ਵੋਟਰ ਜਾਗਰੂਕਤਾ ਲਈ ਸਵੀਪ ਗਤੀਵਿਧੀਆਂ ਨੂੰ ਤੇਜ਼ ਕਰਨ ਦੀਆਂ ਹਦਾਇਤਾਂ ਦਿੱਤੀਆਂ
ਗੁਰਦਾਸਪੁਰ, 2 ਨਵੰਬਰ ( ਸਰਬਜੀਤ ਸਿੰਘ)– ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਪ੍ਰਾਪਤ ਹੋਏ ਸ਼ਡਿਊਲ ਅਨੁਸਾਰ ਯੋਗਤਾ ਮਿਤੀ 1 ਜਨਵਰੀ 2024 ਦੇ ਅਧਾਰ ’ਤੇ ਜ਼ਿਲ੍ਹੇ ਦੇ ਸਮੂਹ ਵਿਧਾਨ ਸਭਾ ਚੋਣ ਹਲਕਿਆਂ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਸੁਧਾਈ ਦਾ ਕੰਮ ਮਿਤੀ 27 ਅਕਤੂਬਰ 2023 ਤੋਂ ਸ਼ੁਰੂ ਹੋ ਗਿਆ ਹੈ।
ਇਸ ਸਬੰਧੀ ਵਧੀਕ ਜ਼ਿਲ੍ਹਾ ਚੋਣ ਅਧਿਕਾਰੀ ਸੁਭਾਸ਼ ਚੰਦਰ ਵੱਲੋਂ ਅੱਜ ਸਥਾਨਕ ਪੰਚਾਇਤ ਭਵਨ ਵਿਖੇ ਜ਼ਿਲ੍ਹੇ ਦੇ ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਵਧੀਕ ਜ਼ਿਲ੍ਹਾ ਚੋਣ ਅਧਿਕਾਰੀ ਨੇ ਦੱਸਿਆ ਹੈ ਕਿ 9 ਦਸੰਬਰ 2023 ਤੱਕ ਨਵੀਆਂ ਵੋਟਾਂ ਬਣਾਉਣ ਲਈ ਦਾਅਵੇ/ਇਤਰਾਜ਼ ਫਾਰਮ ਨੰਬਰ-6, ਵੋਟ ਕਟਵਾਉਣ ਲਈ ਫਾਰਮ ਨੰਬਰ-7, ਵੇਰਵਿਆਂ ਦੀ ਸੋਧ ਕਰਵਾਉਣ/ਰਿਹਾਇਸ਼ ਦੀ ਤਬਦੀਲੀ ਲਈ ਫਾਰਮ ਨੰਬਰ-8, ਬੂਥ ਲੈਵਲ ਅਫ਼ਸਰਾਂ, ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ, ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਵੱਲੋਂ ਪ੍ਰਾਪਤ ਕੀਤੇ ਜਾਣਗੇ।
ਉਨ੍ਹਾਂ ਦੱਸਿਆ ਕਿ ਮਿਤੀ 4 ਤੇ 5 ਨਵੰਬਰ 2023 ਅਤੇ ਮਿਤੀ 2 ਤੇ 3 ਦਸੰਬਰ 2023 ਨੂੰ (ਸ਼ਨੀਵਾਰ, ਐਤਵਾਰ) ਸਵੇਰੇ 10:00 ਵਜੇ ਤੋਂ ਸ਼ਾਮ 5:00 ਵਜੇ ਤੱਕ ਜ਼ਿਲ੍ਹੇ ਦੇ ਸਮੂਹ ਪੋਲਿੰਗ ਸਟੇਸ਼ਨਾਂ ’ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ, ਜਿਥੇ ਬੀ.ਐੱਲ.ਓਜ਼ ਵੱਲੋਂ ਬਿਨੈਕਾਰਾਂ ਪਾਸੋਂ ਫਾਰਮ ਪ੍ਰਾਪਤ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਵੱਲੋਂ ਮਿਤੀ 26 ਦਸੰਬਰ 2023 ਤੱਕ ਦਾਅਵੇ/ਇਤਰਾਜਾਂ ਦਾ ਨਿਪਟਾਰਾ ਕੀਤਾ ਜਾਵੇਗਾ। ਫਾਰਮਾਂ ਦੇ ਨਿਪਟਾਰੇ ਉਪਰੰਤ ਅਨੁਪੂਰਕਾਂ ਦਾ ਕੰਮ ਮੁਕੰਮਲ ਕਰਕੇ ਮਿਤੀ 5 ਜਨਵਰੀ 2024 ਨੂੰ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾਂ ਕੀਤੀ ਜਾਵੇਗੀ।
ਵਧੀਕ ਜ਼ਿਲਾ ਚੋਣ ਅਧਿਕਾਰੀ ਸੁਭਾਸ਼ ਚੰਦਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਯੋਗਤਾ ਮਿਤੀ 1 ਜਨਵਰੀ 2024 ਦੇ ਅਧਾਰ ’ਤੇ ਜਿਸ ਵੀ ਵਿਅਕਤੀ ਦੀ ਉਮਰ 18 ਸਾਲ ਹੈ ਉਹ ਆਪਣੀ ਵੋਟ ਜ਼ਰੂਰ ਬਣਾਵੇ। ਇਸ ਤੋਂ ਇਲਾਵਾ ਵੋਟਰ ਆਪਣੀ ਵੋਟ ਵਿੱਚ ਕੋਈ ਸੋਧ ਵੀ ਕਰਵਾ ਸਕਦਾ ਹੈ। ਉਨ੍ਹਾਂ ਕਿਹਾ ਕਿ ਬੀ.ਐੱਲ.ਓਜ਼. ਵੱਲੋਂ ਲਗਾਏ ਜਾਣ ਵਾਲੇ ਵਿਸ਼ੇਸ਼ ਕੈਂਪਾਂ ਵਿੱਚ ਉਨ੍ਹਾਂ ਦਾ ਪੂਰਾ ਸਹਿਯੋਗ ਕੀਤਾ ਜਾਵੇ।
ਉਨ੍ਹਾਂ ਜ਼ਿਲ੍ਹਾ ਸਵੀਪ ਟੀਮ ਨੂੰ ਹਦਾਇਤਾਂ ਦਿੱਤੀਆਂ ਕਿ ਉਹ ਨੌਜਵਾਨ ਵੋਟਰਾਂ ਨੂੰ ਵੋਟ ਬਣਾਉਣ ਲਈ ਜਾਗਰੂਕ ਕਰਨ। ਇਸ ਲਈ ਸਕੂਲਾਂ/ਕਾਲਜਾਂ ਅਤੇ ਆਈਲਸ ਸੈਂਟਰਾਂ ਵਿੱਚ ਵੀ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਜਾਵੇ। ਇਸ ਤੋਂ ਇਲਾਵਾ ਵੋਟਰ ਹੈਲਪਲਾਈਨ ਐਪ ਬਾਰੇ ਵੀ ਜਾਗਰੂਕ ਕੀਤਾ ਜਾਵੇ।
ਇਸ ਮੌਕੇ ਤਹਿਸੀਲਦਾਰ ਚੋਣਾਂ ਮਨਜਿੰਦਰ ਸਿੰਘ ਬਾਜਵਾ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਲਖਵਿੰਦਰ ਸਿੰਘ, ਤਹਿਸੀਲਦਾਰ ਮਨਜੀਤ ਸਿੰਘ, ਨਾਇਬ ਤਹਿਸੀਲਦਾਰ ਹਿਰਦੇਪਾਲ ਸਿੰਘ, ਸੁਖਵਿੰਦਰ ਸਿੰਘ, ਅਭਿਸ਼ੇਕ ਵਰਮਾਂ, ਲਖਵਿੰਦਰ ਸਿੰਘ ਅਤੇ ਅਵਤਾਰ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।