ਜਗਰਾਉਂ , ਗੁਰਦਾਸਪੁਰ, 10 ਅਕਤੂਬਰ (ਸਰਬਜੀਤ ਸਿੰਘ)– ਕਿਰਤੀ ਕਿਸਾਨ ਯੂਨੀਅਨ ਦੇ ਸੂਬਾਈ ਸੱਦੇ ਤੇ ਅੱਜ ਜਗਰਾਉਂ ਵਿਖੇ ਦਿੱਲੀ ਪੁਲੀਸ ਦੇ ਵਿਸ਼ੇਸ਼ ਸੈੱਲ ਵੱਲੋਂ ਆਨਲਾਈਨ ਨਿਊਜ਼ ‘ਨਿਊਜ਼ ਕਲਿੱਕ’ ਦੇ ਦਫ਼ਤਰ ਨੂੰ ਸੀਲ ਕਰਨ, ਇਸ ਨਾਲ ਸਬੰਧਤ ਪੱਤਰਕਾਰਾਂ ਦੇ ਟਿਕਾਣਿਆਂ ਉੱਪਰ ਛਾਪੇ ਮਾਰਨ, ਉਹਨਾਂ ਨੂੰ ਪੁਲੀਸ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕਰਨ ਅਤੇ ਐਸ.ਵਾਈ.ਐਲ. ਨਹਿਰ ਦੇ ਮੁੱਦੇ ’ਤੇ ਸੁਪਰੀਮ ਕੋਰਟ ਵੱਲੋਂ ਪੰਜਾਬ ਦੇ ਖ਼ੇਤਰ ਵਿੱਚ ਨਹਿਰ ਦੀ ਉਸਾਰੀ ਲਈ ਸਰਵੇ ਕਰਨ ਦੇ ਦਿੱਤੇ ਹੁਕਮਾਂ ਦੇ ਵਿਰੋਧ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ।

ਜਿਸ ਵਿੱਚ ਜੱਥੇਬੰਦੀ ਦੇ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ ਨੇ ਕਿਹਾ ਕਿ ਇਹ ਛਾਪੇਮਾਰੀ ਸਰਕਾਰ ਦੀਆਂ ਨੀਤੀਆਂ ਨਾਲੋਂ ਵਖਰੇਵਾਂ ਰੱਖਣ, ਅਲੋਚਨਾ ਕਰਨ ਅਤੇ ਵਿਰੋਧੀ ਆਵਾਜ਼ ਨੂੰ ਦਬਾਉਣ ਲਈ ਪੱਤਰਕਾਰਾਂ, ਲੇਖਕਾਂ, ਜਮਹੂਰੀ ਹੱਕਾਂ ਦੇ ਰਾਖੇ ਕਾਰਕੁਨਾਂ ਅਤੇ ਸਿਆਸੀ ਵਿਰੋਧੀਆਂ ਨੂੰ ਦਬਾਉਣ, ਧਮਕਾਉਣ ਦੇ ਫਾਸ਼ੀਵਾਦੀ ਹਮਲਿਆਂ ਦੇ ਜਾਰੀ ਰੱਖਣ ਦਾ ਹੀ ਹਿੱਸਾ ਹੈ। ਵਿਦੇਸ਼ੀ ਫੰਡ ਲੈਣ ਅਤੇ ਚੀਨ ਪੱਖੀ ਪ੍ਰਾਪੇਗੰਡੇ ਦੇ ਬਹਾਨੇ ਪੁਲੀਸ ਹਿਰਾਸਤ ਵਿੱਚ ਲਏ ਗਏ ਪੱਤਰਕਾਰਾਂ, ਇਤਿਹਾਸਕਾਰਾਂ ਅਤੇ ਵਿਅੰਗਕਾਰਾਂ ਤੋਂ ਨਾਗਰਿਕਤਾ ਸੋਧ ਬਿੱਲ ਅਤੇ ਕਿਸਾਨ ਅੰਦੋਲਨ ਸਬੰਧੀ ਪੁੱਛੇ ਗਏ ਸਵਾਲ ਸਰਕਾਰ ਦੇ ਅਸਲੀ ਇਰਾਦਿਆਂ ਨੂੰ ਸਾਹਮਣੇ ਲਿਆਉਂਦੇ ਹਨ। ਉਨ੍ਹਾਂ ਕਿਹਾ ਕਿ ਪਿੱਛੇ ਜਿਹੇ ਜੀ-20 ਸੰਮੇਲਨ ਦੇ ਐਲਾਨਨਾਮੇ ਉੱਪਰ ਮੋਦੀ ਵੱਲੋਂ ਕੀਤੇ ਦਸਤਖਤਾਂ ਦੀ ਹਾਲੇ ਸਿਆਹੀ ਵੀ ਨਹੀਂ ਸੁੱਕੀ, ਜਿਸ ਵਿੱਚ ਵਿਚਾਰਾਂ ਦੇ ਪ੍ਰਗਟਾਵੇ ਦੀ ਪ੍ਰਤੀਬੱਧਤਾ ਦਾ ਪਾਲਣ ਕਰਨ ਦਾ ਵਾਅਦਾ ਕੀਤਾ ਗਿਆ ਸੀ। ਮਨੁੱਖੀ ਅਧਿਕਾਰਾਂ ਦੀ ਉਲੰਘਣਾ ਬਾਰੇ ਦੁਨੀਆ ਭਰ ਵਿੱਚ ਸਰਕਾਰ ਦੀ ਅਲੋਚਨਾ ਹੋ ਰਹੀ ਹੈ। ਸਭ ਤੋਂ ਵੱਡੀ ਜਮਹੂਰੀਅਤ ਦੀ ਦਾਅਵੇਦਾਰ ਸਰਕਾਰ ਦੀ ਲਗਾਤਾਰ ਨਿਖੇਧੀ ਦੇ ਬਾਵਜੂਦ ਭਾਜਪਾ-ਆਰ.ਐਸ.ਐਸ. ਦੀ ਅਗਵਾਈ ਵਾਲੀ ਮੋਦੀ ਸਰਕਾਰ ਫਾਸ਼ੀਵਾਦੀ ਹਮਲੇ ਜਾਰੀ ਰੱਖ ਰਹੀ ਹੈ। ਬਹੁਤ ਸਾਰੇ ਲੇਖਕ, ਪੱਤਰਕਾਰ, ਸਿਆਸੀ ਕਾਰਕੁੰਨ ਪਿਛਲੇ ਕਈ ਸਾਲਾਂ ਤੋਂ ਜੇਲ੍ਹਾਂ ਵਿੱਚ ਬੰਦ ਹਨ, ਉਨ੍ਹਾਂ ਨੂੰ ਜ਼ਮਾਨਤ ਦੇਣ ਦਾ ਵਿਰੋਧ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਐਨ.ਆਈ.ਏ., ਈ.ਡੀ. ਤੇ ਸੀ.ਬੀ.ਆਈ. ਦੀ ਵਰਤੋਂ ਫਿਰਕੂ ਧਰੁਵੀਕਰਨ ਨੂੰ ਵਧਾਉਣ, ਵਿਰੋਧੀਆਂ ਨੂੰ ਦਬਾਉਣ ਲਈ ਕੀਤੀ ਜਾ ਰਹੀ ਹੈ ਤਾਂ 2024 ਦੀਆਂ ਚੋਣਾਂ ਵਿੱਚ ਇਸਦਾ ਲਾਹਾ ਲਿਆ ਜਾ ਸਕੇ। ਬਸਤੀਵਾਦੀ ਕਾਨੂੰਨਾਂ ਦੇ ਖਾਤਮੇ ਦੇ ਨਾਂ ਥੱਲੇ ਲਿਆਂਦੇ ਗਏ ਸੋਧ ਬਿੱਲ ਬਸਤੀਵਾਦੀ ਕਾਨੂੰਨਾਂ ਨਾਲੋਂ ਵੀ ਸਖਤ ਬਣਾਏ ਗਏ ਹਨ, ਜਿਸ ਨਾਲ ਸਰਕਾਰ ਨੂੰ ਲੋਕਾਂ ਵਿਰੁੱਧ ਵਰਤੇ ਜਾਣ ਵਾਲੇ ਅਧਿਕਾਰਾਂ ਵਿੱਚ ਹੋਰ ਵਾਧਾ ਕੀਤਾ ਗਿਆ ਹੈ।
ਇੱਕਤਰਤਾ ਨੂੰ ਸੰਬੋਧਨ ਕਰਦਿਆਂ ਪੇਂਡੂ ਮਜ਼ਦੂਰ ਦੇ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਰਸੂਲਪੁਰ ਅਤੇ ਕਿਸਾਨ ਆਗੂ ਤਿਰਲੋਚਨ ਸਿੰਘ ਝੋਰੜਾਂ ਨੇ ਕਿਹਾ ਕਿ ਐਸ ਵਾਈ ਐਲ ਨਹਿਰ ਦਾ ਮੁੱਦਾ ਹਾਕਮ ਜਮਾਤ ਸਿਆਸੀ ਪਾਰਟੀਆਂ ਵੱਲੋਂ ਆਪਣੇ ਨਿੱਜੀ ਤੇ ਸਿਆਸੀ ਮਨੋਰਥ ਹੱਲ ਕਰਨ ਲਈ ਵੋਟਾਂ ਆਉਣ ਤੋਂ ਪਹਿਲਾਂ ਭੜਕਾਇਆ ਜਾਂਦਾ ਹੈ। ਉਨ੍ਹਾਂ ਮੰਗ ਕੀਤੀ ਕਿ ਐਸ ਵਾਈ ਐਲ ਨਹਿਰ ਨੂੰ ਤਰੁੰਤ ਖਤਮ ਕੀਤਾ ਜਾਵੇ ਅਤੇ ਪੰਜਾਬ ਨੂੰ ਰਿਪੇਰੀਅਨ ਸਿਧਾਂਤ ਤਹਿਤ ਪਾਣੀਆਂ ਦਾ ਹੱਕ ਦਿੱਤਾ ਜਾਵੇ। ਇਸ ਮੌਕੇ ਗੁਰਮੇਲ ਸਿੰਘ ਸਿੱਧੂ ਗੁਰਚਰਨ ਸਿੰਘ, ਕਰਮ ਸਿੰਘ, ਕੁਲਵੰਤ ਸਿੰਘ,ਬਾਬਾ ਗੁਰਮੇਲ ਸਿੰਘ, ਗੁਰਦੇਵ ਸਿੰਘ,ਚਰਨਾ ਸਿੰਘ ਆਦਿ ਹਾਜ਼ਰ ਸਨ।


