ਗੁਰਦਾਸਪੁਰ, 25 ਸਤੰਬਰ (ਸਰਬਜੀਤ ਸਿੰਘ)– ਜ਼ਿਲ੍ਹਾ ਗੁਰਦਾਸਪੁਰ ਪੁਲਿਸ ਅਤੇ ਬੀ.ਐਸ.ਐਫ ਸੈਕਟਰ ਗੁਰਦਾਸਪੁਰ ਦੇ ਜਵਾਨਾਂ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਲੱਗੀ, ਜਦੋਂ ਥਾਣਾ ਕਲਾਨੌਰ ਅਧੀਨ ਪੈਂਦੇ ਪਿੰਡ ਚੌੜਾ ਤੋਂ 12 ਕਿਲੋ ਹੈਰੋਇਨ ਅਤੇ 19 ਲੱਖ ਰੁਪਏ ਦੀ ਭਾਰਤੀ ਕਰੰਸੀ ਬਰਾਮਦ ਕੀਤੀ ਗਈ। ਇਸ ਮਾਮਲੇ ਵਿੱਚ ਫੜੇ ਗਏ 4 ਤਸੱਕਰਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।
ਐਸ.ਐਸ.ਪੀ ਦਯਾਮਾ ਹਰੀਸ਼ ਕੁਮਾਰ ਓਮ ਪ੍ਰਕਾਸ਼ ਨੇ ਦੱਸਿਆ ਕਿ ਪਾਕਿਸਤਾਨੀ ਸਮੱਗਲਰਾਂ ਦੇ ਮਨਸੂਬਿਆਂ ਨੂੰ ਪੁਲਿਸ ਅਤੇ ਬੀਐਸਐਫ ਨੇ ਫਿਰ ਨਾਕਾਮ ਕਰ ਦਿੱਤਾ ਹੈ। ਪੰਜਾਬ ਪੁਲਿਸ ਅਤੇ ਬੀਐਸਐਫ ਨੇ ਸਾਂਝੇ ਤੌਰ ‘ਤੇ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਨੇੜੇ ਤਲਾਸ਼ੀ ਮੁਹਿੰਮ ਚਲਾਈ ਸੀ। ਤਲਾਸ਼ੀ ਮੁਹਿੰਮ ਦੌਰਾਨ ਪਿੰਡ ਚੌੜਾ ਤੋਂ 12 ਕਿਲੋ ਹੈਰੋਇਨ ਅਤੇ 19 ਲੱਖ ਰੁਪਏ ਦੀ ਭਾਰਤੀ ਕਰੰਸੀ ਬਰਾਮਦ ਕੀਤੀ ਗਈ ਹੈ। ਪੁਲਿਸ ਨੇ 4 ਤਸਕਰਾਂ ਨੂੰ ਵੀ ਫੜ ਲਿਆ ਹੈ। ਜਿਨ੍ਹਾਂ ਦੀ ਪਛਾਣ ਸੁਰਿੰਦਰ ਕੁਮਾਰ,ਜਗਪ੍ਰੀਤ ਸਿੰਘ, ਜਰਮਨ ਸਿੰਘ ਅਤੇ ਕ੍ਰਿਸ਼ਨ ਵਜੋਂ ਹੋਈ ਹੈ।
ਐਸਐਸਪੀ ਨੇ ਦੱਸਿਆ ਕਿ ਇਹ ਹੈਰੋਇਨ ਪਾਕਿਸਤਾਨੀ ਸਮੱਗਲਰਾਂ ਵੱਲੋਂ ਡਰੋਨ ਰਾਹੀਂ ਭੇਜੀ ਗਈ ਸੀ। ਉਨ੍ਹਾਂ ਦੱਸਿਆ ਕਿ ਫੜੇ ਗਏ ਸਮੱਗਲਰਾਂ ਖਿਲਾਫ ਮਾਮਲਾ ਦਰਜ ਕਰਕੇ ਡੂੰਘਾਈ ਨਾਲ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਮੌਕੇ ਡੀਐਸਪੀ ਗੁਰਵਿੰਦਰ ਸਿੰਘ ਤੋਂ ਇਲਾਵਾ ਬੀਐਸਐਫ ਦੇ ਅਧਿਕਾਰੀ ਵੀ ਹਾਜ਼ਰ ਸਨ।