‘ਪੋਸ਼ਣ ਮਾਹ’ ਅਭਿਆਨ ਦੌਰਾਨ ਮਾਪਿਆਂ ਨੂੰ ਬੱਚਿਆਂ ਦੀ ਸੰਤੁਲਤ ਖੁਰਾਕ ਬਾਰੇ ਦੱਸਿਆ ਜਾਵੇ
ਗੁਰਦਾਸਪੁਰ, 7 ਸਤੰਬਰ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅਧਿਕਾਰੀਆਂ ਨੂੰ ਜ਼ਿਲ੍ਹੇ ਵਿੱਚ ਲਿੰਗ ਅਨੁਪਾਤ ਦੀ ਸਥਿਤੀ ਵਿੱਚ ਸੁਧਾਰ ਲਿਆਉਣ ਦੀਆਂ ਹਦਾਇਤਾਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਕੰਨਿਆ ਭਰੂਣ ਹੱਤਿਆ ਦਾ ਇੱਕ ਵੀ ਮਾਮਲਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਅਜਿਹਾ ਅਣ-ਮਨੁੱਖੀ ਕਾਰਾ ਕਰਨ ਵਾਲਿਆਂ ਖ਼ਿਲਾਫ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅੱਜ ਸਥਾਨਕ ਪੰਚਾਇਤ ਭਵਨ ਵਿਖੇ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਕਰ ਰਹੇ ਸਨ। ਮੀਟਿੰਗ ਦੌਰਾਨ ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਜ਼ਿਲ੍ਹੇ ਵਿੱਚ ਚੱਲ ਰਹੇ ਅਲਟਰਾ ਸਾਊਂਡ ਸਕੈਨਿੰਗ ਸੈਂਟਰਾਂ ਉੱਪਰ ਖਾਸ ਨਜ਼ਰ ਰੱਖੀ ਜਾਵੇ ਅਤੇ ਸਮੇਂ-ਸਮੇਂ ਇਨ੍ਹਾਂ ਦੀ ਅਚਨਚੇਤ ਚੈਕਿੰਗ ਵੀ ਕੀਤੀ ਜਾਵੇ ਤਾਂ ਜੋ ਕੋਈ ਵਿਅਕਤੀ ਲਿੰਗ ਨਿਰਧਾਰਨ ਟੈਸਟ ਨਾ ਕਰ ਸਕੇ ਨਾ ਕਰਵਾ ਸਕੇ। ਇਸਦੇ ਨਾਲ ਹੀ ਸਮਾਜ ਵਿੱਚ ਲੜਕੇ ਅਤੇ ਲੜਕੀਆਂ ਦੇ ਪਾੜੇ ਨੂੰ ਖਤਮ ਕਰਨ ਲਈ ਵਿਸ਼ੇਸ਼ ਜਾਗਰੂਕਤਾ ਮੁਹਿੰਮ ਵੀ ਚਲਾਈ ਜਾਵੇ।
ਉਨ੍ਹਾਂ ਕਿਹਾ ਕਿ ਸਤੰਬਰ ਮਹੀਨੇ ਦੌਰਾਨ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਮਨਾਏ ਜਾ ਰਹੇ ‘ਪੋਸ਼ਣ ਮਾਹ’ ਅਭਿਆਨ ਦੌਰਾਨ ਮਾਪਿਆਂ ਨੂੰ ਬੱਚਿਆਂ ਦੀ ਸੰਤੁਲਤ ਖੁਰਾਕ ਬਾਰੇ ਦੱਸਿਆ ਜਾਵੇ ਅਤੇ ਨਾਲ ਮਾਂ ਦੇ ਦੁੱਧ ਦੀ ਮਹੱਤਤਾ ਅਤੇ ਮੂਲ ਅਨਾਜ਼ਾਂ ਦੀ ਖੁਰਾਕ ਦੇ ਗੁਣਾਂ ਬਾਰੇ ਵੀ ਜਾਗਰੂਕ ਕੀਤਾ ਜਾਵੇ। ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਥਾਪਤ ਕੀਤੇ ਗਏ ਪੰਗੂੜੇ ਬਾਰੇ ਵੀ ਚਰਚਾ ਕੀਤੀ ਗਈ। ਉਨ੍ਹਾਂ ਕਿਹਾ ਕਿ ਬਟਾਲਾ ਵਿਚ ਸਿਵਲ ਹਸਪਤਾਲ ਦੇ ਬਾਹਰ ਪੰਗੂੜੇ ਦੀ ਹਾਲਤ ਵੀ ਸੁਧਾਰੀ ਜਾਵੇਗੀ। ਇਸ ਮੌਕੇ ਆਂਗਨਵਾੜੀ ਕੇਂਦਰਾਂ, ਨਾਰੀ ਸ਼ਕਤੀ ਕੇਂਦਰ, ਮਹਿਲਾ ਹੈਲਪ ਡੈਸਕ, ਬਾਲ ਭਿੱਖਿਆ ਨੂੰ ਰੋਕਣ ਵਰਗੇ ਮੁੱਦਿਆਂ ਉੱਪਰ ਵੀ ਵਿਚਾਰ ਚਰਚਾ ਕੀਤੀ ਗਈ।
ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮੈਡਮ ਸੁਮਨਦੀਪ ਕੌਰ, ਡੀ.ਡੀ.ਪੀ.ਓ. ਸ੍ਰੀ ਸਤੀਸ਼ ਕੁਮਾਰ, ਜ਼ਿਲ੍ਹਾ ਨਿਆਂ ਅਤੇ ਅਧਿਕਾਰਤਾ ਅਫ਼ਸਰ ਸ. ਸੁਖਵਿੰਦਰ ਸਿੰਘ, ਐੱਸ.ਡੀ.ਓ. ਲਵਪ੍ਰੀਤ ਸਿੰਘ, ਐੱਸ.ਡੀ.ਓ. ਵਾਟਰ ਸਪਲਾਈ ਸ੍ਰੀ ਸਾਹਿਲ, ਸਕਿੱਲ ਡਿਵੈਲਪਮੈਂਟ ਵਿਭਾਗ ਤੋਂ ਚਾਂਦ ਠਾਕੁਰ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।