ਜ਼ਿਲ੍ਹਾ ਗੁਰਦਾਸਪੁਰ ਦੀਆਂ ਅਦਾਲਤਾਂ ਵਿੱਚ 9 ਦਸੰਬਰ ਨੂੰ ਲੱਗੇਗੀ ਕੌਮੀ ਲੋਕ ਅਦਾਲਤ – ਜ਼ਿਲ੍ਹਾ ਤੇ ਸੈਸ਼ਨ ਜੱਜ ਰਜਿੰਦਰ ਅਗਰਵਾਲ

ਗੁਰਦਾਸਪੁਰ

ਲੋਕ ਅਦਾਲਤ ਰਾਹੀਂ ਕੇਸਾਂ ਦਾ ਫੈਸਲਾ ਕਰਵਾ ਕੇ ਸਮੇਂ ਤੇ ਪੈਸੇ ਦੀ ਕੀਤੀ ਜਾ ਸਕਦੀ ਹੈ ਬਚਤ

ਗੁਰਦਾਸਪੁਰ, 5 ਅਕਤੂਬਰ (ਸਰਬਜੀਤ ਸਿੰਘ)– ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ. ਨਗਰ ਦੀਆਂ ਹਦਾਇਤਾਂ ਅਨੁਸਾਰ ਗੁਰਦਾਸਪੁਰ ਜ਼ਿਲ੍ਹੇ ਵਿੱਚ ਅਗਲੀ ਕੌਮੀ ਲੋਕ ਅਦਾਲਤ 9 ਦਸੰਬਰ 2023 ਨੂੰ ਲਗਾਈ ਜਾਵੇਗੀ। ਰਾਸ਼ਟਰੀ ਲੋਕ ਅਦਾਲਤ ਦੀਆਂ ਤਿਆਰੀਆਂ ਸਬੰਧੀ ਰਜਿੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਵੱਲੋਂ ਅੱਜ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ ਜਿਸ ਵਿੱਚ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਐੱਸ.ਐੱਸ.ਪੀ. ਗੁਰਦਾਸਪੁਰ ਹਰੀਸ਼ ਦਾਯਮਾ, ਐੱਸ.ਐੱਸ.ਪੀ. ਬਟਾਲਾ ਅਸ਼ਵਨੀ ਗੋਟਿਆਲ, ਸੁਮਿਤ ਭੱਲਾ, ਸਿਵਲ ਜੱਜ (ਸੀਨੀਅਰ ਡਵੀਜ਼ਨ)-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ, ਏ.ਡੀ.ਏ. ਵਿਕਰਮ ਕਸ਼ਯਪ, ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਨਰੇਸ਼ ਠਾਕੁਰ, ਸਮਾਜ ਸੇਵੀ ਨੀਲਮ ਮਹੰਤ, ਸਮਾਜ ਸੇਵੀ ਜਗਰੂਪ ਸਿੰਘ ਸਮੇਤ ਹੋਰ ਮੈਂਬਰ ਵੀ ਹਾਜ਼ਰ ਸਨ।

        9 ਦਸੰਬਰ ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਸਬੰਧੀ ਜਾਣਕਾਰੀ ਦਿੰਦਿਆਂ ਰਜਿੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਨੇ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਵਿੱਚ 138 ਐੱਨ.ਆਈ. ਐਕਟ, ਬੈਂਕ ਰਿਕਵਰੀ ਕੇਸ, ਲੇਬਰ ਕੇਸ, ਬਿਜਲੀ, ਪਾਣੀ, ਅਤੇ ਕਮੇਟੀ ਘਰ ਦੇ ਹੋਰ ਕੇਸ ਜਿਵੇਂ ਕਿ ਸੀਵਰੇਜ਼, ਵਾਟਰ ਸਪਲਾਈ, ਹਾਊਸ ਟੈਕਸ, ਸਾਇਟ ਪਲੈਨ ਆਦਿ, ਸਾਰੇ ਤਰ੍ਹਾਂ ਦੇ ਸਿਵਲ ਕੇਸ, ਛੋਟੇ ਘੱਟ ਸਜ਼ਾ ਵਾਲੇ ਅਪਰਾਧ, ਵਿਆਹੁਤਾ ਝਗੜੇ, ਐੱਮ.ਏ.ਸੀ.ਟੀ. (ਮੋਟਰ ਐਕਸੀਡੈਂਟ) ਦੇ ਕੇਸ, ਇੰਸ਼ੋਰੈਂਸ ਕਲੇਮ ਦੇ ਕੇਸਾਂ ਦਾ ਵੀ ਨਿਪਟਾਰਾ ਆਪਸੀ ਰਜ਼ਾਮੰਦੀ ਨਾਲ ਕੀਤਾ ਜਾਵੇਗਾ।

ਉਹਨਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਆਪਣੇ ਝਗੜੇ ਦਾ ਨਿਪਟਾਰਾ ਆਪਸੀ ਰਜ਼ਾਮੰਦੀ ਨਾਲ ਇਸ ਰਾਸ਼ਟਰੀ ਲੋਕ ਅਦਾਲਤ ਜ਼ਰੀਏ ਹੱਲ ਕਰਨਾ ਚਾਹੁੰਦਾ ਹੈ ਤਾਂ ਉਹ ਆਪਣੀ ਅਰਜ਼ੀ ਆਪਣੇ ਸਬੰਧਤ ਕੋਰਟ ਵਿੱਚ ਜਾਂ ਸਕੱਤਰ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਫ਼ਤਰ ਦੇ ਕਮਰਾ ਨੰਬਰ 102 ਵਿਖੇ ਦੇ ਸਕਦਾ ਹੈ। ਉਨਾਂ ਕਿਹਾ ਕਿ ਨੈਸ਼ਨਲ ਲੋਕ ਅਦਾਲਤ ਰਾਹੀਂ ਹੱਲ ਕੀਤੇ ਜਾਂਦੇ ਮੁਕੱਦਮਿਆਂ ਦੀ ਅੱਗੇ ਕਿਸੇ ਵੀ ਅਦਾਲਤ ਵਿੱਚ ਅਪੀਲ ਨਹੀਂ ਕੀਤੀ ਜਾ ਸਕਦੀ ਅਤੇ ਲੋਕ ਅਦਾਲਤ ਰਾਹੀਂ ਹੱਲ ਕੀਤੇ ਗਏ ਮਾਮਲੇ ਦਾ ਫੈਸਲਾ ਅੰਤਿਮ ਹੁੰਦਾ ਹੈ।

ਜ਼ਿਲ੍ਹਾ ਤੇ ਸੈਸ਼ਨ ਜੱਜ ਰਜਿੰਦਰ ਅਗਰਵਾਲ ਨੇ ਕਿਹਾ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ 1 ਅਕਤੂਬਰ ਤੋਂ 31 ਅਕਤੂਬਰ 2023 ਤੱਕ ਨਸ਼ਿਆਂ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਤਹਿਤ 7 ਅਕਤੂਬਰ ਨੂੰ ਸ਼ਾਮ 6:00 ਵਜੇ ਗੁਰਦਾਸਪੁਰ ਸ਼ਹਿਰ ਵਿੱਚ ਮਿੰਨੀ ਮੈਰਾਥਨ ਦਾ ਆਯੋਜਿਨ ਕੀਤਾ ਜਾ ਰਿਹਾ ਹੈ ਜਿਸ ਵਿੱਚ ਜੂਡੀਸ਼ੀਅਲ ਅਧਿਕਾਰੀ, ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਤੇ ਕਰਮਚਾਰੀ, ਬਾਰ ਐਸੋਸੀਏਸ਼ਨ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦੇ ਹਿੱਸਾ ਲੈਣਗੇ।

ਇਸ ਤੋਂ ਇਲਾਵਾ ਮੀਟਿੰਗ ਵਿੱਚ ਜੇਲ੍ਹ ਵਿੱਚ ਬੰਦ ਬੰਦੀਆਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ ਦੇਣ ਅਤੇ ਵੋਕੇਸ਼ਨਲ ਲਿਟਰੇਸੀ ਮੁਹਿੰਮ ਸਬੰਧੀ ਵੀ ਵਿਚਾਰ ਕੀਤੀ ਗਈ।

Leave a Reply

Your email address will not be published. Required fields are marked *