ਗੁਰਦਾਸਪੁਰ, 4 ਅਕਤੂਬਰ (ਸਰਬਜੀਤ ਸਿੰਘ) – ਅੰਤਰ-ਰਾਸ਼ਟਰੀ ਬਜ਼ੁਰਗ ਦਿਵਸ ਮੌਕੇ ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 80 ਸਾਲ ਤੋਂ ਵੱਧ ਉਮਰ ਦੇ ਸਾਰੇ ਸੀਨੀਅਰ ਸਿਟੀਜ਼ਨ ਵੋਟਰਾਂ ਨੂੰ ਚੋਣ ਪ੍ਰੀਕ੍ਰਿਆ ਅਤੇ ਭਾਰਤੀ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਪਾਏ ਗਏ ਲਗਾਤਾਰ ਯੋਗਦਾਨ ਲਈ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸੇ ਲੜੀ ਤਹਿਤ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਵੀ ਜ਼ਿਲ੍ਹੇ ਦੇ 80 ਸਾਲ ਤੋਂ ਵੱਧ ਉਮਰ ਦੇ ਵੋਟਰਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਚੋਣ ਤਹਿਸੀਲਦਾਰ ਸ. ਮਨਜਿੰਦਰ ਸਿੰਘ ਬਾਜਵਾ ਅਤੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਸਕੱਤਰ ਰਾਜੀਵ ਸਿੰਘ ਵੀ ਹਾਜ਼ਰ ਸਨ।
ਬਿਰਦ ਆਸ਼ਰਮ ਗੁਰਦਾਸਪੁਰ ਵਿਖੇ ਰਹਿ ਰਹੇ ਬਜ਼ੁਰਗ ਵੋਟਰ ਰੋਸ਼ਨ ਲਾਲ, ਸ਼ੰਭੂ ਨਾਥ ਅਤੇ ਨਿਜਾਮ ਸਿੰਘ ਨੂੰ ਸਨਮਾਨਿਤ ਕਰਨ ਮੌਕੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਸਾਨੂੰ ਮਾਣ ਹੈ ਕਿ ਸਾਡੇ ਬਜ਼ੁਰਗਾਂ ਨੇ ਜੀਵਨ ਭਰ ਚੋਣ ਪ੍ਰੀਕ੍ਰਿਆ ਅਤੇ ਭਾਰਤੀ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਬਹੁਤ ਵੱਡਾ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਸਾਡੇ ਸੀਨੀਅਰ ਸਿਟੀਜ਼ਨ ਵੋਟਰਾਂ ਵੱਲੋਂ ਲੋਕਤੰਤਰੀ ਪ੍ਰਣਾਲੀ ਵਿੱਚ ਹਮੇਸ਼ਾਂ ਪਾਏ ਯੋਗਦਾਨ ਸਦਕਾ ਅੱਜ ਸਾਡਾ ਮੁਲਕ ਦੁਨੀਆਂ ਦਾ ਸਭ ਤੋਂ ਵੱਡਾ ਅਤੇ ਭਰੋਸੇਯੋਗ ਲੋਕਤੰਤਰ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਗੁਰਦਾਸਪੁਰ ਵਿੱਚ 80 ਸਾਲ ਤੋਂ ਵੱਧ ਉਮਰ ਦੇ 31000 ਦੇ ਕਰੀਬ ਵੋਟਰ ਹਨ ਜਿਨ੍ਹਾਂ ਵਿਚ 432 ਵੋਟਰਾਂ ਦੀ ਉਮਰ 100 ਸਾਲ ਤੋਂ ਵੀ ਵੱਧ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰੇ ਸੀਨੀਅਰ ਸਿਟੀਜ਼ਨ ਵੋਟਰਾਂ ਨੂੰ ਬੀ.ਐੱਲ.ਓਜ਼ ਵੱਲੋਂ ਘਰੋ-ਘਰੀ ਜਾ ਕੇ ਸਨਮਾਨਿਤ ਕੀਤਾ ਗਿਆ ਹੈ।