ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਨਿਰਵਿਗਨ ਜਾਰੀ, ਬੀਤੀ ਸ਼ਾਮ ਤੱਕ ਖਰੀਦ ਏਜੰਸੀਆਂ ਨੇ 76349 ਮੀਟ੍ਰਿਕ ਟਨ ਝੋਨਾ ਖਰੀਦਿਆ
ਗੁਰਦਾਸਪੁਰ, 11 ਅਕਤੂਬਰ (ਸਰਬਜੀਤ ਸਿੰਘ ) – ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਝੋਨੇ ਦੀ ਫ਼ਸਲ ਨੂੰ ਪੂਰੀ ਤਰ੍ਹਾਂ ਪੱਕਣ ’ਤੇ ਹੀ ਕਟਵਾਉਣ ਅਤੇ ਸੁੱਕਾ ਹੋਇਆ ਝੋਨਾ ਹੀ ਮੰਡੀਆਂ ਵਿੱਚ ਵੇਚਣ ਲਈ ਲੈ ਕੇ ਆਉਣ। ਉਨ੍ਹਾਂ ਕਿਹਾ ਕਿ ਦੇਖਣ ਵਿੱਚ ਆਇਆ ਹੈ ਕਿ ਕੁਝ ਕਿਸਾਨ ਵੱਧ ਨਮੀਂ ਵਾਲਾ ਝੋਨਾ ਮੰਡੀ ਵਿੱਚ ਲੈ ਆਉਂਦੇ ਹਨ ਜੋ ਕਿ ਨਿਯਮਾਂ ਅਨੁਸਾਰ ਖਰੀਦਿਆ ਨਹੀਂ ਜਾ ਸਕਦਾ ਅਤੇ ਇਸ ਕਾਰਨ ਕਿਸਾਨਾਂ ਨੂੰ ਮੰਡੀ ਵਿੱਚ ਰੁਕਣਾ ਪੈਂਦਾ ਹੈ।
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਝੋਨੇ ਦੀ ਖਰੀਦ ਲਈ ਜ਼ਿਲ੍ਹੇ ਵਿੱਚ 92 ਖਰੀਦ ਕੇਂਦਰ ਬਣਾਏ ਗਏ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਸਰਕਾਰੀ ਖ਼ਰੀਦ ਨਿਰਵਿਗਨ ਜਾਰੀ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 82827 ਮੀਟ੍ਰਿਕ ਟਨ ਝੋਨੇ ਦੀ ਫਸਲ ਆਈ ਸੀ ਜਿਸ ਵਿਚੋਂ 76349 ਮੀਟ੍ਰਿਕ ਟਨ ਫ਼ਸਲ ਨੂੰ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਖਰੀਦ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਖ਼ਰੀਦੇ ਗਏ ਝੋਨੇ ਵਿਚੋਂ ਪਨਗਰੇਨ ਵੱਲੋਂ 4715 ਮੀਟਰਿਕ ਟਨ, ਮਾਰਕਫੈਡ ਵੱਲੋਂ 3703 ਮੀਟਰਿਕ ਟਨ, ਪਨਸਪ ਵੱਲੋਂ 15923 ਮੀਟਰਿਕ ਟਨ ਅਤੇ ਪੰਜਾਬ ਰਾਜ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 7472 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੰਡੀਆਂ ਵਿੱਚ ਝੋਨੇ ਦੀ ਖਰੀਦ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਅਧਿਕਾਰੀਆਂ ਵੱਲੋਂ ਲਗਾਤਾਰ ਮੰਡੀਆਂ ਵਿੱਚ ਨਿਗਰਾਨੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਮੰਡੀਆਂ ਵਿੱਚ ਝੋਨੇ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਵਚਨਬੱਧ ਹੈ।
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਰਾਤ ਸਮੇਂ ਕੰਬਾਇਨਾਂ ਨਾਲ ਝੋਨੇ ਦੀ ਕਟਾਈ ਨਾ ਕਰਵਾਉਣ ਕਿਉਂਕਿ ਰਾਤ ਸਮੇਂ ਫ਼ਸਲ ਦੀ ਕਟਾਈ ਕਰਵਾਉਣ ਕਾਰਨ ਫ਼ਸਲ ਵਿੱਚ ਨਮੀਂ ਦੀ ਮਾਤਰਾ ਵੱਧ ਜਾਂਦੀ ਹੈ। ਜਿਸ ਕਾਰਨ ਖਰੀਦ ਏਜੰਸੀਆਂ ਵੱਧ ਨਮੀਂ ਵਾਲੀ ਫ਼ਸਲ ਖਰੀਦਣ ਤੋਂ ਅਸਮਰਥ ਹੁੰਦੀਆਂ ਹਨ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਮੁਸ਼ਕਲ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਲਈ ਕਿਸਾਨ ਮੰਡੀਆਂ ਵਿੱਚ ਆਪਣੀ ਫ਼ਸਲ ਪੂਰੀ ਤਰ੍ਹਾਂ ਸੁਕਾ ਕੇ ਹੀ ਲੈ ਕੇ ਆਉਣ।
ਉਨ੍ਹਾਂ ਕਿਸਾਨਾਂ ਨੂੰ ਇਹ ਅਪੀਲ ਵੀ ਕੀਤੀ ਕਿ ਝੋਨੇ ਦੀ ਪਰਾਲੀ ਨੂੰ ਅੱਗ ਬਿਲਕੁਲ ਨਾ ਲਗਾਈ ਜਾਵੇ ਕਿਉਂਕਿ ਅਜਿਹਾ ਕਰਨਾ ਜਿਥੇ ਗੈਰ ਕਾਨੂੰਨੀ ਹੈ ਉਥੇ ਹੀ ਇਸ ਦਾ ਸਭ ਤੋਂ ਵੱਧ ਨੁਕਸਾਨ ਕਿਸਾਨਾਂ ਨੂੰ ਹੀ ਝੱਲਣਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਘੱਟਦੀ ਹੈ ਤੇ ਧਰਤੀ ਵਿਚਲੇ ਮਿੱਤਰ ਕੀੜੇ ਵੀ ਮਰ ਜਾਂਦੇ ਹਨ। ਉਨ੍ਹਾਂ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਉਹ ਆਧੁਨਿਕ ਖੇਤੀ ਮਸ਼ੀਨਰੀ ਦਾ ਵੱਧ ਤੋਂ ਵੱਧ ਲਾਭ ਉਠਾਉਣ ਤੇ ਪਰਾਲੀ ਨੂੰ ਖੇਤ ਵਿੱਚ ਹੀ ਵਾਹੁਣ ਨੂੰ ਤਰਜ਼ੀਹ ਦੇਣ।