ਮਸਲਾ ਡੇਹਰੀਵਾਲ ਕਿਰਨ ਅਤੇ ਮਾਨੇਪੁਰ ਦੀ ਖ਼ਰਾਬ ਹੋਈ ਫ਼ਸਲ ਦਾ
ਗੁਰਦਾਸਪੁਰ, 30 ਜੁਲਾਈ (ਸਰਬਜੀਤ ਸਿੰਘ)– ਕਿਸਾਨ ਤੇ ਜਵਾਨ ਭਲਾਈ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੁਖਦੇਵ ਸਿੰਘ ਭੋਜਰਾਜ ਦੀ ਅਗਵਾਈ ਹੇਠ ਅੱਜ ਸਬ ਡਵੀਜ਼ਨ ਅਫ਼ਸਰ, ਕਲਾਨੌਰ ਸ੍ਰ. ਲਛਮਣ ਸਿੰਘ ਨੂੰ ਮੰਗ ਪੱਤਰ ਦੇ ਕੇ ਪਿੰਡ ਡੇਹਰੀਵਾਲ ਕਿਰਨ ਅਤੇ ਮਾਨੇਪੁਰ ਵਿੱਚ ਬੀਤੇ ਦਿਨੀਂ ਹੋਈ ਭਾਰੀ ਬਾਰਿਸ਼ ਕਾਰਨ ਨੁਕਸਾਨੀ ਗਈ ਝੋਨੇ ਦੀ ਫ਼ਸਲ ਦੀ 100 ਫੀਸਦੀ ਭਰਪਾਈ ਅਤੇ ਕਿਰਨ (ਸਕੀ) ਨਾਲੇ ਦੀ ਤੁਰੰਤ ਸਫ਼ਾਈ ਕਰਵਾਉਣ ਦੀ ਮੰਗ ਕੀਤੀ ਗਈ।
ਸੁਖਦੇਵ ਸਿੰਘ ਭੋਜਰਾਜ ਨੇ ਕਿਹਾ ਕਿ ਇੱਕ ਹਫ਼ਤਾ ਪਹਿਲਾਂ ਹੋਈ ਬਾਰਿਸ਼ ਦੌਰਾਨ ਕਿਰਨ (ਸਕੀ) ਨਾਲੇ ਵਿੱਚ ਪਾਣੀ ਦਾ ਵਹਾਅ ਵਧਣ ਕਾਰਨ ਡੇਹਰੀਵਾਲ ਕਿਰਨ ਅਤੇ ਮਾਨੇਪੁਰ ਦੇ ਸੈਂਕੜੇ ਏਕੜ ਝੋਨੇ ਦੀ ਫ਼ਸਲ ਪੂਰੀ ਤਰ੍ਹਾਂ ਤਬਾਹ ਹੋ ਗਈ। ਉਨ੍ਹਾਂ ਕਿਹਾ ਕਿ ਡਰੇਨ ਵਿਭਾਗ ਵੱਲੋਂ ਨਾਲੇ ਦੀ ਸਮੇਂ ਸਿਰ ਸਫ਼ਾਈ ਨਾ ਕਰਵਾਉਣ ਅਤੇ ਪੁਲ ਦੇ ਨਿਰਮਾਣ ਦੌਰਾਨ ਕੰਪਨੀ ਦੀ ਅਣਗਹਿਲੀ ਕਾਰਨ ਪਾਣੀ ਦਾ ਨਿਕਾਸ ਰੁਕ ਗਿਆ, ਜਿਸ ਕਾਰਨ ਕਿਸਾਨਾਂ ਨੂੰ ਭਾਰੀ ਆਰਥਿਕ ਨੁਕਸਾਨ ਝੱਲਣਾ ਪਿਆ।
ਉਨ੍ਹਾਂ ਇਹ ਵੀ ਕਿਹਾ ਕਿ ਸਾਲ 2025 ਵਿੱਚ ਆਏ ਹੜ੍ਹਾਂ ਦੌਰਾਨ ਵੀ ਇਸ ਖੇਤਰ ਦੇ ਕਿਸਾਨਾਂ ਦੀਆਂ ਫ਼ਸਲਾਂ ਬਰਬਾਦ ਹੋਈਆਂ ਸਨ, ਪਰ ਅੱਜ ਤੱਕ ਪੱਕਾ ਹੱਲ ਨਹੀਂ ਕੀਤਾ ਗਿਆ। ਇਸ ਲਈ ਪ੍ਰਸ਼ਾਸਨ ਨੂੰ ਤੁਰੰਤ ਕਾਰਵਾਈ ਕਰਕੇ ਕਿਸਾਨਾਂ ਨੂੰ ਇਨਸਾਫ਼ ਦੇਣਾ ਚਾਹੀਦਾ ਹੈ।
ਉਹਨਾਂ ਮੰਗ ਕੀਤੀ ਕਿ ਪ੍ਰਭਾਵਿਤ ਇਲਾਕੇ ਦੀ ਤੁਰੰਤ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇ ਅਤੇ ਕਿਸਾਨਾਂ ਦੇ ਨੁਕਸਾਨ ਦੀ 100 ਫੀਸਦੀ ਭਰਪਾਈ ਕੀਤੀ ਜਾਵੇ।
ਜਿਸ ਵਿਭਾਗ ਦੀ ਅਣਗਹਿਲੀ ਕਾਰਨ ਫ਼ਸਲਾਂ ਦਾ ਨੁਕਸਾਨ ਹੋਇਆ ਹੈ, ਉਸ ਦੇ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ।
ਕਿਰਨ (ਸਕੀ) ਨਾਲੇ ਦੀ ਤੁਰੰਤ ਸਫ਼ਾਈ ਕਰਵਾ ਕੇ ਭਵਿੱਖ ਵਿੱਚ ਅਜਿਹੇ ਨੁਕਸਾਨ ਤੋਂ ਬਚਾਅ ਯਕੀਨੀ ਬਣਾਇਆ ਜਾਵੇ।ਇਸ ਮੌਕੇ ਨਾਇਬ ਤਹਿਸੀਲਦਾਰ ਸ੍ਰੀ ਮਨਮੋਹਨ ਸਿੰਘ ਵੀ ਐਸ ਡੀ ਐਮ ਦਫ਼ਤਰ ਵਿੱਚ ਹਾਜ਼ਰ ਸਨ
ਅਤੇ ਕਿਸਾਨ ਆਗੂ ਪਵਿੱਤਰਜੀਤ ਸਿੰਘ ਬਾਜਵਾ, ਤਰਸੇਮ ਸਿੰਘ ਦੁਲਾਂ ਨੰਗਲ, ਬਾਬਾ ਲਖਬੀਰ ਸਿੰਘ, ਅਮਰਜੀਤ ਸਿੰਘ ਸਹਾਰੀ, ਭੁਪਿੰਦਰ ਸਿੰਘ, ਜਸਪਾਲ ਸਿੰਘ, ਸਤਨਾਮ ਸਿੰਘ, ਦਲੀਪ ਸਿੰਘ, ਜਸਵਿੰਦਰ ਸਿੰਘ, ਮਨਪ੍ਰੀਤ ਸਿੰਘ, ਸੁਖਦੇਵ ਸਿੰਘ, ਬਹਾਦਰ ਸਿੰਘ, ਹਰਜੀਤ ਸਿੰਘ ਅਤੇ ਸੁਖਵਿੰਦਰ ਸਿੰਘ ਸਮੇਤ ਹੋਰ ਕਿਸਾਨ ਵੀ ਹਾਜ਼ਰ ਸਨ।


