ਸਰਹੱਦੀ ਪਿੰਡਾਂ ਦੇ ਸਰਪੰਚਾਂ ਤੇ ਮੋਹਤਬਰਾਂ ਦੇ ਹੋਣਗੇ ਰੂਬਰੂ
ਗੁਰਦਾਸਪੁਰ, 13 ਅਕਤੂਬਰ (ਸਰਬਜੀਤ ਸਿੰਘ)–ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਮਿਤੀ 13 ਅਕਤੂਬਰ ਨੂੰ ਬਲਾਕ ਕਲਾਨੌਰ ਦੇ ਪਿੰਡ ਨੜਾਂਵਾਲੀ ਵਿਖੇ ਸਰਹੱਦੀ ਪਿੰਡਾਂ ਦੇ ਸਰਪੰਚਾਂ ਅਤੇ ਮੋਹਤਬਰਾਂ ਦੇ ਰੂਬਰੂ ਹੋਣਗੇ। ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਰਕਾਰੀ ਸੀਨੀਅਰ ਹਾਈ ਸਕੂਲ ਨੜਾਂਵਾਲੀ ਵਿਖੇ ਮਿਸ਼ਨ ਅਬਾਦ ਤਹਿਤ ਵਿਸ਼ੇਸ਼ ਕੈਂਪ ਵੀ ਲਗਾਇਆ ਜਾਵੇਗਾ ਜਿਸ ਵਿੱਚ ਸਰਹੱਦੀ ਖੇਤਰ ਦੇ ਵਸਨੀਕਾਂ ਨੂੰ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਲਾਭ ਦਿੱਤਾ ਜਾਵੇਗਾ।
ਰਾਜਪਾਲ ਪੰਜਾਬ ਦੀ ਪਿੰਡ ਨੜਾਂਵਾਲੀ ਫੇਰੀ ਨੂੰ ਲੈ ਕੇ ਅੱਜ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਐੱਸ.ਐੱਸ.ਪੀ. ਗੁਰਦਾਸਪੁਰ ਹਰੀਸ਼ ਦਾਯਮਾ ਵੱਲੋਂ ਜ਼ਿਲ੍ਹਾ ਅਧਿਕਾਰੀਆਂ ਦੇ ਨਾਲ ਤਿਆਰੀਆਂ ਦਾ ਜਾਇਜਾ ਲਿਆ ਗਿਆ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਆਪਣੀ ਫੇਰੀ ਦੌਰਾਨ ਸਰਹੱਦੀ ਪਿੰਡਾਂ ਦੇ ਪੰਚਾਂ-ਸਰਪੰਚਾਂ, ਵਿਲੇਜ ਡਿਫੈਂਸ ਕਮੇਟੀਆਂ ਦੇ ਨੁਮਾਇੰਦਿਆਂ ਅਤੇ ਹੋਰ ਮੋਹਤਬਰ ਵਿਅਕਤੀਆਂ ਨਾਲ ਮੀਟਿੰਗ ਕਰਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜਾ ਲੈਣਗੇ ਅਤੇ ਨਾਲ ਹੀ ਸਰਹੱਦੀ ਲੋਕਾਂ ਨੂੰ ਦੇਸ਼ ਦੀ ਸੁਰੱਖਿਆ ਵਿੱਚ ਬੀ.ਐੱਸ.ਐੱਫ. ਤੇ ਹੋਰ ਸੁਰੱਖਿਆ ਏਜੰਸੀਆਂ ਦਾ ਸਾਥ ਦੇਣ ਲਈ ਪ੍ਰੇਰਿਤ ਕਰਨਗੇ।
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਗੇ ਦੱਸਿਆ ਕਿ ਮਾਣਯੋਗ ਰਾਜਪਾਲ ਦੀ ਫੇਰੀ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਸਰਕਾਰੀ ਹਾਈ ਸਕੂਲ਼, ਨੜਾਂਵਾਲੀ ਵਿਖੇ ਮਿਸ਼ਨ ਅਬਾਦ ਤਹਿਤ ਵਿਸ਼ੇਸ਼ ਕੈਂਪ ਵੀ ਲਗਾਇਆ ਜਾਵੇਗਾ, ਜਿਸ ਵਿੱਚ ਸਰਹੱਦੀ ਖੇਤਰ ਦੇ ਵਸਨੀਕਾਂ ਨੂੰ ਸਰਕਾਰ ਦੀਆਂ ਵੱਖ-ਵੱਖ ਭਲਾਈ ਯੋਜਨਾਵਾਂ ਦਾ ਲਾਭ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਰਾਜਪਾਲ ਪੰਜਾਬ ਦੀ ਫੇਰੀ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ।