ਵਿਧਾਇਕ ਬੁੱਧ ਰਾਮ ਜੀ ਮਾਨਸਾ ਲੋਕਾਂ ਨਾਲ ਕੀਤਾ ਵਾਅਦਾ ਪੂਰਾ ਕਰੋ, ਚੋਣਾ ਸਿਰ ਤੇ ਹਨ, ਹਲਕੇ ਵਿੱਚ ਹੋਵੋ ਸਰਗਰਮ-ਨਸ਼ਾ ਵਿਰੋਧੀ ਸਾਂਝੀ ਐਕਸ਼ਨ ਕਮੇਟੀ
ਮਾਨਸਾ, ਗੁਰਦਾਸਪੁਰ, 20 ਨਵੰਬਰ (ਸਰਬਜੀਤ ਸਿੰਘ)–ਨਸ਼ਾ ਵਿਰੋਧੀ ਸਾਂਝੀ ਐਕਸ਼ਨ ਕਮੇਟੀ ਨੇ ਬਾਲ ਭਵਨ ਵਿਖੇ ਇੱਕ ਹੰਗਾਮੀ ਮੀਟਿੰਗ ਕਰਕੇ ਸਰਕਾਰ ਅਤੇ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਕੀਤੇ ਗਏ ਵਾਅਦੇ ਯਾਦ ਕਰਵਾਉਂਦਿਆਂ ਕਿਹਾ ਹੈ ਕਿ ਜੇਕਰ ਸਰਕਾਰ ਅਤੇ ਪ੍ਰਸ਼ਾਸ਼ਨ ਨੇ ਇਹ ਵਾਅਦੇ ਪੂਰੇ ਨਹੀਂ ਕੀਤੇ ਤਾਂ ਐਕਸ਼ਨ ਕਮੇਟੀ ਵੱਲੋਂ ਅਗਲੀ ਮੀਟਿੰਗ ਕਰਕੇ ਤਿੱਖਾ ਫੈਸਲਾ ਲਿਆ ਜਾਵੇਗਾ।

ਬਾਲ ਭਵਨ ਵਿਖੇ ਕਮੇਟੀ ਦੇ ਕਨਵੀਨਰ ਰਾਜਵਿੰਦਰ ਸਿੰਘ ਰਾਣਾ, ਪਰਮਿੰਦਰ ਸਿੰਘ ਝੋਟਾ, ਗਗਨ ਸ਼ਰਮਾ, ਕੁਲਵਿੰਦਰ ਕਾਲੀ, ਗੁਰਜੰਟ ਸਿੰਘ ਮਾਨਸਾ ਅਤੇ ਐਡਵੋਕੇਟ ਲਖਵਿੰਦਰ ਸਿੰਘ ਲਖਨਪਾਲ ਨੇ ਕਿਹਾ ਕਿ ਪਿਛਲੇ ਸਮੇਂ ਵਿੱਚ ਜਦੋਂ ਨਸ਼ਾ ਵਿਰੋਧੀ ਸਾਂਝੀ ਐਕਸ਼ਨ ਕਮੇਟੀ ਨੇ ਸਰਕਾਰ ਦੇ ਵਿਧਾਇਕਾਂ ਦੇ ਘਰਾਂ ਦਾ ਘਿਰਾਓ ਕੀਤਾ ਸੀ ਤਾਂ ਇਸ ਦੌਰਾਨ ਪੁਲਿਸ, ਵਿਧਾਇਕਾਂ ਨੇ ਉਨ੍ਹਾਂ ਦੀਆਂ ਮੰਗਾਂ ਮੰਨਣ ਦਾ ਭਰੋਸਾ ਦਿੰਦਿਆਂ ਕਿਹਾ ਸੀ ਕਿ ਜਲਦੀ ਹੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਪ੍ਰਸ਼ਾਸ਼ਨ ਅਤੇ ਸਰਕਾਰ ਇਸ ਤੇ ਖਰੀ ਨਹੀਂ ਉੱਤਰੀ। ਰਾਜਵਿੰਦਰ ਰਾਣਾ ਨੇ ਉਨ੍ਹਾਂ ਮੰਗਾਂ ਦਾ ਜਿਕਰ ਕਰਦਿਆਂ ਡੀ.ਐੱਸ.ਪੀ ਸੰਜੀਵ ਗੋਇਲ, ਮਾਨਸਾ ਮੈਡੀਕੋਜ ਦੀ ਜਾਇਦਾਦ ਦੀ ਜਾਂਚ ਕਰਵਾਉਣ, ਪਿਛਲੇ ਸਮੇਂ ਵਿੱਚ ਨਸ਼ਾ ਤਸਕਰੀ ਵਿੱਚ ਫੜਾਏ ਵਿਅਕਤੀਆਂ ਤੇ ਠੋਸ ਕਾਰਵਾਈ ਕਰਨ। ਪਰਮਿੰਦਰ ਸਿੰਘ ਝੋਟਾ ਆਦਿ ਤੇ ਪਾਏ ਕੇਸ ਕੈਂਸਲ ਕਰਨ ਅਤੇ ਥਾਣਾ ਸਿਟੀ-2 ਮਾਨਸਾ ਦੇ ਐੱਸ.ਐੱਚ.ਓ ਦੀ ਜਾਇਦਾਦ ਦੀ ਜਾਂਚ ਕਰਵਾਉਣ ਦੀਆਂ ਮੰਗਾਂ ਰੱਖੀਆਂ ਸਨ। ਉਨ੍ਹਾਂ ਕਿਹਾ ਕਿ ਇਸ ਵਿੱਚ ਬੁਢਲਾਡਾ ਤੋਂ ਵਿਧਾਇਕ ਬੁੱਧ ਰਾਮ, ਐੱਸ.ਐੱਸ.ਪੀ ਮਾਨਸਾ ਅਤੇ ਹੋਰ ਅਧਿਕਾਰੀ ਸ਼ਾਮਿਲ ਸਨ ਅਤੇ ਉਨ੍ਹਾਂ ਨੇ ਭਰੋਸਾ ਦਿੱਤਾ ਸੀ ਕਿ ਇਸ ਉੱਤੇ ਛੇਤੀ ਹੀ ਕਾਰਵਾਈ ਕੀਤੀ ਜਾਵੇਗੀ। ਰਾਣਾ ਨੇ ਕਿਹਾ ਕਿ ਇਹ ਨਿਸ਼ਚਿਤ ਸਮਾਂ ਵੀ ਪੂਰਾ ਹੋ ਚੁੱਕਿਆ ਹੈ। ਪਰ ਹਾਲੇ ਤੱਕ ਇਨ੍ਹਾਂ ਸਾਰੀਆਂ ਮੰਗਾਂ ਅਤੇ ਵਾਅਦਿਆਂ ਵਿੱਚ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ। ਉਨ੍ਹਾਂ ਚੇਤਾਵਨੀ ਦਿੱਤੀ ਕਿ ਆਉਂਦੀ 2 ਦਸੰਬਰ ਨੂੰ ਇਸ ਤੇ ਮੀਟਿੰਗ ਕਰਕੇ ਨਸ਼ਾ ਵਿਰੋਧੀ ਸਾਂਝੀ ਐਕਸ਼ਨ ਕਮੇਟੀ ਵੱਲੋਂ ਅਗਲਾ ਸੰਘਰਸ਼ ਉਲੀਕਿਆ ਜਾਵੇਗਾ।



