ਦੇਸ਼ ਖਾਤਰ ਜਾਨਾਂ ਵਾਰਨ ਵਾਲੇ ਬਹਾਦਰ ਪੁਲਿਸ ਜਵਾਨਾਂ ਨੂੰ ਗੁਰਦਾਸਪੁਰ ਪੁਲਿਸ ਨੇ ਸ਼ਹੀਦੀ ਦਿਵਸ ਮੌਕੇ ਦਿੱਤੀ ਨਿੱਘੀ ਸ਼ਰਧਾਂਜਲੀ

ਗੁਰਦਾਸਪੁਰ

ਸੁਰੱਖਿਆ ਫੋਰਸਾਂ ਦੇ ਬਹਾਦਰ ਯੋਧਿਆਂ ਦੀਆਂ ਕੁਰਬਾਨੀ ਸਦਕਾ ਹੀ ਕਾਇਮ ਹੈ ਅਮਨ-ਸ਼ਾਂਤੀ – ਐੱਸ.ਐੱਸ.ਪੀ. ਗੁਰਦਾਸਪੁਰ

ਸ਼ਹੀਦਾਂ ਦੀ ਸ਼ਹਾਦਤ ਤੋਂ ਪ੍ਰੇਰਨਾ ਲੈ ਕੇ ਹਰ ਬਸ਼ਿੰਦਾ ਦੇਸ ਤੇ ਸਮਾਜ ਪ੍ਰਤੀ ਆਪਣੇ ਫਰਜਾਂ ਨੂੰ ਨਿਭਾਵੇ

ਗੁਰਦਾਸਪੁਰ, 22 ਅਕਤੂਬਰ (ਸਰਬਜੀਤ ਸਿੰਘ)– ਪੰਜਾਬ ਪੁਲਿਸ ਦੇ ਬਹਾਦਰ ਜਵਾਨਾਂ ਨੇ ਹਮੇਸ਼ਾਂ ਹੀ ਸੂਬੇ ਅਤੇ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਕਾਇਮ ਰੱਖਦਿਆਂ ਵੱਡੀਆਂ ਕੁਰਬਾਨੀਆਂ ਦੇ ਕੇ ਸ਼ਾਨਾਮੱਤਾ ਇਤਿਹਾਸ ਸਿਰਜਿਆ ਹੈ। ਪੰਜਾਬ ਪੁਲਿਸ ਨੂੰ ਆਪਣੇ ਉਨਾਂ ਮਹਾਨ ਸ਼ਹੀਦਾਂ ਉੱਪਰ ਹਮੇਸ਼ਾਂ ਫ਼ਖਰ ਰਹੇਗਾ ਜਿਨਾਂ ਦੀ ਬਦੌਲਤ ਸੂਬਾ ਪੰਜਾਬ ਅੱਤਵਾਦ ਦੇ ਕਾਲੇ ਦੌਰ ਵਿਚੋਂ ਬਾਹਰ ਨਿਕਲ ਸਕਿਆ ਸੀ।

ਇਹ ਪ੍ਰਗਟਾਵਾ ਐੱਸ.ਐੱਸ.ਪੀ. ਗੁਰਦਾਸਪੁਰ ਹਰੀਸ਼ ਦਾਯਮਾ ਨੇ ਅੱਜ ਸਥਾਨਕ ਪੁਲਸ ਲਾਈਨ ਵਿਖੇ ਸੋਗ ਪਰੇਡ ਦਿਵਸ (ਪੁਲਿਸ ਕੋਮੈਮੋਰੇਸ਼ਨ ਡੇਅ ਪਰੇਡ) ਮੌਕੇ ਸ਼ਹੀਦ ਹੋਏ ਪੰਜਾਬ ਪੁਲਸ ਤੇ ਹੋਰ ਸੁਰੱਖਿਆ ਬਲਾਂ ਦੇ ਜਵਾਨਾਂ ਨੂੰ ਭਾਵ-ਭਿੰਨੀ ਸ਼ਰਧਾਂਜਲੀ ਭੇਟ ਕਰਦਿਆਂ ਆਪਣੇ ਸੰਬੋਧਨ ਦੌਰਾਨ ਕੀਤਾ। ਉਨਾਂ ਕਿਹਾ ਕਿ ਅੱਜ ਦੇ ਦਿਨ 21 ਅਕਤੂਬਰ 1959 ਨੂੰ ਲਦਾਖ ਦੇ ਹੌਟ ਸਪਰਿੰਗਜ਼ ਵਿਖੇ ਚੀਨ ਦੇ ਬਾਰਡਰ ’ਤੇ ਪੈਟਰੋਲਿੰਗ ਕਰ ਰਹੀ ਸੀ.ਆਰ.ਪੀ.ਐੱਫ ਦੀ ਟੁੱਕੜੀ ’ਤੇ ਚੀਨੀ ਫੌਜੀਆਂ ਨੇ ਘਾਤ ਲਗਾ ਕੇ ਹਮਲਾ ਕੀਤਾ ਸੀ, ਜਿਸਦਾ ਸਾਡੇ ਦੇਸ਼ ਦੇ ਜਵਾਨਾਂ ਨੇ ਬੜੀ ਦਲੇਰੀ ਤੇ ਬਹਾਦਰੀ ਨਾਲ ਮੁਕਾਬਲਾ ਕੀਤਾ ਅਤੇ ਦੇਸ਼ ਦੀ ਰਾਖੀ ਲਈ ਇਹ ਜਵਾਨ ਸ਼ਹਾਦਤ ਪ੍ਰਾਪਤ ਕਰ ਗਏ ਸਨ। ਉਨਾਂ ਸ਼ਹੀਦਾਂ ਦੀ ਯਾਦ ਵਿਚ ਸਾਲ 1960 ਤੋਂ ਦੇਸ਼ ਦੀਆਂ ਸਾਰੀਆਂ ਪੁਲਿਸ ਫੋਰਸਿਜ਼, ਸੁਰੱਖਿਆ ਬਲਾਂ ਵਲੋਂ ਲਏ ਗਏ ਫੈਸਲੇ ਮੁਤਾਬਕ ਹਰ ਸਾਲ 21 ਅਕਤੂਬਰ ਦਾ ਦਿਨ ਦੇਸ਼ ਦੀ ਏਕਤਾ ਤੇ ਅਖੰਡਤਾ ਲਈ ਜਾਨਾਂ ਵਾਰਨ ਵਾਲੇ ਬਹਾਦਰ ਜਵਾਨਾਂ ਦੀ ਯਾਦ ਨੂੰ ਸਮਰਪਿਤ ਕੀਤਾ ਗਿਆ ਹੈ।

ਐੱਸ.ਐੱਸ.ਪੀ. ਗੁਰਦਾਸਪੁਰ ਹਰੀਸ਼ ਦਾਯਮਾ ਨੇ ਕਿਹਾ ਕਿ ਸ਼ਹੀਦ ਦੇਸ਼ ਤੇ ਕੌਮ ਦਾ ਸਰਮਾਇਆ ਹੁੰਦੇ ਹਨ ਅਤੇ ਪੂਰਾ ਦੇਸ਼ ਹਮੇਸ਼ਾਂ ਆਪਣੇ ਸ਼ਹੀਦਾਂ ਦਾ ਕਰਜ਼ਦਾਰ ਰਹੇਗਾ। ਉਨਾਂ ਦੱਸਿਆ ਕਿ ਪੰਜਾਬ ਪੁਲਿਸ ਨੇ ਅੱਤਵਾਦ ਨੂੰ ਖਤਮ ਕਰਨ ਲਈ ਬੜੀ ਬਹਾਦਰੀ ਨਾਲ ਲੜਾਈ ਲੜੀ ਹੈ ਅਤੇ ਪੰਜਾਬ ਪੁਲਿਸ ਦੇ ਵੱਡੇ ਅਧਿਕਾਰੀ ਤੋਂ ਲੈ ਕੇ ਸਿਪਾਹੀ ਤੱਕ ਨੇ ਸ਼ਹਾਦਤ ਦਾ ਜਾਮ ਪੀਤਾ ਹੈ। ਉਨਾਂ ਕਿਹਾ ਕਿ ਅੱਤਵਾਦ ਨੂੰ ਖਤਮ ਕਰਨ ਲਈ ਪੁਲਿਸ ਜ਼ਿਲ੍ਹਾ ਗੁਰਦਾਸਪੁਰ ਦਾ ਬਹੁਤ ਵੱਡਾ ਯੋਗਦਾਨ ਰਿਹਾ ਹੈ ਅਤੇ ਗੁਰਦਾਸਪੁਰ ਪੁਲਿਸ ਦੇ 48 ਜਵਾਨਾਂ ਨੇ ਅਮਨ ਸ਼ਾਂਤੀ ਕਾਇਮ ਕਰਨ ਲਈ ਆਪਣੀਆਂ ਜਾਨਾਂ ਵਾਰ ਕੇ ਸ਼ਹਾਦਤਾਂ ਪਾਈਆਂ ਹਨ। ਉਨਾਂ ਕਿਹਾ ਕਿ ਸ਼ਹੀਦਾਂ ਦੇ ਪਰਿਵਾਰ ਸਾਡੇ ਆਪਣੇ ਪਰਿਵਾਰ ਹਨ ਅਤੇ ਪੁਲਿਸ ਵਿਭਾਗ ਸ਼ਹੀਦ ਪਰਿਵਾਰਾਂ ਦੇ ਹਰ ਦੁੱਖ-ਸੁੱਖ ਦੀ ਘੜੀ ਵਿੱਚ ਉਨਾਂ ਦੇ ਨਾਲ ਖੜਾ ਹੈ।

ਐੱਸ.ਐਸ.ਪੀ. ਗੁਰਦਾਸਪੁਰ ਨੇ ਕਿਹਾ ਕਿ ਪੰਜਾਬ ਪੁਲਿਸ ਨੇ ਜਿਥੇ ਅੱਤਵਾਦ ਖਿਲਾਫ ਲੜਾਈ ਲੜੀ ਹੈ ਓਥੇ ਨਸ਼ਿਆਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਵੀ ਜੰਗ ਲੜੀ ਜਾ ਰਹੀ ਹੈ। ਉਨਾਂ ਕਿਹਾ ਕਿ ਗੁਰਦਾਸਪੁਰ ਪੁਲਿਸ ਅਮਨ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਪੂਰੀ ਤਰਾਂ ਵਚਨਬੱਧ ਹੈ ਅਤੇ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ।  

ਇਸ ਤੋਂ ਪਹਿਲਾਂ ਡੀ.ਐੱਸ.ਪੀ. ਕਲਾਨੌਰ ਸ. ਗੁਰਵਿੰਦਰ ਸਿੰਘ ਚੰਦੀ ਦੀ ਕਮਾਂਡ ਹੇਠ ਪੁਲਿਸ ਦੇ ਜਵਾਨਾਂ ਨੇ ਸ਼ੋਕ ਸਲਾਮੀ ਦੌਰਾਨ ਹਥਿਆਰ ਉਲਟੇ ਕਰਕੇ ਸ਼ਹੀਦ ਅਫਸਰਾਂ ਤੇ ਜਵਾਨਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਅਤੇ ਦੋ ਮਿੰਟ ਦਾ ਮੌਨ ਧਾਰਨ ਕੀਤਾ। ਇਸ ਮੌਕੇ ਸਬ ਇੰਸਪੈਕਟਰ ਕ੍ਰਿਸ਼ਮਾ ਅਤੇ ਰਜਿੰਦਰ ਕੌਰ ਨੇ ਪਿਛਲੇ ਇੱਕ ਸਾਲ ਦੌਰਾਨ ਦੇਸ਼ ਭਰ ਵਿੱਚ ਸ਼ਹੀਦ ਹੋਏ 189 ਸੁਰੱਖਿਆ ਜਵਾਨਾਂ ਦੇ ਨਾਮ ਪੜ੍ਹ ਕੇ ਉਨਾਂ ਨੂੰ ਸ਼ਰਧਾਂਜਲੀ ਦਿੱਤੀ।

ਇਸ ਮੈਕੇ ਐੱਸ.ਐੱਸ.ਪੀ. ਗੁਰਦਾਸਪੁਰ ਹਰੀਸ਼ ਦਾਯਮਾ, ਉਨ੍ਹਾਂ ਦੀ ਧਰਮ ਪਤਨੀ ਅੰਮ੍ਰਿਤ ਸਿੰਘ ਆਈ.ਏ.ਐੱਸ, ਐਡੀਸ਼ਨਲ ਜ਼ਿਲ੍ਹਾ ਤੇ ਸੈਸ਼ਨ ਜੱਜ ਪਰਮਿੰਦਰ ਸਿੰਘ ਰਾਏ, ਸੀ.ਜੇ.ਐੱਮ. ਰਾਜੇਸ਼ ਆਹਲੂਵਾਲੀਆ, ਵਧੀਕ ਡਿਪਟੀ ਕਮਿਸ਼ਨਰ (ਜ) ਸੁਭਾਸ਼ ਚੰਦਰ, ਐੱਸ.ਪੀ. (ਡੀ) ਪਿ੍ਰਥੀਪਾਲ ਸਿੰਘ, ਐੱਸ.ਪੀ. ਹੈੱਡਕੁਆਟਰ ਨਵਜੋਤ ਸਿੰਘ ਸੰਧੂ, ਸਮੂਹ ਡੀ.ਐੱਸ.ਪੀਜ਼, ਐੱਸ.ਐੱਚ.ਓਜ਼, ਸਾਬਕਾ ਪੁਲਿਸ ਅਧਿਕਾਰੀਆਂ ਅਤੇ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨੇ ਪੁਲਿਸ ਸ਼ਹੀਦੀ ਯਾਦਗਾਰ ’ਤੇ ਫੁੱਲ ਮਲਾਵਾਂ ਚੜਾ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ। ਇਸ ਤੋਂ ਬਾਅਦ ਅਧਿਕਾਰੀਆਂ ਵੱਲੋਂ ਸ਼ਹੀਦੀ ਗੈਲਰੀ ਦਾ ਦੌਰਾ ਕੀਤਾ ਗਿਆ ਅਤੇ ਅਖੀਰ ਵਿੱਚ ਐੱਸਐੱਸ.ਪੀ. ਗੁਰਦਾਸਪੁਰ ਤੇ ਹੋਰ ਅਧਿਕਾਰੀਆਂ ਵੱਲੋਂ ਨੇ ਸ਼ਹੀਦ ਪਰਿਵਾਰਾਂ ਦਾ ਆਦਰ-ਮਾਣ ਕੀਤਾ ਗਿਆ ਅਤੇ ਉਨਾਂ ਦੀਆਂ ਮੁਸ਼ਕਲਾਂ ਵੀ ਸੁਣੀਆਂ।

Leave a Reply

Your email address will not be published. Required fields are marked *