ਝੋਨੇ ਦੀ ਪਰਾਲੀ ਨੂੰ ਖੇਤਾਂ ਵਿੱਚ ਮਿਲਾਉਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵੱਧਦੀ ਹੈ ਤੇ ਖਾਦਾਂ ਘੱਟ ਪਾਉਣ ਦੀ ਲੋੜ ਪੈਂਦੀ ਹੈ
ਗੁਰਦਾਸਪੁਰ, 14 ਅਕਤੂਬਰ (ਸਰਬਜੀਤ ਸਿੰਘ)–ਇੱਕ ਏਕੜ ਝੋਨੇ ਦੀ ਫਸਲ ਤੋਂ ਤਕਰੀਬਨ ਢਾਈ ਤੋਂ ਤਿੰਨ ਟਨ ਪਰਾਲੀ ਪੈਦਾ ਹੁੰਦੀ ਹੈ ਅਤੇ ਇੱਕ ਟਨ ਪਰਾਲੀ ਸਾੜਨ ਨਾਲ ਅਸੀਂ 400 ਕਿਲੋ ਜੈਵਿਕ ਕਾਰਬਨ, 5.5 ਕਿਲੋ ਨਾਈਟਰੋਜਨ, 2.3 ਕਿਲੋ ਫਾਸਫੋਰਸ, 2.5 ਕਿਲੋ ਪੋਟਾਸ਼ ਅਤੇ 12 ਕਿਲੋ ਸਲਫਰ ਦਾ ਨੁਕਸਾਨ ਕਰ ਬੈਠਦੇ ਹਾਂ।
ਇਹ ਪ੍ਰਗਟਾਵਾ ਮੁੱਖ ਖੇਤੀਬਾੜੀ ਅਫ਼ਸਰ ਡਾ. ਕ੍ਰਿਪਾਲ ਸਿੰਘ ਢਿਲੋਂ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਸਾੜਨ ਦੀ ਥਾਂ ਜ਼ਮੀਨ ’ਚ ਮਿਲਾ ਕੇ ਕਣਕ ਦੀ ਬਿਜਾਈ ਲਈ ਪ੍ਰੇਰਿਤ ਕਰਨ ਦੀ ਅਪੀਲ ਕਰਦਿਆਂ ਕੀਤਾ। ਉਨਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਖੇਤਾਂ ਵਿੱਚ ਮਿਲਾਉਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵੱਧਦੀ ਹੈ, ਖਾਦਾਂ ਘੱਟ ਪਾਉਣ ਦੀ ਲੋੜ ਪੈਂਦੀ ਹੈ ਅਤੇ ਮਿੱਤਰ ਕੀੜਿਆਂ ਦੀ ਗਿਣਤੀ ਵੱਧਣ ਕਾਰਨ ਫ਼ਸਲ ’ਤੇ ਕੀੜੇ-ਮਕੌੜਿਆਂ ਦਾ ਹਮਲਾ ਵੀ ਘੱਟ ਹੁੰਦਾ ਹੈ।
ਮੁੱਖ ਖੇਤੀਬਾੜੀ ਅਫ਼ਸਰ ਨੇ ਅੱਗੇ ਕਿਹਾ ਕਿ ਜ਼ਿਲ੍ਹੇ ਵਿੱਚ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਸਬਸਿਡੀ ਉੱਪਰ ਖੇਤੀ ਮਸ਼ੀਨਰੀ ਉਪਲੱਬਧ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਜਿਹੜੇ ਕਿਸਾਨਾਂ ਕੋਲ ਖੇਤੀ ਸੰਦ ਨਹੀਂ ਹਨ ਉਹ ਆਪਣੇ ਆਸ-ਪਾਸ ਤੋਂ ਕਿਰਾਏ ਉੱਪਰ ਸੰਦ ਲੈ ਕੇ ਕਣਕ ਦੀ ਬਿਜਾਈ ਕਰ ਸਕਦੇ ਹਨ।
ਡਾ. ਢਿਲੋਂ ਨੇ ਦੱਸਿਆ ਕਿ ਅੱਗ ਦੀਆਂ ਘਟਨਾਵਾਂ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਖ-ਵੱਖ ਉਡਨ ਦਸਤੇ ਵੀ ਤਿਆਰ ਕੀਤੇ ਗਏ ਹਨ ਜੋ ਤੁਰੰਤ ਪ੍ਰਭਾਵ ਨਾਲ ਕਾਰਵਾਈ ਕਰ ਰਹੇ ਹਨ। ਉਨਾਂ ਪਿੰਡਾਂ ਦੇ ਪੰਚਾਂ-ਸਰਪੰਚਾਂ ਅਤੇ ਨੰਬਰਦਾਰਾਂ ਦੇ ਨਾਲ ਆਮ ਜਨਤਾ ਨੂੰ ਅਪੀਲ ਕੀਤੀ ਹੈ ਕਿ ਜੇਕਰ ਉਨਾਂ ਦੇ ਪਿੰਡ ਪਰਾਲੀ ਨੂੰ ਅੱਗ ਲੱਗਦੀ ਹੈ ਤਾਂ ਉਹ ਇਸਦੀ ਸੂਚਨਾ ਤੁਰੰਤ ਜ਼ਿਲ੍ਹਾ ਪ੍ਰਸ਼ਾਸਨ ਦੇ ਕੰਟਰੋਲ ਰੂਮ ਦੇ ਨੰਬਰ 1800-180-1852 ਉੱਪਰ ਦੇਣ। ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਖੇਤਾਂ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਬਿਲਕੁਲ ਨਾ ਲਗਾਉਣ। ਉਨ੍ਹਾਂ ਕਿਹਾ ਕਿ ਫ਼ਸਲੀ ਰਹਿੰਦ-ਖੂੰਹਦ ਦੇ ਨਿਪਟਾਰੇ ਲਈ ਕਿਸੇ ਵੀ ਤਰਾਂ ਦੀ ਜਾਣਕਾਰੀ ਅਤੇ ਸਹਾਇਤਾ ਲਈ ਨੇੜੇ ਦੇ ਖੇਤੀਬਾੜੀ ਦਫ਼ਤਰ ਵਿੱਚ ਸੰਪਰਕ ਕੀਤਾ ਜਾ ਸਕਦਾ ਹੈ।


