੀਆਂ ਬਾਹਾਂ ਵਾਲੇ ਕੱਪੜੇ ਪਹਿਨੇ ਜਾਣ। ਉਨ੍ਹਾਂ ਕਿਹਾ ਕਿ ਇਸ ਮੌਸਮ ਦੌਰਾਨ ਜੇਕਰ ਕਿਸੇ ਨੂੰ ਬੁਖਾਰ ਜਾਂ ਦਸਤ ਦੀ ਸਮੱਸਿਆ ਆਉਂਦੀ ਹੈ ਤਾਂ ਤੁਰੰਤ ਨੇੜੇ ਦੀ ਸਿਹਤ ਸੰਸਥਾ ਨਾਲ ਸੰਪਰਕ ਕੀਤਾ ਜਾਵੇ।    

Leave a Reply

Your email address will not be published. Required fields are marked *