ਪੰਜਾਬ ਸਰਕਾਰ ਵੱਲੋਂ ਦੂਜਾ ਬੱਚਾ ਲੜਕੀ ਪੈਦਾ ਹੋਣ ਤੇ ਦਿੱਤੇ ਜਾ ਰਹੇ ਹਨ 6 ਹਜ਼ਾਰ ਰੁਪਏ : ਜਗਰੂਪ ਸਿੰਘ ਸੇਖਵਾਂ

ਗੁਰਦਾਸਪੁਰ

ਲੜਕੀਆਂ ਦੇ ਲਿੰਗ ਅਨੁਪਾਤ ਵਿੱਚ ਸੁਧਾਰ ਕਰਨਾ ਹੈ ਮੁੱਖ ਉਦੇਸ਼

ਚਾਲੂ ਵਿੱਤੀ ਸਾਲ ਦੌਰਾਨ 13321 ਲਾਭਪਾਤਰੀਆਂ ਨੂੰ 5.25 ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਵੰਡੀ

ਗੁਰਦਾਸਪੁਰ, 15 ਨਵੰਬਰ (ਸਰਬਜੀਤ ਸਿੰਘ)– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਦੂਜਾ ਬੱਚਾ ਲੜਕੀ ਪੈਦਾ ਹੋਣ ਤੇ 6 ਹਜ਼ਾਰ ਰੁਪਏ ਸਹਾਇਤਾ ਰਾਸ਼ੀ ਵਜੋਂ ਦਿੱਤੀ ਜਾ ਰਹੇ ਹਨ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਦੱਸਿਆ ਕਿ ਜਿਥੇ ਇਸ ਯੋਜਨਾ ਨੂੰ ਲਾਗੂ ਕਰਨ ਦਾ ਉਦੇਸ਼ ਲੜਕੀਆਂ ਦੇ ਲਿੰਗ ਅਨੁਪਾਤ ਵਿੱਚ ਸੁਧਾਰ ਕਰਨਾ ਹੈ, ਉੱਥੇ ਹੀ ਔਰਤਾਂ ਨੂੰ ਅੰਸ਼ਕ ਮੁਆਵਜਾ ਪ੍ਰਦਾਨ ਕਰਕੇ ਉਨਾਂ ਦੀ ਸਿਹਤ ਵਿੱਚ ਬੱਚੇ ਦੇ ਜਣੇਪੇ ਤੋਂ ਪਹਿਲਾਂ ਅਤੇ ਬਾਅਦ ਵਿੱਚ ਸੁਧਾਰ ਕਰਨਾ ਹੈ।

ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਦੱਸਿਆ ਕਿ ਸਰਕਾਰ ਵੱਲੋਂ 19 ਸਾਲ ਅਤੇ ਇਸ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ ਪਹਿਲੇ ਜੀਵਤ ਬੱਚੇ ਦੇ ਜਨਮ ਤੇ 5000 ਰੁਪਏ ਦੋ ਕਿਸ਼ਤਾਂ ਵਿੱਚ (3000+2000) ਦਿੱਤੇ ਜਾ ਰਹੇ ਸਨ। ਉਨਾਂ ਦੱਸਿਆ ਕਿ ਸਰਕਾਰ ਵੱਲੋਂ ਇਸ ਯੋਜਨਾ ’ਚ ਵਾਧਾ ਕਰਦਿਆਂ ਹੁਣ ਦੂਜਾ ਬੱਚਾ ਲੜਕੀ ਪੈਦਾ ਹੋਣ ਤੇ 6000  ਰੁਪਏ ਦਿੱਤੇ ਜਾ ਰਹੇ ਹਨ। ਇਹ ਰਾਸ਼ੀ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਤਹਿਤ ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਸਿਹਤ ਸਥਿਤੀ ਨੂੰ ਉੱਚਾ ਚੁੱਕਣ ਲਈ ਵਿਸ਼ੇਸ਼ ਸ਼ਰਤਾਂ ਦੀ ਪੂਰਤੀ ਦੇ ਅਧੀਨ ਦਿੱਤੀ ਜਾ ਰਹੀ ਹੈ।

ਸੇਖਵਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਵਿੱਚ ਲੜਕੀਆਂ ਦੇ ਘੱਟ ਰਹੇ ਲਿੰਗ ਅਨੁਪਾਤ ਵਿੱਚ ਸੁਧਾਰ ਕਰਨ ਲਈ ਵਚਨਬੱਧ ਹੈ। ਉਨਾਂ ਦੱਸਿਆ ਕਿ ਸੂਬੇ ਦੇ ਸਾਰੇ ਆਂਗਣਵਾੜੀ ਸੈਂਟਰਾਂ ਵਿੱਚ ਆਂਗਣਵਾੜੀ ਵਰਕਰਾਂ ਵੱਲੋਂ ਇਸ ਵਿੱਤੀ ਸਹਾਇਤਾ ਲਈ ਫਾਰਮ ਭਰੇ ਜਾਂਦੇ ਹਨ। ਉਨਾਂ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਆਧਾਰ ਕਾਰਡ ਲਿੰਕਡ ਬੈਂਕ ਖਾਤਿਆਂ/ਡਾਕਘਰ ਖਾਤਿਆਂ ਵਿੱਚ ਕੀਤੀ ਜਾਵੇਗੀ।

ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਸਿਹਤ ਸਥਿਤੀ ਨੂੰ ਤੰਦਰੁਸਤ ਰੱਖਣ ਲਈ ਲਗਾਤਾਰ ਕਾਰਜਸ਼ੀਲ ਹੈ। ਉਨਾਂ ਦੱਸਿਆ ਕਿ ਇਸ ਸਕੀਮ ਤਹਿਤ ਸੂਬੇ ਵਿੱਚ ਚਾਲੂ ਵਿੱਤੀ ਸਾਲ ਦੌਰਾਨ ਕੁੱਲ 13321 ਔਰਤ ਲਾਭਪਾਤਰੀਆਂ ਨੂੰ 5.25 ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਵੰਡੀ ਜਾ ਚੁੱਕੀ ਹੈ। ਉਨਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਲਾਭਪਾਤਰੀ ਆਪਣੇ ਨੇੜੇ ਦੇ ਆਂਗਣਵਾੜੀ ਸੈਂਟਰ/ਦਫ਼ਤਰ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਅਤੇ ਦਫ਼ਤਰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨਾਲ ਸੰਪਰਕ ਕਰ ਸਕਦੇ ਹਨ।

Leave a Reply

Your email address will not be published. Required fields are marked *