ਪੰਜਾਬ ਪੁਲਸ ਵਿੱਚ ਹਰ ਸਾਲ ਹੀ ਭਰੀਆਂ ਜਾਣਗੀਆਂ 2100 ਅਸਾਮੀਆਂ – ਮੁੱਖ ਮੰਤਰੀ ਭਗਵੰਤ ਮਾਨ

ਲੁਧਿਆਣਾ-ਖੰਨਾ

ਲੁਧਿਆਣਾ, ਗੁਰਦਾਸਪੁਰ, 17 ਨਵੰਬਰ (ਸਰਬਜੀਤ ਸਿੰਘ)– ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਨੂੰ ਨਸ਼ਿਆਂ ਦੀ ਅਲਾਮਤ ਤੋਂ ਮੁਕੰਮਲ ਤੌਰ ’ਤੇ ਮੁਕਤ ਕਰਨ ਲਈ ਸਮੂਹ ਪੰਜਾਬੀਆਂ ਨੂੰ ਪੰਜਾਬ ਵਿਰੋਧੀ ਤਾਕਤਾਂ ਦੀ ਸ਼ਹਿ ਪ੍ਰਾਪਤ ਨਸ਼ਾ-ਅੱਤਵਾਦ ਨੂੰ ਮੂੰਹ ਤੋੜਵਾਂ ਜਵਾਬ ਦੇਣ ਦਾ ਸੰਕਲਪ ਲੈਣ ਦਾ ਸੱਦਾ ਦਿੱਤਾ। ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਦੇ ਮੌਕੇ ਉਨ੍ਹਾਂ ਦੀ ਯਾਦ ਵਿੱਚ ਅੱਜ ਪੰਜਾਬ ਪੁਲਸ ਵੱਲੋਂ ਕਰਵਾਈ ਵਿਸ਼ਾਲ ਨਸ਼ਾ ਵਿਰੋਧੀ ਸਾਈਕਲ ਰੈਲੀ ਨੂੰ ਝੰਡੀ ਵਿਖਾ ਕੇ ਰਵਾਨਾ ਕਰਨ ਤੋਂ ਪਹਿਲਾਂ ਆਪਣੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਉਤੇ ਮੁੱਢ ਤੋਂ ਧਾੜਵੀ ਹਮਲੇ ਕਰਦੇ ਰਹੇ ਹਨ ਪਰ ਪੰਜਾਬੀਆਂ ਨੇ ਹਮੇਸ਼ਾ ਹੀ ਇਨ੍ਹਾਂ ਹਮਲਿਆਂ ਦਾ ਬਹਾਦਰੀ ਨਾਲ ਮੁਕਾਬਲਾ ਕੀਤਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੀਆਂ ਦੁਸ਼ਮਣ ਤਾਕਤਾਂ ਨਸ਼ੇੜੀਆਂ ਵਜੋਂ ਪੰਜਾਬੀਆਂ ਦਾ ਕੂੜ ਪ੍ਰਚਾਰ ਕਰਨ ਲਈ ਪੱਬਾਂ ਭਾਰ ਹਨ ਤਾਂ ਕਿ ਦੇਸ਼ ਸਾਹਮਣੇ ਸੂਬੇ ਦੀ ਗਲਤ ਤਸਵੀਰ ਪੇਸ਼ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਸਦੀਆਂ ਤੋਂ ਪੰਜਾਬ ਦੇਸ਼ ਦੀ ਖੜਗਭੁਜਾ ਰਿਹਾ ਹੈ ਅਤੇ ਇਸ ਨੂੰ ਦੇਸ਼ ਦਾ ਰਿਜ਼ਕ ਦੇਣ ਵਾਲਾ ਸੂਬਾ ਕਿਹਾ ਜਾਂਦਾ ਹੈ ਪਰ ਪੰਜਾਬੀਆਂ ਦੇ ਇਸ ਮਹਾਨ ਯੋਗਦਾਨ ਨੂੰ ਦਰਕਿਨਾਰ ਕਰਕੇ ਕੁਝ ਸਿਆਸੀ ਪਾਰਟੀਆਂ ਸੱਚੇ ਸਪੂਤਾਂ ਨੂੰ ਨਸ਼ੇੜੀ ਗਰਦਾਨ ਕੇ ਘਟੀਆ ਪ੍ਰਾਪੇਗੰਡਾ ਕਰ ਰਹੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਪੰਜਾਬ ਨੇ ਨਸ਼ਿਆਂ ਦੇ ਖਿਲਾਫ਼ ਆਰ-ਪਾਰ ਦੀ ਲੜਾਈ ਵਿੱਢ ਦਿੱਤੀ ਹੈ ਜਿਸ ਦੀ ਸ਼ੁਰੂਆਤ ਪਵਿੱਤਰ ਸ਼ਹਿਰ ਅੰਮ੍ਰਿਤਸਰ ਵਿਖੇ ਸ੍ਰੀ ਹਰਿਮੰਦਰ ਸਾਹਿਬ ਤੋਂ ਅਰਦਾਸ ਕਰਕੇ ਕੀਤੀ ਗਈ ਸੀ।

ਮੁੱਖ ਮੰਤਰੀ ਨੇ ਕਿਹਾ ਕਿ ਉਹ ਭਲੀਭਾਂਤ ਜਾਣਦੇ ਹਨ ਕਿ ‘ਵਿਹਲਾ ਮਨ ਸ਼ੈਤਾਨ ਦਾ ਘਰ ਹੁੰਦਾ ਹੈ’, ਇਸੇ ਲਈ ਨੌਜਵਾਨਾਂ ਨੂੰ ਨੌਕਰੀਆਂ ਦੇਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਜੋ ਉਹ ਕੰਮ ਵਿੱਚ ਲੱਗੇ ਰਹਿਣ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਵਿੱਚ ਹਰੇਕ ਸਾਲ 2100 ਅਸਾਮੀਆਂ ਦੀ ਰੈਗੂਲਰ ਭਰਤੀ ਲਈ ਇਸ਼ਤਿਹਾਰ ਦਿੱਤਾ ਜਾ ਰਿਹਾ ਹੈ ਜਿਸ ਨਾਲ ਨੌਜਵਾਨਾਂ ਨੂੰ ਸਖ਼ਤ ਮਿਹਨਤ ਕਰਨ ਅਤੇ ਪੁਲਿਸ ਅਫ਼ਸਰ ਬਣਨ ਲਈ ਤਿਆਰੀ ਕਰਨ ਦੀ ਪ੍ਰੇਰਨਾ ਮਿਲਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਨਸ਼ਿਆਂ ਖਿਲਾਫ ਵੱਡੀ ਕਾਰਵਾਈ ਸ਼ੁਰੂ ਕੀਤੀ ਹੈ ਅਤੇ ਸਮੱਗਲਰਾਂ ਨੂੰ ਸਲਾਖਾਂ ਪਿੱਛੇ ਡੱਕਿਆ ਜਾ ਰਿਹਾ ਹੈ। ਇਸ ਮੌਕੇ ਡੀ.ਜੀ.ਪੀ. ਗੌਰਵ ਯਾਦਵ ਅਤੇ ਹੋਰ ਸਿਵਲ ਤੇ ਪੁਲਿਸ ਅਧਿਕਾਰੀ ਵੀ ਮੌਜੂਦ ਸਨ।

Leave a Reply

Your email address will not be published. Required fields are marked *