ਚੇਅਰਮੈਨ ਸੇਖਵਾਂ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਸਕੂਲ ਸਿੱਖਿਆ ਸਬੰਧੀ ਮੀਟਿੰਗ
ਗੁਰਦਾਸਪੁਰ, 22 ਸਤੰਬਰ (ਸਰਬਜੀਤ ਸਿੰਘ)– ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਵੱਲੋਂ ਅੱਜ ਆਪਣੇ ਦਫ਼ਤਰ ਵਿਖੇ ਜ਼ਿਲ੍ਹੇ ਦੇ ਸਕੂਲਾਂ ਦੇ ਸਰਬਪੱਖੀ ਵਿਕਾਸ ਅਤੇ ਬੁਨਿਆਦੀ ਢਾਂਚੇ ਦੀਆਂ ਲੋੜਾਂ ਨੂੰ ਪੂਰਾ ਕਰਨ ਸਬੰਧੀ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਚੇਅਰਮੈਨ ਸ. ਸੇਖਵਾਂ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਸਕੈਂਡਰੀ ਅਤੇ ਐਲੀਮੈਂਟਰੀ ਕੋਲੋਂ ਸਕੂਲਾਂ ਵਿੱਚ ਹੋਣ ਵਾਲੇ ਵਿਕਾਸ ਕਾਰਜਾਂ ਅਤੇ ਲੋੜਾਂ ਸਬੰਧੀ ਜਾਣਕਾਰੀ ਹਾਸਲ ਕੀਤੀ ਅਤੇ ਕਿਹਾ ਕਿ ਰਾਜ ਸਰਕਾਰ ਵੱਲੋਂ ਸਕੂਲਾਂ ਦੀਆਂ ਸਾਰੀਆਂ ਲੋੜਾਂ ਨੂੰ ਪਹਿਲ ਦੇ ਅਧਾਰ ’ਤੇ ਪੂਰਾ ਕੀਤਾ ਜਾ ਰਿਹਾ ਹੈ।
ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਰਾਜ ਸਰਕਾਰ ਵੱਲੋਂ ਸਰਹੱਦੀ ਜ਼ਿਲ੍ਹਾ ਗੁਰਦਾਸਪੁਰ ਦੇ ਸਰਕਾਰੀ ਸਕੂਲਾਂ ਦੀ ਨਵੀਂ ਚਾਰਦੀਵਾਰੀ ਅਤੇ ਚਾਰਦੀਵਾਰੀ ਦੀ ਮੁਰੰਮਤ ਲਈ 24 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਰਾਸ਼ੀ ਨਾਲ ਹੁਣ ਜ਼ਿਲ੍ਹੇ ਦੇ ਹਰ ਸਕੂਲ ਦੀ ਚਾਰਦੀਵਾਰ ਬਣੇਗੀ।
ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਮਾਨ ਸਰਕਾਰ ਸੂਬੇ ਵਿੱਚ ਸਿੱਖਿਆ ਦਾ ਪੱਧਰ ਉੱਪਰ ਚੁੱਕਣ ਲਈ ਲਈ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਪਹਿਲੇ ਪੜਾਅ ਤਹਿਤ ਜ਼ਿਲ੍ਹਾ ਗੁਰਦਾਸਪੁਰ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ (ਲੜਕੇ) ਗੁਰਦਾਸਪੁਰ, ਗੁਰਦਾਸਪੁਰ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ (ਲੜਕੇ) ਸ੍ਰੀ ਹਰਗੋਬਿੰਦਪੁਰ ਸਾਹਿਬ, ਸਰਕਾਰੀ ਸੀਨੀਅਰ ਸਕੈਂਡਰੀ ਸਕੂਲ (ਲੜਕੀਆਂ) ਧਰਮਪੁਰਾ ਕਲੋਨੀ ਬਟਾਲਾ ਵਿਖੇ ਸਕੂਲ ਆਫ਼ ਐਮੀਨੈਂਸ ਸ਼ੁਰੂ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਇਨ੍ਹਾਂ ਤਿੰਨਾਂ ਐਮੀਨੈਂਸ ਸਕੂਲਾਂ ਦੇ ਨਾਲ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ (ਲੜਕੀਆਂ) ਫ਼ਤਹਿਗੜ੍ਹ ਚੂੜੀਆਂ ਵਿਖੇ ਵਿਦਿਆਰਥੀਆਂ ਲਈ ਬੱਸ ਸੇਵਾ ਸ਼ੁਰੂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲਈ ਸਿੱਖਿਆ ਦਾ ਖੇਤਰ ਤਰਜੀਹੀ ਖੇਤਰ ਹੈ ਅਤੇ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਵਿੱਚ ਰਾਜ ਸਰਕਾਰ ਕੋਈ ਕਸਰ ਬਾਕੀ ਨਹੀਂ ਛੱਡੇਗੀ।
ਮੀਟਿੰਗ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ (ਸ ਵਿਨੋਦ ਸ਼ਰਮਾਂ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਅ.ਸਿ.) ਪ੍ਰਕਾਸ਼ ਜੋਸ਼ੀ, ਬੀ.ਪੀ.ਓ. ਧਾਰੀਵਾਲ-1 ਨੀਰਜ ਕੁਮਾਰ, ਬੀ.ਪੀ.ਓ. ਹਰਗੋਬਿੰਦਪੁਰ ਸਾਹਿਬ ਤਰਸੇਮ ਸਿੰਘ, ਬੀ.ਪੀ.ਓ. ਕਾਹਨੂੰਵਾਨ-1 ਲਖਵਿੰਦਰ ਸਿੰਘ, ਬੀ.ਪੀ.ਓ. ਕਾਹਨੂੰਵਾਨ-2 ਬਲਵਿੰਦਰ ਸਿੰਘ ਗਿੱਲ ਤੇ ਹੋਰ ਅਧਿਕਾਰੀ ਹਾਜ਼ਰ ਸਨ।