ਪਰਾਲੀ ਪ੍ਰਬੰਧਨ ਦੀ ਮਸ਼ੀਨਰੀ ਲਈ ਕਿਸਾਨ ਜ਼ਿਲ੍ਹਾ ਪ੍ਰਸ਼ਾਸਨ ਦੇ ਕੰਟਰੋਲ ਰੂਮ ਦੇ ਨੰਬਰ 1800-180-1852 ਉੱਪਰ ਸੰਪਰਕ ਕਰ ਸਕਦੇ ਹਨ – ਡਿਪਟੀ ਕਮਿਸ਼ਨਰ

ਗੁਰਦਾਸਪੁਰ

ਡਿਪਟੀ ਕਮਿਸ਼ਨਰ ਨੇ ਇੱਕ ਵਾਰ ਫਿਰ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਕੀਤੀ ਅਪੀਲ

ਗੁਰਦਾਸਪੁਰ, 7 ਨਵੰਬਰ (ਸਰਬਜੀਤ ਸਿੰਘ)— ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਇੱਕ ਵਾਰ ਫਿਰ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਬਿਲਕੁਲ ਨਾ ਲਗਾਉਣ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਕਿਸਾਨ ਨੂੰ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ ਖੇਤੀ ਮਸ਼ੀਨਰੀ ਚਾਹੀਦੀ ਹੈ ਤਾਂ ਉਹ ਜ਼ਿਲ੍ਹਾ ਪ੍ਰਸ਼ਾਸਨ ਦੇ ਕੰਟਰੋਲ ਰੂਮ ਦੇ ਨੰਬਰ 1800-180-1852 ਉੱਪਰ ਕਾਲ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨ ਨੂੰ ਉਸਦੀ ਲੋੜ ਅਨੁਸਾਰ ਵਾਜਬ ਕਿਰਾਏ ਉੱਪਰ ਖੇਤੀ ਸੰਦ ਮੁਹੱਈਆ ਕਰਵਾ ਕੇ ਦਿੱਤੇ ਜਾਣਗੇ।

ਡਿਪਟੀ ਕਮਿਸ਼ਨਰ ਨੇ ਪਰਾਲੀ ਦੀ ਅੱਗ ਨੂੰ ਰੋਕਣ ਵਿੱਚ ਲੱਗੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਆਪਣੇ ਨਿਰਧਾਰਤ ਪਿੰਡਾਂ ਵਿੱਚ ਜਾ ਕੇ ਪਰਾਲੀ ਨੂੰ ਅੱਗ ਲੱਗਣ ਦੀਆਂ ਰੋਕਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ। ਉਨ੍ਹਾਂ ਕਿਹਾ ਕਿ ਇਸ ਡਿਊਟੀ ਵਿੱਚ ਕੋਈ ਵੀ ਢਿੱਲ-ਮੱਠ ਜਾਂ ਕੁਤਾਹੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਕੁਝ ਕਰਮਚਾਰੀਆਂ ਦੀ ਅਣਗਿਹਲੀ ਸਾਹਮਣੇ ਆਉਣ ’ਤੇ ਡਿਪਟੀ ਕਮਿਸ਼ਨਰ ਨੇ ਉਨ੍ਹਾਂ ਖਿਲਾਫ਼ ਵਿਭਾਗੀ ਕਾਰਵਾਈ ਕਰਨ ਦੇ ਨਿਰਦੇਸ਼ ਵੀ ਜਾਰੀ ਕੀਤੇ ਹਨ।

ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਕਿਹਾ ਹੈ ਕਿ ਜੇਕਰ ਕਿਸਾਨ ਆਪਣੀ ਬਾਸਮਤੀ ਦੀ ਪਰਾਲੀ ਨੂੰ ਵੇਚਣਾ ਚਾਹੁੰਦੇ ਹਨ ਤਾਂ ਉਹ ਖੇਤੀਬਾੜੀ ਵਿਭਾਗ ਨਾਲ ਸੰਪਰਕ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤਹਿਸ਼ੁਦਾ ਕੀਮਤ ਉੱਪਰ ਗਊਸ਼ਾਲਾ ਕਲਾਨੌਰ ਲਈ ਪਰਾਲੀ ਦੀ ਖਰੀਦ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਕਿਸਾਨ ਦਾਨ ਵਜੋਂ ਵੀ ਗਊਸ਼ਾਲਾ ਵਿੱਚ ਪਰਾਲੀ ਭੇਜ ਸਕਦੇ ਹਨ।

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਖੇਤਾਂ ਵਿੱਚ ਪਰਾਲੀ ਨੂੰ ਅੱਗ ਬਿਲਕੁਲ ਨਾ ਲਗਾਉਣ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜਿਥੇ ਉਨ੍ਹਾਂ ਦੀ ਜ਼ਮੀਨ ਦੇ ਉਪਜਾਊ ਤੱਤ ਸੜ ਕੇ ਨਸ਼ਟ ਹੁੰਦੇ ਹਨ ਓਥੇ ਇਸ ਨਾਲ ਵਾਤਾਵਰਨ ਵੀ ਪ੍ਰਦੂਸ਼ਤ ਹੁੰਦਾ ਹੈ। ਉਨ੍ਹਾਂ ਕਿਹਾ ਪਰਾਲੀ ਨੂੰ ਅੱਗ ਲਗਾਉਣਾ ਨੈਤਿਕਤਾ ਦੇ ਨਾਲ ਕਾਨੂੰਨੀ ਤੌਰ ’ਤੇ ਵੀ ਗਲਤ ਹੈ। ਉਨ੍ਹਾਂ ਕਿਹਾ ਕਿ ਮਨਾਹੀ ਦੇ ਬਾਵਜੂਦ ਵੀ ਜੇਕਰ ਕਿਸੇ ਵਿਅਕਤੀ ਨੇ ਪਰਾਲੀ ਨੂੰ ਅੱਗ ਲਗਾਈ ਤਾਂ ਉਸ ਖਿਲਾਫ ਬਣਦੀ ਕਾਨੂੰਨੀ ਕਰਾਵਾਈ ਕਰਦੇ ਹੋਏ 2500 ਰੁਪਏ ਤੋਂ 15000 ਰੁਪਏ ਤੱਕ ਦਾ ਜ਼ੁਰਮਾਨਾਂ ਵੀ ਕੀਤਾ ਜਾਵੇਗਾ ਅਤੇ ਨਾਲ ਹੀ ਵਾਤਾਵਰਨ ਨੂੰ ਦੂਸ਼ਿਤ ਕਰਨ ਲਈ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਅੱਡ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਿਹੜੇ ਕਿਸਾਨ ਪਰਾਲੀ ਨੂੰ ਅੱਗ ਨਹੀਂ ਲਗਾਉਣਗੇ, ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉਨ੍ਹਾਂ ਕਿਸਾਨਾਂ ਨੂੰ ਵਾਤਾਵਰਨ ਦੇ ਰਾਖੇ ਐਵਾਰਡ ਨਾਲ ਸਨਮਾਨਿਤ ਕੀਤਾ ਜਾਵੇਗਾ।

Leave a Reply

Your email address will not be published. Required fields are marked *