ਹਾਟ ਸਪਾਟ ਪਿੰਡਾਂ ਵਿਚ ਪਰਾਲੀ ਨੂੰ ਅੱਗ ਲਗਾਉਣ ’ਤੇ ਪੂਰਨ ਰੋਕ ਲਗਾਉਣ ਵਾਲੇ ਪਿੰਡਾਂ ਨੂੰ 1 ਲੱਖ ਰੁਪਏ ਦੀ ਦਿੱਤੀ ਜਾਵੇਗੀ ਵਿਸ਼ੇਸ਼ ਗ੍ਰਾਂਟ
ਪਰਾਲੀ ਦੀ ਅੱਗ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਹੁਣ ਤੋਂ ਕਰਮ-ਕੱਸੇ ਕੀਤੇ
ਗੁਰਦਾਸਪੁਰ, 6 ਸਤੰਬਰ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਐਲਾਨ ਕੀਤਾ ਹੈ ਕਿ ਜ਼ਿਲ੍ਹੇ ਦੇ ਹਾਟ-ਸਪਾਟ ਪਿੰਡਾਂ ਵਿੱਚ ਜਿਹੜੇ ਕਿਸਾਨ ਇਸ ਵਾਰ ਪਰਾਲੀ ਨੂੰ ਅੱਗ ਨਹੀਂ ਲਗਾਉਣਗੇ ਉਨ੍ਹਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ‘ਵਾਤਾਵਰਨ ਦੇ ਰਾਖੇ’ ਐਵਾਰਡ ਨਾਲ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਜਾਵੇਗਾ। ਇਸਦੇ ਨਾਲ ਹੀ ਜ਼ਿਲ੍ਹੇ ਦੇ 55 ਹਾਟ-ਸਪਾਟ ਪਿੰਡਾਂ ਵਿੱਚੋਂ ਜਿਹੜੇ ਪਿੰਡ ਵਿੱਚ ਪਰਾਲੀ ਨੂੰ ਅੱਗ ਲੱਗਣ ਦੀ ਇੱਕ ਵੀ ਘਟਨਾ ਨਹੀਂ ਹੋਵੇਗੀ ਉਸ ਪਿੰਡ ਨੂੰ ਇੱਕ ਲੱਖ ਰੁਪਏ ਦੀ ਵਿਸ਼ੇਸ਼ ਗ੍ਰਾਂਟ ਦੇਣ ਦੇ ਨਾਲ ਉਸ ਪਿੰਡ ਦੇ ਸਰਬਪੱਖੀ ਵਿਕਾਸ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ।
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅੱਜ ਸਥਾਨਕ ਪੰਚਾਇਤ ਭਵਨ ਵਿਖੇ ਫਸਲੀ ਰਹਿੰਦ-ਖੂੰਹਦ ਦੇ ਨਿਪਟਾਰੇ ਸਬੰਧੀ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਇਸ ਵਾਰ ਜ਼ਿਲ੍ਹੇ ਨੂੰ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਤੋਂ ਪੂਰੀ ਤਰ੍ਹਾਂ ਮੁਕਤ ਕੀਤਾ ਜਾਵੇਗਾ। ਇਸ ਸਬੰਧੀ ਉਨ੍ਹਾਂ ਹੁਣ ਤੋਂ ਹੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਸਟੱਬਲ ਬਰਨਿੰਗ ਨੂੰ ਰੋਕਣ ਲਈ ਡਿਊਟੀਆਂ ਲਗਾ ਦਿੱਤੀਆਂ ਹਨ। ਉਨ੍ਹਾਂ ਹਦਾਇਤ ਕੀਤੀ ਕਿ ਹਰ ਅਧਿਕਾਰੀ ਅਤੇ ਕਰਮਚਾਰੀ ਆਪਣੇ ਨਿਰਧਾਰਤ ਖੇਤਰ ਵਿੱਚ ਪਰਾਲੀ ਦੀ ਅੱਗ ਨੂੰ ਰੋਕਣ ਲਈ ਪੂਰੀ ਤਰ੍ਹਾਂ ਜਿੰਮੇਵਾਰ ਹੋਵੇਗਾ ਅਤੇ ਜੇਕਰ ਕਿਸੇ ਕਰਮਚਾਰੀ ਨੇ ਆਪਣੀ ਡਿਊਟੀ ਵਿੱਚ ਕੋਈ ਅਣਗਹਿਲੀ ਜਾਂ ਕੁਤਾਹੀ ਕੀਤੀ ਤਾਂ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੇਕਰ ਕਿਸੇ ਸਰਕਾਰੀ ਮੁਲਾਜ਼ਮ ਨੇ ਆਪਣੇ ਖੇਤਾਂ ਵਿੱਚ ਪਰਾਲੀ ਨੂੰ ਅੱਗ ਲਗਾਈ ਤਾਂ ਉਸ ਖਿਲਾਫ ਵੀ ਕਾਰਵਾਈ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਲੋੜੀਂਦੀ ਮਾਤਰਾ ਵਿੱਚ ਪਰਾਲੀ ਪ੍ਰਬੰਧਨ ਦੇ ਖੇਤੀ ਸੰਦ ਮੌਜੂਦ ਹਨ। ਇਸਤੋਂ ਇਲਾਵਾ ਹਰ ਬਲਾਕ ਵਿੱਚ ਦੋ-ਦੋ ਸੁਪਰਸੀਡਰ ਦਿੱਤੇ ਗਏ ਹਨ ਤਾਂ ਜੋ ਕੋਈ ਵੀ ਕਿਸਾਨ ਇਨ੍ਹਾਂ ਸੰਦਾਂ ਦੀ ਮਦਦ ਨਾਲ ਪਰਾਲੀ ਨੂੰ ਸੰਭਾਲ ਸਕੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਕਿਸਾਨ ਨੇ ਖੇਤੀ ਮਸ਼ੀਨਰੀ ਹੋਣ ਦੇ ਬਾਵਜੂਦ ਵੀ ਪਰਾਲੀ ਨੂੰ ਅੱਗ ਲਗਾਈ ਤਾਂ ਉਨ੍ਹਾਂ ਖਿਲਾਫ ਵੀ ਐਕਸ਼ਨ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਰਾਲੀ ਨੂੰ ਅੱਗ ਨਾ ਲਗਾਉਣ ਬਾਰੇ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ। ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਪਰਾਲੀ ਨੂੰ ਅੱਗ ਲਗਾਉਣ ਦੀਆਂ ਹਾਨੀਆਂ ਬਾਰੇ ਦੱਸਿਆ ਜਾਵੇਗਾ ਤਾਂ ਜੋ ਉਹ ਆਪਣੇ ਮਾਪਿਆਂ ਨੂੰ ਇਸ ਬਾਰੇ ਦੱਸ ਸਕਣ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਵਡੇਰੇ ਮਾਨਵੀ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਸ ਵਾਰ ਪਰਾਲੀ ਨੂੰ ਅੱਗ ਬਿਲਕੁਲ ਨਾ ਲਗਾਉਣ। ਉਨ੍ਹਾਂ ਕਿਹਾ ਕਿ ਪਰਾਲੀ ਪ੍ਰਬੰਧਨ ਸਬੰਧੀ ਕਿਸੇ ਵੀ ਜਾਣਕਾਰੀ ਸਬੰਧੀ ਖੇਤੀਬਾੜੀ ਵਿਭਾਗ ਨਾਲ ਰਾਬਤਾ ਕੀਤਾ ਜਾ ਸਕਦਾ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਵਿੰਦਰਪਾਲ ਸਿੰਘ ਸੰਧੂ, ਐੱਸ.ਡੀ.ਐੱਮ. ਦੀਨਾਨਗਰ ਅਰਵਿੰਦ ਕੁਮਾਰ, ਮੁੱਖ ਖੇਤੀਬਾੜੀ ਅਫ਼ਸਰ ਡਾ. ਕ੍ਰਿਪਾਲ ਸਿੰਘ ਢਿਲੋਂ, ਡੀ.ਡੀ.ਪੀ.ਓ. ਸਤੀਸ਼ ਕੁਮਾਰ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।