ਹਰ ਕਲਸਟਰ ਵਿੱਚ ਤਾਇਨਾਤ ਸਰਕਾਰੀ ਅਧਿਕਾਰੀ ਤੇ ਕਰਮਚਾਰੀ ਪਰਾਲੀ ਦੀ ਅੱਗ ਨੂੰ ਰੋਕਣ ਲਈ ਹੋਣਗੇ ਜਿੰਮੇਵਾਰ
ਗੁਰਦਾਸਪੁਰ, 2 ਅਕਤੂਬਰ (ਸਰਬਜੀਤ ਸਿੰਘ)–ਜ਼ਿਲ੍ਹਾ ਗੁਰਦਾਸਪੁਰ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਿਥੇ ਜਾਗਰੂਕਤਾ ਮੁਹਿੰਮ ਚਲਾ ਕੇ ਕਿਸਾਨਾਂ ਨੂੰ ਅੱਗ ਲੱਗਣ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਦੱਸਿਆ ਜਾ ਰਿਹਾ ਹੈ ਓਥੇ ਨਾਲ ਹੀ ਜ਼ਿਲ੍ਹੇ ਭਰ ਵਿੱਚ ਪਿੰਡ ਪੱਧਰ ’ਤੇ ਕਰਮਚਾਰੀਆਂ ਦੀਆਂ ਤਾਇਨਾਤੀ ਕੀਤੀ ਗਈ ਹੈ ਜੋ ਪਰਾਲੀ ਦੀ ਅੱਗ ਨੂੰ ਰੋਕਣ ਲਈ ਫੈਸਲਾਕੁੰਨ ਰੋਲ ਨਿਭਾਉਣਗੇ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੁੱਖ ਖੇਤੀਬਾੜੀ ਅਧਿਕਾਰੀ ਡਾ. ਕ੍ਰਿਪਾਲ ਸਿੰਘ ਢਿਲੋਂ ਨੇ ਦੱਸਿਆ ਕਿ ਝੋਨੇ ਦੀ ਪਰਾਲੀ ਦੀ ਅੱਗ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਜ਼ਿਲ੍ਹੇ ਨੂੰ 79 ਕਲਸਟਰਾਂ ਵਿੱਚ ਵੰਡਿਆ ਗਿਆ ਹੈ। ਹਰ ਕਲਸਟਰ ਵਿੱਚ ਖੇਤੀਬਾੜੀ ਅਧਿਕਾਰੀਆਂ ਦੇ ਨਾਲ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਤਾਇਨਾਤੀ ਕੀਤੀ ਗਈ ਹੈ। ਇਸਦੇ ਨਾਲ ਹੀ ਕਲਸਟਰ ਟੀਮ ਦੇ ਨਾਲ ਪੁਲਿਸ ਵਿਭਾਗ ਦੇ ਕਰਮਚਾਰੀਆਂ ਦੀ ਤਾਇਨਾਤੀ ਵੀ ਕੀਤੀ ਜਾ ਰਹੀ ਹੈ।
ਡਾ. ਢਿਲੋਂ ਨੇ ਦੱਸਿਆ ਕਿ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਧਾਰਾ 144 ਤਹਿਤ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ’ਤੇ ਪਾਬੰਦੀ ਲਗਾਈ ਗਈ ਹੈ ਅਤੇ ਨੈਸ਼ਨਲ ਗਰੀਨ ਟ੍ਰਿਬਿਊਨਲ ਵੱਲੋਂ ਇਸ ਸਬੰਧੀ ਪਹਿਲਾਂ ਹੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਕਲਸਟਰ ਪੱਧਰ ਦੀਆਂ ਟੀਮਾਂ ਵੱਲੋਂ ਪਿੰਡ ਪੱਧਰ ਤੱਕ ਪਹੁੰਚ ਕੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਬਿਲਕੁਲ ਨਾ ਲੱਗੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੇ ਪਰਾਲੀ ਨੂੰ ਅੱਗ ਲਗਾਈ ਤਾਂ ਉਸ ਖਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਡਾ. ਢਿਲੋਂ ਨੇ ਪਰਾਲੀ ਦੀ ਅੱਗ ਨੂੰ ਰੋਕਣ ਵਿੱਚ ਲੱਗੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਕਿਹਾ ਕਿ ਉਹ ਆਪਣੀ ਡਿਊਟੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣ ਅਤੇ ਆਪਣੇ ਇਲਾਕੇ ਵਿੱਚ ਪੂਰੀ ਚੌਕਸੀ ਵਰਤਣ। ਜੇਕਰ ਕੋਈ ਵਿਅਕਤੀ ਪਰਾਲੀ ਨੂੰ ਅੱਗ ਲਗਾਉਂਦਾ ਹੈ ਤਾਂ ਉਸ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ।
ਮੁੱਖ ਖੇਤੀਬਾੜੀ ਅਫ਼ਸਰ ਡਾ. ਕ੍ਰਿਪਾਲ ਸਿੰਘ ਢਿਲੋਂ ਨੇ ਜ਼ਿਲ੍ਹੇ ਦੇ ਸਮੂਹ ਕਿਸਾਨ ਭਰਾਵਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਝੋਨੇ ਦੀ ਕਟਾਈ ਤੋਂ ਬਾਅਦ ਪਰਾਲੀ ਨੂੰ ਅੱਗ ਬਿਲਕੁਲ ਨਾ ਲਗਾਉਣ ਬਲਕਿ ਵੱਖ-ਵੱਖ ਖੇਤੀ ਸੰਦਾਂ ਰਾਹੀਂ ਪਰਾਲੀ ਨੂੰ ਖੇਤਾਂ ਵਿੱਚ ਵਾਹ ਕੇ ਹੀ ਅਗਲੀਆਂ ਫ਼ਸਲਾਂ ਦੀ ਬਿਜਾਈ ਕਰਨ। ਉਨ੍ਹਾਂ ਕਿਹਾ ਕਿ ਫਸਲੀ ਰਹਿੰਦ-ਖੂੰਹਦ ਦੇ ਨਿਪਟਾਰੇ ਸਬੰਧੀ ਕਿਸੇ ਵੀ ਜਾਣਕਾਰੀ ਲਈ ਨੇੜੇ ਦੇ ਖੇਤੀਬਾੜੀ ਦਫ਼ਤਰ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ।