ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਮੇਲੇ ਵਿੱਚ ਪਹੁੰਚਣ ਦਾ ਸੱਦਾ
ਗੁਰਦਾਸਪੁਰ, 22 ਸਤੰਬਰ (ਸਰਬਜੀਤ ਸਿੰਘ)– ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਹਾੜੀ ਦੀਆਂ ਫਸਲਾਂ ਦੀ ਜਾਣਕਾਰੀ ਦੇਣ ਲਈ ਮਿਤੀ 26 ਸਤੰਬਰ 2023 ਨੂੰ ਸਵੇਰੇ 10:00 ਵਜੇ ਦਾਣਾ ਮੰਡੀ ਗੁਰਦਾਸਪੁਰ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਜਾ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਗੁਰਦਾਸਪੁਰ ਡਾ. ਕ੍ਰਿਪਾਲ ਸਿੰਘ ਢਿਲੋਂ ਨੇ ਦੱਸਿਆ ਕਿ ਇਸ ਕਿਸਾਨ ਮੇਲੇ ਦੀ ਪ੍ਰਧਾਨਗੀ ਡਾ. ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਕਰਨਗੇ। ਉਨ੍ਹਾਂ ਕਿਹਾ ਕਿ ਇਸ ਕੈਂਪ ਦੇ ਮੁੱਖ ਮਹਿਮਾਨ ਐਡਵੋਕੇਟ ਅਮਰਪਾਲ ਸਿੰਘ, ਵਿਧਾਇਕ ਸ੍ਰੀ ਹਰਗੋਬਿੰਦਪੁਰ ਸਾਹਿਬ, ਸ੍ਰੀ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਿਧਾਇਕ ਬਟਾਲਾ, ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ, ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਅਤੇ ਪਨਸਪ ਦੇ ਚੇਅਰਮੈਨ ਸ. ਬਲਬੀਰ ਸਿੰਘ ਪੰਨੂ ਹੋਣਗੇ। ਮੁੱਖ ਖੇਤੀਬਾੜੀ ਅਫ਼ਸਰ ਨੇ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਕਿਸਾਨ ਸਿਖਲਾਈ ਕੈਂਪ ਵਿੱਚ ਪਹੁੰਚ ਕੇ ਮਾਹਿਰਾਂ ਕੋਲੋਂ ਹਾੜੀ ਦੀਆਂ ਫਸਲਾਂ ਸਬੰਧੀ ਜਾਣਕਾਰੀ ਹਾਸਲ ਕਰਨ।