ਡੇਹਰੀਵਾਲ ਕਿਰਨ ਅਤੇ ਮਾਨੇਪੁਰ ਦੇ ਕਿਸਾਨਾਂ ਨੂੰ ਫ਼ਸਲਾਂ ਦੇ ਨੁਕਸਾਨ ਦਾ 100 ਫੀਸਦੀ ਮੁਆਵਜ਼ਾ ਦਿੱਤਾ ਜਾਵੇ – ਸੁਖਦੇਵ ਸਿੰਘ ਭੋਜਰਾਜ

ਗੁਰਦਾਸਪੁਰ

ਗੁਰਦਾਸਪੁਰ, 3 ਅਗਸਤ (ਸਰਬਜੀਤ ਸਿੰਘ)– ਕਿਸਾਨ ਤੇ ਜਵਾਨ ਭਲਾਈ ਯੂਨੀਅਨ ਪੰਜਾਬ ਵੱਲੋਂ ਅੱਜ ਸੂਬਾ ਪ੍ਰਧਾਨ ਸੁਖਦੇਵ ਸਿੰਘ ਭੋਜਰਾਜ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਗੁਰਦਾਸਪੁਰ ਅਦਿੱਤਿਆ ਉੱਪਲ ਜੀ ਨੂੰ ਇੱਕ ਮੰਗ ਪੱਤਰ ਸੌਂਪ ਕੇ ਪਿੰਡ ਡੇਹਰੀਵਾਲ ਕਿਰਨ ਅਤੇ ਮਾਨੇਪੁਰ ਵਿਖੇ ਸੱਕੀ (ਕਿਰਨ) ਨਾਲੇ ਵਿੱਚ ਆਏ ਪਾਣੀ ਕਾਰਨ ਤਬਾਹ ਹੋਈ ਝੋਨੇ ਦੀ ਫ਼ਸਲ ਲਈ ਪ੍ਰਭਾਵਿਤ ਕਿਸਾਨਾਂ ਨੂੰ ਤੁਰੰਤ ਮੁਆਵਜ਼ਾ ਦੇਣ ਅਤੇ ਨਾਲੇ ਦੀ ਸਫ਼ਾਈ ਕਰਵਾਉਣ ਦੀ ਮੰਗ ਕੀਤੀ ਗਈ।

ਸੁਖਦੇਵ ਸਿੰਘ ਭੋਜਰਾਜ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਹੋਈ ਬਾਰਿਸ਼ ਦੌਰਾਨ ਡਰੇਨ ਵਿਭਾਗ ਵੱਲੋਂ ਕਿਰਨ (ਸੱਕੀ) ਨਾਲੇ ਦੀ ਸਮੇਂ ਸਿਰ ਸਫ਼ਾਈ ਨਾ ਕਰਵਾਉਣ ਅਤੇ ਪੁਲ ਦੇ ਨਿਰਮਾਣ ਦੌਰਾਨ ਕੰਪਨੀ ਦੀ ਅਣਗਹਿਲੀ ਕਾਰਨ ਪਾਣੀ ਦਾ ਨਿਕਾਸ ਰੁਕ ਗਿਆ, ਜਿਸ ਨਾਲ ਸੈਂਕੜੇ ਏਕੜ ਝੋਨੇ ਦੀ ਫ਼ਸਲ ਪੂਰੀ ਤਰ੍ਹਾਂ ਬਰਬਾਦ ਹੋ ਗਈ। ਉਨ੍ਹਾਂ ਕਿਹਾ ਕਿ ਸਾਲ 2025 ਵਿੱਚ ਆਏ ਹੜ੍ਹਾਂ ਦੌਰਾਨ ਵੀ ਇਲਾਕੇ ਦੇ ਕਿਸਾਨਾਂ ਨੂੰ ਭਾਰੀ ਨੁਕਸਾਨ ਝੱਲਣਾ ਪਿਆ ਸੀ ਅਤੇ ਅੱਜ ਵੀ ਕਈ ਕਿਸਾਨ ਮੁਆਵਜ਼ੇ ਤੋਂ ਵਾਂਝੇ ਹਨ।

ਯੂਨੀਅਨ ਨੇ ਮੰਗ ਕੀਤੀ ਕਿ ਪ੍ਰਭਾਵਿਤ ਇਲਾਕੇ ਦੀ ਤੁਰੰਤ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਕਿਸਾਨਾਂ ਨੂੰ 100 ਫੀਸਦੀ ਮੁਆਵਜ਼ਾ ਦਿੱਤਾ ਜਾਵੇ। ਜਿਸ ਵਿਭਾਗ ਦੀ ਅਣਗਹਿਲੀ ਕਾਰਨ ਇਹ ਨੁਕਸਾਨ ਹੋਇਆ ਹੈ, ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ। ਇਸ ਤੋਂ ਇਲਾਵਾ ਕਿਰਨ (ਸੱਕੀ) ਨਾਲੇ ਦੀ ਤੁਰੰਤ ਸਫ਼ਾਈ ਕਰਵਾਈ ਜਾਵੇ ਤਾਂ ਜੋ ਭਵਿੱਖ ਵਿੱਚ ਅਜਿਹੇ ਨੁਕਸਾਨ ਤੋਂ ਬਚਿਆ ਜਾ ਸਕੇ।

ਮੰਗ ਪੱਤਰ ਵਿੱਚ ਇਹ ਵੀ ਮੰਗ ਕੀਤੀ ਗਈ ਕਿ 2025 ਦੇ ਹੜ੍ਹਾਂ ਦੌਰਾਨ 100 ਫੀਸਦੀ ਨੁਕਸਾਨ ਝੱਲਣ ਵਾਲੇ ਪਰ ਮੁਆਵਜ਼ੇ ਤੋਂ ਵਾਂਝੇ ਰਹਿ ਗਏ ਕਿਸਾਨਾਂ ਦੇ ਮਾਮਲਿਆਂ ਦੀ ਜਾਂਚ ਕਰਕੇ ਉਨ੍ਹਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇ। ਪ੍ਰਦੇਸ਼ ਸਰਕਾਰ ਦੀ ਜ਼ਮੀਨ ‘ਤੇ ਖੇਤੀ ਕਰਨ ਵਾਲੇ ਹੜ੍ਹ ਪੀੜਤ ਕਾਸ਼ਤਕਾਰਾਂ ਨੂੰ ਵੀ ਮੁਆਵਜ਼ਾ ਜਾਰੀ ਕੀਤਾ ਜਾਵੇ ਅਤੇ ਕਲਾਨੌਰ ਡਿਸਟਰੀਬਿਊਟਰੀ ਨਹਿਰ ਨੂੰ ਸੰਪੂਰਨ ਨਹਿਰ ਦਾ ਦਰਜਾ ਦੇ ਕੇ ਪੱਕਾ ਕੀਤਾ ਜਾਵੇ।

ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਪ੍ਰਸ਼ਾਸਨ ਨੇ ਜਲਦ ਕਿਸਾਨਾਂ ਦੀਆਂ ਮੰਗਾਂ ‘ਤੇ ਕਾਰਵਾਈ ਨਾ ਕੀਤੀ ਤਾਂ ਕਿਸਾਨ ਤੇ ਜਵਾਨ ਭਲਾਈ ਯੂਨੀਅਨ ਸੰਘਰਸ਼ ਦਾ ਰਾਹ ਅਖ਼ਤਿਆਰ ਕਰਨ ਲਈ ਮਜਬੂਰ ਹੋਵੇਗੀ। ਇਸ ਮੌਕੇ ਸੂਬਾ ਜਨਰਲ ਸਕੱਤਰ ਕਵਲਜੀਤ ਸਿੰਘ ਖੁਸ਼ਹਾਲਪੁਰ, ਸੂਬਾ ਆਗੂ ਪਰਮਪਾਲ ਸਿੰਘ ਮੇਤਲਾ, ਸਤਿੰਦਰ ਸਿੰਘ ਰੰਧਾਵਾ, ਰਜਿੰਦਰ ਸਿੰਘ ਭਗਠਾਣਾ ਤੁਲੀਆਂ ਅਤੇ ਪਵਿੱਤਰਜੀਤ ਸਿੰਘ ਬਾਜਵਾ ਵੀ ਹਾਜ਼ਰ ਸਨ।

Leave a Reply

Your email address will not be published. Required fields are marked *