ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਦਾਣਾ ਮੰਡੀ ਗੁਰਦਾਸਪੁਰ ਦਾ ਦੌਰਾ

ਗੁਰਦਾਸਪੁਰ

ਝੋਨੇ ਦੀ ਖ਼ਰੀਦ, ਲਿਫਟਿੰਗ ਅਤੇ ਬਰਸਾਤ ਦੌਰਾਨ ਕੀਤੇ ਪ੍ਰਬੰਧਾਂ ਦਾ ਜਾਇਜਾ ਲਿਆ

ਕੇਂਦਰ ਸਰਕਾਰ ਤੇ ਐੱਫ.ਸੀ.ਆਈ. ਸੈਲਰ ਮਾਲਕਾਂ ਦੀ ਵਾਜਬ ਮੰਗਾਂ ਨੂੰ ਪ੍ਰਵਾਨ ਕਰੇ – ਕਟਾਰੂਚੱਕ

ਗੁਰਦਾਸਪੁਰ, 17 ਅਕਤੂਬਰ (ਸਰਬਜੀਤ ਸਿੰਘ)– ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਅੱਜ ਦਾਣਾ ਮੰਡੀ ਗੁਰਦਾਸਪੁਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ, ਆਮ ਆਦਮੀ ਪਾਰਟੀ ਦੇ ਜ਼ਿਲ੍ਹਾ (ਸ਼ਹਿਰੀ) ਪ੍ਰਧਾਨ ਸ਼ਮਸ਼ੇਰ ਸਿੰਘ, ਮਾਰਕਿਟ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਭਾਰਤ ਭੂਸ਼ਨ ਸ਼ਰਮਾਂ, ਡੀ.ਐੱਫ.ਐੱਸ.ਸੀ ਡਾ. ਡੇਜ਼ੀ ਮਹਿਤਾ, ਫੂਡ ਸਪਲਾਈ ਵਿਭਾਗ, ਮੰਡੀ ਬੋਰਡ ਅਤੇ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀ ਵੀ ਮੌਜੂਦ ਸਨ।

ਗੁਰਦਾਸਪੁਰ ਦਾਣਾ ਮੰਡੀ ਵਿੱਚ ਝੋਨੇ ਦੀ ਖ਼ਰੀਦ, ਲਿਫਟਿੰਗ ਅਤੇ ਬਰਸਾਤ ਦੇ ਮੌਸਮ ਦੌਰਾਨ ਮੰਡੀਆਂ ਵਿੱਚ ਕੀਤੇ ਪ੍ਰਬੰਧਾਂ ਦਾ ਜਾਇਜਾ ਲੈਣ ਤੋਂ ਬਾਅਦ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਅਗਵਾਈ ਹੇਠ ਇਸ ਖਰੀਦ ਸੀਜ਼ਨ ਦੌਰਾਨ ਸੂਬੇ ਦੀਆਂ ਮੰਡੀਆਂ ਵਿੱਚ ਲਗਭਗ 8 ਲੱਖ ਕਿਸਾਨਾਂ ਦੀ ਹੋਣ ਵਾਲੀ ਸੰਭਾਵਿਤ ਆਮਦ ਦੇ ਮੱਦੇਨਜ਼ਰ ਰਾਜ ਸਰਕਾਰ ਵੱਲੋਂ 1854 ਖਰੀਦ ਕੇਂਦਰ ਬਣਾਏ ਗਏ ਹਨ ਅਤੇ ਸਮੁੱਚੀ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਵਿਆਪਕ ਪ੍ਰਬੰਧ ਕੀਤੇ ਗਏ ਹਨ।

ਉਨ੍ਹਾਂ ਦੱਸਿਆ ਕਿ 15 ਅਕਤੂਬਰ ਦੀ ਸ਼ਾਮ ਤੱਕ ਸੂਬੇ ਭਰ ਦੀਆਂ ਮੰਡੀਆਂ ਵਿੱਚ 24 ਲੱਖ ਮੀਟ੍ਰਿਕ ਟਨ ਝੋਨੇ ਦੀ ਫਸਲ ਆਈ ਹੈ, ਜਿਸ ਵਿੱਚੋਂ 22.50 ਲੱਖ ਮੀਟ੍ਰਿਕ ਟਨ ਫਸਲ ਦੀ ਖਰੀਦ ਕਰ ਲਈ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਐਲਾਨ ਮੁਤਾਬਕ ਕਿਸਾਨਾਂ ਨੂੰ ਖਰੀਦੀ ਫਸਲ ਦੀ 24 ਘੰਟਿਆਂ ਦੇ ਅੰਦਰ ਹੀ ਅਦਾਇਗੀ ਕੀਤੀ ਜਾ ਰਹੀ ਹੈ, ਜਿਸ ਤਹਿਤ ਹੁਣ ਤੱਕ 2350 ਕਰੋੜ ਰੁਪਏ ਤੋਂ ਵੱਧ ਦੀ ਅਦਾਇਗੀ ਕਿਸਾਨਾਂ ਨੂੰ ਕੀਤੀ ਜਾ ਚੁੱਕੀ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਬਰਸਾਤ ਨੂੰ ਦੇਖਦੇ ਹੋਏ ਮੰਡੀਆਂ ਵਿੱਚ ਪੁਖਤਾ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਕਿਸਾਨਾਂ ਦੀ ਫ਼ਸਲ ਨੂੰ ਕੋਈ ਨੁਕਸਾਨ ਨਾ ਪਹੁੰਚੇ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਆਪਣੀ ਜਿਣਸ ਵੇਚਣ ਲਈ ਆ ਰਹੇ ਕਿਸਾਨਾਂ ਦੀ ਹਰ ਸਹੂਲਤ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ।

ਸੈਲਰ ਮਾਲਕਾਂ ਵੱਲੋਂ ਕੀਤੀ ਗਈ ਹੜਤਾਲ ਬਾਰੇ ਗੱਲ ਕਰਦਿਆਂ ਕੈਬਨਿਟ ਮੰਤਰੀ ਕਟਾਰੂਚੱਕ ਨੇ ਕਿਹਾ ਕਿ  ਕੇਂਦਰ ਸਰਕਾਰ ਤੇ ਭਾਰਤੀ ਖੁਰਾਕ ਨਿਗਮ ਨੂੰ ਸੈਲਰ ਮਾਲਕਾਂ ਦੀਆਂ ਵਾਜਬ ਮੰਗਾਂ ਨੂੰ ਨਰਮ ਰੁਖ ਰੱਖ ਕੇ ਪ੍ਰਵਾਨ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵੀ ਇਸ ਹੜਤਾਲ ਨੂੰ ਖ਼ਤਮ ਕਰਵਾਉਣ ਲਈ ਯਤਨ ਕੀਤੇ ਜਾ ਰਹੇ ਹਨ ਅਤੇ ਜਲਦੀ ਹੀ ਇਸ ਦੇ ਚੰਗੇ ਸਿੱਟੇ ਸਾਹਮਣੇ ਆਉਣਗੇ। ਉਨ੍ਹਾਂ ਕਿਹਾ ਕਿ ਲਿਫਟਿੰਗ ਨੂੰ ਲੈ ਕੇ ਪੰਜਾਬ ਸਰਕਾਰ ਪੂਰੀ ਤਰ੍ਹਾਂ ਚੇਤੰਨ ਹੈ ਅਤੇ ਅੱਜ ਵੀ ਗੁਰਦਾਸਪੁਰ ਦਾਣਾ ਮੰਡੀ ਵਿੱਚ ਸੈਲਰ ਮਾਲਕਾਂ ਨੂੰ ਗੱਡੀਆਂ ਰਵਾਨਾਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਮੌਸਮ ਦੀ ਖ਼ਰਾਬੀ ਦੇ ਬਾਵਜੂਦ ਵੀ ਸੂਬੇ ਵਿੱਚ 8 ਲੱਖ ਮੀਟ੍ਰਿਕ ਟਨ ਤੋਂ ਵੱਧ ਦੀ ਲਿਫਟਿੰਗ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਲਿਫਟਿੰਗ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ।

Leave a Reply

Your email address will not be published. Required fields are marked *