ਪੰਜਾਬ ਸਰਕਾਰ ਵੱਲੋਂ ਸਿਹਤ ਬੀਮਾਂ ਕਾਰਡ ਬਣਾਉਣ ਲਈ ਲਗਾਏ ਜਾ ਰਹੇ ਹਨ ਵਿਸ਼ੇਸ਼ ਕੈਂਪ
ਗੁਰਦਾਸਪੁਰ, 18 ਸਤੰਬਰ (ਸਰਬਜੀਤ ਸਿੰਘ)– ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਸਟੇਟ ਹੈਲਥ ਏਜੰਸੀ ਵੱਲੋਂ 17 ਸਤੰਬਰ ਤੋਂ 2 ਅਕਤੂਬਰ ਤੱਕ ਵਿਸ਼ੇਸ਼ ਮੁਹਿੰਮ ‘ਆਯੂਸ਼ਮਾਨ ਆਪਕੇ ਦੁਆਰ’ ਸ਼ੁਰੂ ਕੀਤੀ ਗਈ ਹੈ, ਜਿਸ ਦੇ ਤਹਿਤ ਯੋਗ ਲਾਭਪਾਤਰੀਆਂ ਨੂੰ ਆਯੁਸ਼ਮਾਨ ਭਾਰਤ-ਮੁਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਈ-ਕਾਰਡ ਜਾਰੀ ਕਰਨ ਲਈ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ।
ਇਸ ਪ੍ਰਮੁੱਖ ਬੀਮਾ ਯੋਜਨਾ ਦੀ ਮਹੱਤਤਾ ਨੂੰ ਉਜਾਗਰ ਕਰਦਿਆਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਇਹ ਸਕੀਮ ਸੂਬੇ ਭਰ ਦੇ 800 ਤੋਂ ਵੱਧ ਸਰਕਾਰੀ ਅਤੇ ਪ੍ਰਾਈਵੇਟ ਸੂਚੀਬੱਧ ਹਸਪਤਾਲਾਂ ਵਿੱਚ ਹਰੇਕ ਪਰਿਵਾਰ ਲਈ ਪ੍ਰਤੀ ਸਾਲ 5 ਲੱਖ ਰੁਪਏ ਤੱਕ ਦੇ ਨਗਦੀ ਰਹਿਤ ਇਲਾਜ ਦੀ ਸਹੂਲਤ ਪ੍ਰਦਾਨ ਕਰਦੀ ਹੈ। ਉਨਾਂ ਅੱਗੇ ਕਿਹਾ ਕਿ ਇਸ ਸਕੀਮ ਤਹਿਤ ਲਗਭਗ 1600 ਕਿਸਮਾਂ ਦੇ ਇਲਾਜ ਕਰਵਾਏ ਜਾ ਸਕਦੇ ਹਨ, ਜਿਸ ਵਿੱਚ ਗੋਡੇ ਬਦਲਣ, ਦਿਲ ਦੀ ਸਰਜਰੀ, ਕੈਂਸਰ ਦੇ ਇਲਾਜ ਆਦਿ ਸ਼ਾਮਲ ਹਨ।
ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਇਸ ਵਿਸ਼ੇਸ਼ ਪੰਦਰਵਾੜਾ ਮੁਹਿੰਮ ਤਹਿਤ ਵਿਭਾਗ ਵੱਲੋਂ ਸਾਰੇ ਜ਼ਿਲ੍ਹਿਆਂ ਅਤੇ ਬਲਾਕਾਂ ਵਿੱਚ ਵਿਸ਼ੇਸ਼ ਕੈਂਪ ਲਗਾਏ ਜਾਣਗੇ ਤਾਂ ਜੋ ਯੋਗ ਲਾਭਪਾਤਰੀ ਮੁਫ਼ਤ ਸਿਹਤ ਬੀਮਾ ਕਵਰੇਜ ਦਾ ਲਾਭ ਆਸਾਨੀ ਨਾਲ ਪ੍ਰਾਪਤ ਕਰ ਸਕਣ। ਉਨ੍ਹਾਂ ਦੱਸਿਆ ਕਿ ਸੂਬੇ ਭਰ ਵਿੱਚ ਪਿੰਡ/ਵਾਰਡ ਪੱਧਰ ’ਤੇ ਈ-ਕਾਰਡ ਬਣਾਉਣ ਲਈ 7000 ਤੋਂ ਵੱਧ ਕਾਮਨ ਸਰਵਿਸ ਸੈਂਟਰ ਕਾਰਜਸ਼ੀਲ ਹਨ। ਯੋਗ ਲਾਭਪਾਤਰੀ ਕਾਰਡ ਬਣਾਉਣ ਲਈ ਆਪਣੇ ਨੇੜਲੇ ਕਾਮਨ ਸਰਵਿਸ ਸੈਂਟਰ ’ਤੇ ਵੀ ਜਾ ਸਕਦੇ ਹਨ।
ਰਮਨ ਬਹਿਲ ਨੇ ਅੱਗੇ ਦੱਸਿਆ ਕਿ ਹੁਣ ਲਾਭਪਾਤਰੀ ਨੈਸ਼ਨਲ ਹੈਲਥ ਅਥਾਰਟੀ ਵੱਲੋਂ ਤਿਆਰ ਕੀਤੀ ਗਈ ‘ਆਯੂਸ਼ਮਾਨ ਐਪ’ ਦੀ ਵਰਤੋਂ ਕਰਕੇ ਵੀ ਆਯੁਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਈ-ਕਾਰਡ ਲਈ ਬਿਨੈ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ 44 ਲੱਖ ਦੇ ਕਰੀਬ ਰਜਿਸਟਰਡ ਪਰਿਵਾਰ ਆਯੁਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਲਾਭ ਲੈ ਰਹੇ ਹਨ।


