ਗੁਰਦਾਸਪੁਰ, 19 ਅਕਤੂਬਰ (ਸਰਬਜੀਤ ਸਿੰਘ)– ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੇ ਮੱਦੇਨਜ਼ਰ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈ.ਵੀ.ਐੱਮ.) ਦੀ ਫਸਟ ਲੈਵਲ ਚੈਕਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਚੋਣ ਤਹਿਸੀਲਦਾਰ ਮਨਜਿੰਦਰ ਸਿੰਘ ਬਾਜਵਾ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਜ਼ਿਲ੍ਹਾ ਚੋਣ ਅਧਿਕਾਰੀ ਨੇ ਸਮੂਹ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਚੈਕਿੰਗ ਦੌਰਾਨ ਹਾਜ਼ਰ ਰਹਿਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਫਸਟ ਲੈਵਲ ਚੈਕਿੰਗ ਦੌਰਾਨ ਹਰ ਰੋਜ਼ ਸਮੂਹ ਰਾਜਸੀ ਪਾਰਟੀਆਂ ਦੇ ਨੁਮਾਇੰਦੇ ਹਾਜ਼ਰ ਹੋਣ। ਉਨ੍ਹਾਂ ਕਿਹਾ ਕਿ ਚੋਣ ਪ੍ਰਕਿਰਿਆ ਦਾ ਸਭ ਤੋਂ ਅਹਿਮ ਪੜਾਅ ਫਸਟ ਲੈਵਲ ਚੈਕਿੰਗ ਹੁੰਦਾ ਹੈ। ਉਨ੍ਹਾਂ ਕਿਹਾ ਕਿ ਰਾਜਨੀਤਿਕ ਪਾਰਟੀਆਂ ਵਿੱਚ ਜਾਗਰੂਕਤਾ ਦੀ ਘਾਟ ਕਾਰਨ ਇਹ ਅਕਸਰ ਦੇਖਣ ਵਿੱਚ ਆਉਂਦਾ ਹੈ ਕਿ ਉਹ ਫਸਟ ਲੈਵਲ ਚੈਕਿੰਗ ਦੌਰਾਨ ਹਾਜ਼ਰ ਹੋਣ ਤੋਂ ਅਸਮੱਰਥ ਹੋ ਜਾਂਦੇ ਹਨ। ਉਨ੍ਹਾਂ ਕਿਹਾ ਕਿ ਫਸਟ ਲੈਵਲ ਚੈਕਿੰਗ ਦੌਰਾਨ ਇੰਜੀਨੀਅਰਾਂ ਦੀ ਟੀਮ ਹਾਜ਼ਰ ਰਹਿੰਦੀ ਹੈ ਅਤੇ ਮੌਕੇ ਉੱਤੇ ਹਾਜ਼ਰ ਰਾਜਨੀਤਕ ਪਾਰਟੀਆਂ ਦੇ ਨੁੰਮਾਇੰਦਿਆਂ ਨੂੰ ਈ.ਵੀ.ਐਮ. ਦੀ ਕਾਰਜਪ੍ਰਣਾਲੀ ਅਤੇ ਬਣਤਰ ਸਬੰਧੀ ਜਾਣਕਾਰੀ ਦਿੰਦੀ ਹੈ ਜਿਸ ਨਾਲ ਈ.ਵੀ.ਐਮ. ਸਬੰਧੀ ਹਰ ਤਰ੍ਹਾਂ ਦੇ ਸ਼ੱਕ ਜੜ੍ਹ ਤੋਂ ਖਤਮ ਹੋ ਜਾਂਦੇ ਹਨ।