ਗੁਰਦਾਸਪੁਰ, 7 ਅਕਤੂਬਰ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੇ ਦਿਸ਼ਾ ਨਿਰਦੇਸ਼ਾ ਤਹਿਤ ਅਤੇ ਮੁੱਖ ਖੇਤੀਬਾੜੀ ਅਫਸਰ ਡਾ.ਕਿਰਪਾਲ ਸਿੰਘ ਢਿੱਲੋ ਦੀ ਯੋਗ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡਾਂ ਵਿੱਚ ਕਿਸਾਨ ਜਾਗਰੂਕਤਾ ਕੈਂਪ ਲਗਾ ਕੇ ਕਿਸਾਨਾਂ ਨੂੰ ਫਲਸੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।
ਇਸ ਲੜੀ ਤਹਿਤ ਬਲਾਕ ਕਾਹਨੂੰਵਾਨ ਦੀ ਖੇਤੀਬਾੜੀ ਵਿਭਾਗ ਦੀ ਟੀਮ ਵੱਲੋਂ ਪਿੰਡ ਕੋਟਲੀ ਹਰਚੰਦਾਂ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਖੇਤੀਬਾੜੀ ਵਿਭਾਗ ਦੇ ਅਧਿਕਾਰੀ ਡਾ. ਭਵਜੀਤ ਸਿੰਘ ਨੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਹੈਪੀ ਸੀਡਰ, ਸੁਪਰ ਸੀਡਰ, ਸਮਾਰਟ ਸੀਡਰ, ਸਰਫੇਸ ਸੀਡਰ ਆਦਿ ਮਸ਼ੀਨਾਂ ਦੀ ਵਰਤੋਂ ਕਰਕੇ ਕਣਕ ਅਤੇ ਹੋਰ ਫਸਲਾਂ ਦੀ ਬਿਜਾਈ ਕਰਨ। ਉਨ੍ਹਾਂ ਕਿਹਾ ਕਿ ਇਹ ਸਾਡਾ ਮੁੱਢਲਾ ਫਰਜ ਹੈ ਕਿ ਅਸੀਂ ਆਪਣਾ ਵਾਤਾਵਰਨ ਸਾਫ਼-ਸੁਥਰਾ ਰੱਖੀਏ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਖੇਤਾਂ ਵਿੱਚ ਸਾੜਨ ਦੇ ਬਹੁਤ ਨੁਕਸਾਨ ਹਨ, ਇਸ ਨਾਲ ਜਿਥੇ ਵਾਤਾਵਰਨ ਦੂਸ਼ਿਤ ਹੁੰਦਾ ਹੈ ਓਥੇ ਜ਼ਮੀਨ ਵਿੱਚਲੇ ਤੱਤ ਅਤੇ ਮਿੱਤਰ ਕੀੜੇ ਵੀ ਨਸ਼ਟ ਹੋ ਜਾਂਦੇ ਹਨ।
ਡਾ. ਦਿਲਬਾਗ ਸਿੰਘ ਭੱਟੀ ਨੇ ਆਏ ਖੇਤੀਬਾੜੀ ਮਾਹਿਰਾਂ ਅਤੇ ਕਿਸਾਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਜੇਕਰ ਕਿਸੇ ਕਿਸਾਨ ਨੂੰ ਪਰਾਲੀ ਪ੍ਰਬੰਧਨ ਲਈ ਮਸ਼ੀਨ ਜਿਵੇ ਸੁਪਰ ਸੀਡਰ, ਬੇਲਰ ਦੀ ਜਰੂਰਤ ਹੈ ਤਾਂ ਉਹ ਖੇਤੀਬਾੜੀ ਵਿਭਾਗ ਨਾਲ ਸੰਪਰਕ ਕਰ ਸਕਦੇ ਹਨ।