ਮੁੱਖ ਮੰਤਰੀ ਪੰਜਾਬ ਨੇ ਟਵੀਟ ਕਰਕੇ ਕਲਰਕ ਕੇਡਰ ਦੀਆਂ 106 ਆਸਾਮੀਆਂ ਭਰਨ ਲਈ ਸਹਿਮਤੀ ਦਿੱਤੀ

ਚੰਡੀਗੜ੍ਹ

ਚੰਡੀਗੜ੍ਹ, ਗੁਰਦਾਸਪੁਰ, 15 ਅਕਤੂਬਰ (ਸਰਬਜੀਤ ਸਿੰਘ)–ਸੂਬੇ ਦੇ ਨੌਜਵਾਨਾਂ ਲਈ ਸਰਕਾਰੀ ਨੌਕਰੀਆਂ ਦੇ ਹੋਰ ਮੌਕੇ ਖੋਲ੍ਹਣ ਦੀ ਕਵਾਇਦ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਟਵੀਟ ਕਰਕੇ ਆਮ ਰਾਜ ਪ੍ਰਬੰਧ ਵਿਭਾਗ, ਪੰਜਾਬ, ਸਿਵਲ ਸਕੱਤਰੇਤ ਚੰਡੀਗੜ੍ਹ, ਵਿੱਚ ਕਲਰਕ ਕੇਡਰ ਦੀਆਂ 106 ਆਸਾਮੀਆਂ ਭਰਨ ਲਈ ਸਹਿਮਤੀ ਦੇ ਦਿੱਤੀ। ਕੈਬਨਿਟ ਨੇ ਐਸ.ਏ.ਐਸ. ਨਗਰ (ਮੁਹਾਲੀ), ਕਪੂਰਥਲਾ, ਹੁਸ਼ਿਆਰਪੁਰ, ਮਾਲੇਰਕੋਟਲਾ ਤੇ ਸੰਗਰੂਰ ਵਿੱਚ ਮੈਡੀਕਲ ਕਾਲਜਾਂ ਦੇ ਜਲਦੀ ਨਿਰਮਾਣ ਲਈ ਢੁਕਵਾਂ ਢਾਂਚਾ ਕਾਇਮ ਕਰਨ ਦੀ ਵੀ ਪ੍ਰਵਾਨਗੀ ਦੇ ਦਿੱਤੀ। ਕੈਬਨਿਟ ਨੇ ਲੀਗਲ ਤੇ ਲੈਜਿਸਲੇਟਿਵ ਮਾਮਲੇ (ਗਰੁੱਪ ਬੀ) ਸੇਵਾ ਨਿਯਮ 2023 ਬਣਾਉਣ ਨੂੰ ਵੀ ਮਨਜ਼ੂਰੀ ਦੇ ਦਿੱਤੀ। ਇਸ ਨਾਲ ਵਿਭਾਗ ਵਿੱਚ ਨਵੀਂ ਭਰਤੀ ਪ੍ਰਕਿਰਿਆ ਵਿੱਚ ਸਹੂਲਤ ਹੋਵੇਗੀ ਅਤੇ ਇਸ ਨਾਲ ਲੀਗਲ ਤੇ ਲੈਜਿਸਲੇਟਿਵ ਮਾਮਲਿਆਂ, ਪੰਜਾਬ ਦੀ ਰੋਜ਼ਾਨਾ ਦੀ ਕਾਰਜਪ੍ਰਣਾਲੀ ਨੂੰ ਸੁਚਾਰੂ ਤਰੀਕੇ ਨਾਲ ਚਲਾਉਣ ਵਿੱਚ ਮਦਦ ਮਿਲੇਗੀ। ਪਸ਼ੂਆਂ ਲਈ ਵਧੀਆ ਸਿਹਤ ਸੰਭਾਲ ਸਹੂਲਤਾਂ ਦੇਣ ਲਈ ਪੰਜਾਬ ਕੈਬਨਿਟ ਨੇ ਸੂਬੇ ਭਰ ਦੇ 582 ਵੈਟਰਨਰੀ ਹਸਪਤਾਲਾਂ ਵਿੱਚ ਕੰਮ ਕਰ ਰਹੇ 481 ਵੈਟਰਨਰੀ ਫਾਰਮਾਸਿਸਟਾਂ ਦੀਆਂ ਸੇਵਾਵਾਂ ਵਿੱਚ ਸਰਵਿਸ ਪ੍ਰੋਵਾਈਡਰ ਵਜੋਂ ਪਹਿਲੀ ਅਪਰੈਲ 2023 ਤੋਂ 31 ਮਾਰਚ 2024 ਤੱਕ ਇਕ ਸਾਲ ਲਈ ਵਾਧਾ ਕਰਨ ਦੀ ਸਹਿਮਤੀ ਵੀ ਦਿੱਤੀ। ਕੈਬਨਿਟ ਨੇ ਸੂਬੇ ਦੀਆਂ ਜੇਲ੍ਹਾਂ ਵਿੱਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਪੰਜ ਕੈਦੀਆਂ ਦੀ ਅਗਾਊਂ ਰਿਹਾਈ ਦੀ ਮੰਗ ਕਰਨ ਵਾਲੇ ਕੇਸ ਭੇਜਣ ਦੀ ਸਹਿਮਤੀ ਦੇ ਦਿੱਤੀ, ਜਦੋਂ ਕਿ ਚਾਰ ਅਜਿਹੇ ਕੇਸ ਰੱਦ ਕਰ ਦਿੱਤੇ ਗਏ। ਕੈਬਨਿਟ ਨੇ ਪ੍ਰਿੰਟਿੰਗ ਤੇ ਸਟੇਸ਼ਨਰੀ ਵਿਭਾਗ ਦੇ ਕੁੱਝ ਸਾਲ ਪਹਿਲਾਂ ਹੋਈ ਪੁਨਰ ਸੰਰਚਨਾ ਦੇ ਫੈਸਲੇ ਦੀ ਵੀ ਸਮੀਖਿਆ ਕੀਤੀ। ਇਸ ਫੈਸਲੇ ਮੁਤਾਬਕ ਵਾਧੂ ਪਈਆਂ ਆਸਾਮੀਆਂ ਖ਼ਤਮ ਹੋਣ ਅਤੇ ਲੋੜੀਦੀਆਂ ਅਸਾਮੀਆਂ ਸੁਰਜੀਤ ਕਰਨ ਨਾਲ ਸੂਬੇ ਦੇ ਖ਼ਜ਼ਾਨੇ ਤੋਂ ਬੋਝ ਘਟੇਗਾ। ਮੁੱਖ ਚੋਣ ਅਫ਼ਸਰ, ਪੰਜਾਬ ਦੇ ਕੰਮਕਾਜ ਨੂੰ ਹੋਰ ਸੁਚਾਰੂ ਬਣਾਉਣ ਲਈ ਕੈਬਨਿਟ ਨੇ ਸਹਾਇਕ ਕੰਟਰੋਲਰ (ਵਿੱਤ ਤੇ ਲੇਖਾ) ਦੀ ਆਸਾਮੀ ਨੂੰ ਡਿਪਟੀ ਕੰਟਰੋਲਰ (ਵਿੱਤ ਤੇ ਲੇਖਾ) ਵਜੋਂ ਅਪਗ੍ਰੇਡ ਕਰਨ ਲਈ ਵੀ ਹਰੀ ਝੰਡੀ ਦੇ ਦਿੱਤੀ।

Leave a Reply

Your email address will not be published. Required fields are marked *