ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਵਿਰੁੱਧ ਹੱਦੋਂ ਵੱਧ ਤਾਕਤ ਵਰਤੋਂ ਕਰਨਾ ਬਹੁਤ ਹੀ ਨਿੰਦਣਯੋਗ: ਵਿਰੋਧੀ ਧਿਰ ਦੇ ਆਗੂ
ਚੰਡੀਗੜ੍ਹ, ਗੁਰਦਾਸਪੁਰ, 3 ਦਸੰਬਰ (ਸਰਬਜੀਤ ਸਿੰਘ)- ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਨੇ ਕਾਂਗਰਸ ਸਰਕਾਰ ਸਮੇਤ ਪਿਛਲੀਆਂ ਸਰਕਾਰਾਂ ਦੌਰਾਨ ਸ਼ੁਰੂ ਕੀਤੇ ਵਿਕਾਸ ਕਾਰਜਾਂ ਦਾ ਸਿਹਰਾ ਲੈਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਤਿੱਖੀ ਆਲੋਚਨਾ ਕੀਤੀ ਹੈ।
ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਗੁਰਦਾਸਪੁਰ ਬੱਸ ਸਟੈਂਡ ਦੀ ਉਸਾਰੀ ਆਮ ਆਦਮੀ ਪਾਰਟੀ ਦੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਹੀ ਸ਼ੁਰੂ ਹੋ ਗਈ ਸੀ ਪਰ ਪੰਜਾਬ ਦੇ ਮੁੱਖ ਮੰਤਰੀ ਨੇ ਇਸ ਦਾ ਸਿਹਰਾ ਲੈਣ ਤੋਂ ਗੁਰੇਜ਼ ਨਹੀਂ ਕੀਤਾ। ਉਨ੍ਹਾਂ ਨੇ ਕਾਂਗਰਸ ਸਰਕਾਰ ਦੌਰਾਨ ਕੀਤੇ ਗਏ ਜਾਂ ਸ਼ੁਰੂ ਕੀਤੇ ਗਏ ਕੰਮਾਂ ਤੋਂ ਪ੍ਰਸਿੱਧੀ ਪ੍ਰਾਪਤ ਕਰਨ ਦਾ ਕੋਈ ਮੌਕਾ ਨਹੀਂ ਛੱਡਿਆ। ਬਾਜਵਾ ਨੇ ਕਿਹਾ ਕਿ ਭਾਵੇਂ ਭਗਵੰਤ ਮਾਨ ਇੱਕ ਪੂਰਨ-ਸੂਬੇ – ਪੰਜਾਬ ਦੇ ਮੁੱਖ ਮੰਤਰੀ ਹਨ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਹਨ ਪਰ ਅਰਵਿੰਦ ਕੇਜਰੀਵਾਲ ਇੱਕ ਅੱਧੇ-ਸੂਬੇ – ਦਿੱਲੀ ਦੇ ਮੁੱਖ ਮੰਤਰੀ ਹਨ ਪਰ ਉਨ੍ਹਾਂ ਨੇ ਦਿੱਲੀ ਦੇ ਮੁੱਖ ਮੰਤਰੀ ਨੂੰ ਗੁਰਦਾਸਪੁਰ ਬੱਸ ਸਟੈਂਡ ਦਾ ਉਦਘਾਟਨ ਕਰਨ ਦਾ ਸੱਦਾ ਦਿੱਤਾ, ਜੋ ਕਿ ਇੱਕ ਪੂਰਨ-ਸੂਬੇ ਦੇ ਮੁੱਖ ਮੰਤਰੀ ਦੀ ਮਹੱਤਤਾ ਨੂੰ ਘੱਟ ਕਰਦਾ ਹੈ।
ਇੱਕ ਨਿਊਜ਼ ਰਿਪੋਰਟ ਦਾ ਹਵਾਲਾ ਦਿੰਦੇ ਹੋਏ ਬਾਜਵਾ ਨੇ ਕਿਹਾ ਕਿ ਸਟੇਜ ਤੋਂ ਦੂਰ ਪੂਰੀ ਤਰਾਂ ਬਣੀ ਸੜਕ ਨੂੰ ਜੇ ਸੀ ਬੀ ਮਸ਼ੀਨ ਦੀ ਵਰਤੋਂ ਕਰ ਕੇ ਨੁਕਸਾਨ ਪਹੁੰਚਾਇਆ ਗਿਆ ਤਾਂ ਜੋ ਦੋ ਮੁੱਖ ਮੰਤਰੀਆਂ ਅਤੇ ਹੋਰ ਵੀ ਆਈ ਪੀ ਲਈ ਲੋੜੀਂਦੀ ਜਗ੍ਹਾ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਨੂੰ ਪੰਜਾਬ ਦੇ ਲੋਕਾਂ ਨੂੰ ਦੱਸਣਾ ਚਾਹੀਦਾ ਹੈ ਕਿ ਕੀ ਉਨ੍ਹਾਂ ਨੇ ਆਪਣੇ 20 ਮਹੀਨਿਆਂ ਦੇ ਕਾਰਜਕਾਲ ਦੌਰਾਨ ਸੂਬੇ ਵਿਚ ਹੁਣ ਤੱਕ ਇੱਕ ਵੀ ਸੜਕ ਬਣਾਈ ਹੈ? ਬਾਜਵਾ ਨੇ ਕਿਹਾ ਕਿ ਉਨ੍ਹਾਂ ਨੇ ਪੰਜਾਬ ਵਿਚ ਇੱਕ ਵੀ ਸੜਕ ਨਹੀਂ ਬਣਾਈ, ਫਿਰ ਵੀ ਉਹ ਆਪਣੇ ਆਕਾਵਾਂ ਨੂੰ ਖ਼ੁਸ਼ ਕਰਨ ਲਈ ਪਹਿਲਾਂ ਤੋਂ ਬਣੀਆਂ ਸੜਕਾਂ ਨੂੰ ਨੁਕਸਾਨ ਪਹੁੰਚਾਉਣ ਵਾਲੇ ਪਹਿਲੇ ਵਿਅਕਤੀ ਹਨ। ਵਿਰੋਧੀ ਧਿਰ ਦੇ ਆਗੂ ਨੇ ਇੱਕ ਪ੍ਰੈਸ ਬਿਆਨ ਜਾਰੀ ਕਰ ਕੇ ਮੁਕੇਰੀਆਂ ਦੀ ਖੰਡ ਮਿੱਲ ਵਿਖੇ ਸ਼ਾਂਤਮਈ ਰੋਸ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਵਿਰੁੱਧ ਤਾਕਤ ਦੀ ਬਹੁਤ ਜ਼ਿਆਦਾ ਵਰਤੋਂ ਕਰਨ ਦੀ ਵੀ ਨਿੰਦਾ ਕੀਤੀ। ਉਹ (ਕਿਸਾਨ) ਗੰਨੇ ਦੇ ਯਕੀਨੀ ਮੁੱਲ (ਐਸ.ਏ.ਪੀ.) ਨੂੰ ਵਧਾ ਕੇ 400 ਰੁਪਏ ਪ੍ਰਤੀ ਕੁਇੰਟਲ ਕਰਨ ਦੀ ਮੰਗ ਕਰ ਰਹੇ ਹਨ।
ਬਾਜਵਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ‘ਤੇ ਪੰਜਾਬ ਪੁਲਿਸ ਨੇ ਨਾ ਸਿਰਫ਼ ਕਿਸਾਨਾਂ ਨਾਲ ਕੁੱਟਮਾਰ ਕੀਤੀ ਸਗੋਂ ਉਨ੍ਹਾਂ ਦੀਆਂ ਪੱਗਾਂ ਵੀ ਉਤਾਰ ਦਿੱਤੀਆਂ, ਜੋ ਕਿ ਬਹੁਤ ਹੀ ਨਿੰਦਣਯੋਗ ਹੈ। ਬਾਜਵਾ ਨੇ ਕਿਹਾ ਕਿ ਗੰਨਾ ਉਤਪਾਦਕਾਂ ਦੇ ਨਾਲ-ਨਾਲ ਪੰਜਾਬ ਕਾਂਗਰਸ ਨੇ ਐਸਏਪੀ 400 ਰੁਪਏ ਪ੍ਰਤੀ ਕੁਇੰਟਲ ਦੀ ਮੰਗ ਕੀਤੀ ਸੀ ਕਿਉਂਕਿ ਇਸ ਸਾਲ ਜੁਲਾਈ ਅਤੇ ਅਗਸਤ ਵਿੱਚ ਆਏ ਹੜ੍ਹਾਂ ਨਾਲ ਫ਼ਸਲ ਨੂੰ ਨੁਕਸਾਨ ਪਹੁੰਚਿਆ ਸੀ। ਗੰਨੇ ਦੀ ਸੀ ਓ 238 ਕਿਸਮ ਵੀ ਇਸ ਸਾਲ ਰੇਡ ਰੋਟ ਬਿਮਾਰੀ ਨਾਲ ਪ੍ਰਭਾਵਿਤ ਹੋਈ ਸੀ। ਸਰਕਾਰ ਨੂੰ ਅਜਿਹੇ ਨਾਜ਼ੁਕ ਸਮੇਂ ‘ਤੇ ਕਿਸਾਨਾਂ ਦੀ ਬਾਂਹ ਫੜਨੀ ਚਾਹੀਦੀ ਹੈ।