ਗੁਰਦਾਸਪੁਰ, 4 ਅਗਸਤ ( ਸਰਬਜੀਤ ਸਿੰਘ)– ਗੁਰਸਿਮਰਨ ਸਿੰਘ ਢਿੱਲੋ, ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ,2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਤਹਿਤ ਜ਼ਿਲ੍ਹਾ ਗੁਰਦਾਸਪੁਰ ਦੀ ਹਦੂਦ ਦੇ ਅੰਦਰ ਕੋਈ ਵੀ ਵਿਅਕਤੀ ਆਪਣੇ ਪਸ਼ੂਆਂ ਨੂੰ ਸ਼ਰੇਆਮ ਸੜਕਾਂ ’ਤੇ ਜਾਂ ਜਨਤਕ ਥਾਵਾਂ ’ਤੇ ਚਰਾਉਣ ਲਈ ਲੈ ਕੇ ਨਹੀਂ ਜਾਣਗੇ ਅਤੇ ਨਾ ਹੀ ਅਵਾਰਾ ਛੱਡਣਗੇ।
ਮਨਾਹੀ ਦੇ ਇਹ ਹੁਕਮ ਕਰਦਿਆਂ ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਨੇ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਕੁਝ ਲੋਕ ਆਪਣੇ ਪਸ਼ੂਆਂ ਨੂੰ ਸ਼ਰੇਆਮ ਸੜਕਾਂ ਦੇ ਉੱਤੇ ਅਤੇ ਜਨਤਕ ਥਾਵਾਂ ’ਤੇ ਚਰਾਉਂਦੇ ਹਨ, ਜਿਸ ਕਾਰਨ ਸੜਕਾਂ ’ਤੇ ਦੁਰਘਟਨਾਵਾਂ ਹੋਣ ਦਾ ਖ਼ਤਰਾ ਬਣਿਆ ਰਹਿੰਦਾ ਹੈ ਅਤੇ ਆਮ ਆਵਾਜਾਈ ਵਿੱਚ ਵਿਘਨ ਪੈਂਦਾ ਹੈ। ਇਸ ਤੋਂ ਇਲਾਵਾ ਜਦੋਂ ਵੀ ਪਸ਼ੂਆਂ ਨੂੰ ਸੜਕਾਂ ’ਤੇ ਖੁੱਲ੍ਹਾ ਛੱਡਿਆ ਜਾਂਦਾ ਹੈ ਤਾਂ ਇਹ ਪਸ਼ੂ ਅਕਸਰ ਬੇਕਾਬੂ ਹੋ ਜਾਂਦੇ ਹਨ ਅਤੇ ਰਾਹ ਜਾਂਦੇ ਵਿਅਕਤੀਆਂ ਦਾ ਨੁਕਸਾਨ ਕਰਦੇ ਹਨ। ਇਸ ਤੋਂ ਇਲਾਵਾ ਪਸ਼ੂ ਫ਼ਸਲਾਂ ਦਾ ਵੀ ਉਜਾੜਾ ਕਰਦੇ ਹਨ।
ਉਪਰੋਕਤ ਹਾਲਤਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਆਮ ਜਨਤਾ ਨੂੰ ਇਹ ਹੁਕਮ ਕੀਤਾ ਹੈ ਕਿ ਜ਼ਿਲ੍ਹਾ ਗੁਰਦਾਸਪੁਰ ਦੀ ਹਦੂਦ ਦੇ ਅੰਦਰ ਕੋਈ ਵੀ ਵਿਅਕਤੀ ਆਪਣੇ ਪਸ਼ੂਆਂ ਨੂੰ ਸ਼ਰੇਆਮ ਸੜਕਾਂ ’ਤੇ ਜਾਂ ਜਨਤਕ ਥਾਵਾਂ ’ਤੇ ਚਰਾਉਣ ਲਈ ਲੈ ਕੇ ਨਹੀਂ ਜਾਣਗੇ ਅਤੇ ਨਾ ਹੀ ਪਸ਼ੂਆਂ ਨੂੰ ਅਵਾਰਾ ਛੱਡਣਗੇ। ਪਾਬੰਦੀ ਦੇ ਇਹ ਹੁਕਮ 20 ਜੁਲਾਈ ਤੋਂ 19 ਸਤੰਬਰ 2026 ਤੱਕ ਲਾਗੂ ਰਹਿਣਗੇ।
ਗੁਰਦਾਸਪੁਰ ਜ਼ਿਲ੍ਹੇ ਤੋਂ ਬਾਹਰਲਾ ਵਿਅਕਤੀ ਆਪਣੀ ਸੂਚਨਾ ਨੇੜੇ ਦੇ ਪੁਲਿਸ ਥਾਣੇ ਵਿੱਚ ਲਾਜ਼ਮੀ ਤੌਰ ’ਤੇ ਦਰਜ਼ ਕਰਵਾਏ
ਗੁਰਸਿਮਰਨ ਸਿੰਘ ਢਿੱਲੋ, ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ,2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਆਮ ਜਨਤਾ ਨੂੰ ਇਹ ਹੁਕਮ ਕੀਤਾ ਹੈ ਕਿ ਜ਼ਿਲ੍ਹਾ ਗੁਰਦਾਸਪੁਰ ਦੀ ਹਦੂਦ ਅੰਦਰ ਜਾਂ ਇਸ ਦੇ ਪਿੰਡਾਂ ਜਾਂ ਕਸਬਿਆਂ ਵਿੱਚ ਬਾਹਰ ਤੋਂ ਆ ਕੇ ਆਰਜ਼ੀ ਤੌਰ ’ਤੇ ਰਹਿ ਰਹੇ ਜਾਂ ਕਾਰੋਬਾਰ ਕਰਦੇ ਪਰਿਵਾਰਾਂ ਦੇ ਮੁਖੀ ਜਾਂ ਹੋਰ ਪੁਰਸ਼ ਅਤੇ ਔਰਤਾਂ ਆਪ ਦੇ ਰਿਹਾਇਸ਼ੀ ਜਾਂ ਨਜ਼ਦੀਕੀ ਥਾਣੇ ਵਿੱਚ ਇਸ ਸਬੰਧੀ ਲੋੜੀਂਦੀ ਸੂਚਨਾ ਤੁਰੰਤ ਦੇਣਗੇ। ਇਸ ਤੋਂ ਇਲਾਵਾ ਕੋਈ ਬਾਹਰਲੇ ਜ਼ਿਲ੍ਹੇ ਦਾ ਵਾਸੀ ਉਨਾਂ ਪਾਸ ਮਿਲਣ ਆਵੇ ਜਾਂ ਉਨਾਂ ਪਾਸ ਠਹਿਰੇ ਤਾਂ ਇਸ ਬਾਰੇ ਵੀ ਲੋੜੀਂਦੀ ਸੂਚਨਾ ਤੁਰੰਤ ਨਜ਼ਦੀਕੀ ਥਾਣੇ ਵਿੱਚ ਦੇਣਗੇ। ਉਨਾਂ ਲਈ ਸੂਚਨਾ ਦੇਣਾ ਇਸ ਹੁਕਮ ਦੇ ਲਾਗੂ ਹੋਣ ਤੋਂ ਇੱਕ ਹਫ਼ਤੇ ਦੇ ਅੰਦਰ-ਅੰਦਰ ਲਾਜ਼ਮੀ ਹੋਵੇਗਾ। ਸੰਕਟਕਾਲੀਨ ਹਾਲ ਨੂੰ ਦੇਖਦਿਆਂ ਹੋਇਆਂ ਇਹ ਹੁਕਮ ਇੱਕ ਤਰਫ਼ਾ ਪਾਸ ਕੀਤਾ ਜਾਂਦਾ ਹੈ। ਪਾਬੰਦੀ ਦੇ ਇਹ ਹੁਕਮ 20 ਜੁਲਾਈ ਤੋਂ 19 ਸਤੰਬਰ 2026 ਤੱਕ ਲਾਗੂ ਰਹਿਣਗੇ।
ਮੈਰਿਜ ਪੈਲਸਾਂ, ਵਿਦਿਅਕ ਅਦਾਰਿਆਂ ਅਤੇ ਧਾਰਮਿਕ ਸਥਾਨਾਂ ਵਿੱਚ ਹਥਿਆਰ ਲਿਜਾਣ ’ਤੇ ਪਾਬੰਦੀ ਲਗਾਈ
ਗੁਰਸਿਮਰਨ ਸਿੰਘ ਢਿੱਲੋ, ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ,2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਇਹ ਹੁਕਮ ਪਾਸ ਕੀਤਾ ਹੈ ਕਿ ਜ਼ਿਲ੍ਹਾ ਗੁਰਦਾਸਪੁਰ ਦੀ ਹਦੂਦ ਅੰਦਰ ਪੈਂਦੇ ਸਾਰੇ ਪੈਲਸਾਂ ਵਿੱਚ ਕੋਈ ਵੀ ਵਿਅਕਤੀ ਵਿਆਹ-ਸ਼ਾਦੀ ਦੇ ਮੌਕੇ ਤੇ ਕਿਸੇ ਵੀ ਤਰਾਂ ਦਾ ਹਥਿਆਰ ਲੈ ਕੇ ਦਾਖਲ ਨਹੀਂ ਹੋਵੇਗਾ। ਇਸ ਤੋਂ ਇਲਾਵਾ ਮੈਰਿਜ ਪੈਲਸਾਂ ਦੇ ਮਾਲਕ ਇਹ ਗੱਲ ਨੂੰ ਯਕੀਨੀ ਬਣਾਉਣ ਲਈ ਲੋੜੀਂਦੇ ਪ੍ਰਬੰਧ ਕਰਨਗੇ ਕਿ ਕੋਈ ਵੀ ਵਿਅਕਤੀ ਮੈਰਿਜ ਪੈਲੇਸ ਵਿੱਚ ਫੰਕਸ਼ਨ ਸਮੇਂ ਹਥਿਆਰ ਲੈ ਕੇ ਨਾ ਜਾਵੇ। ਇਸ ਤੋਂ ਇਲਾਵਾ ਸਕੂਲਾਂ/ਕਾਲਜਾਂ/ਗੁਰਦੁਆਰਿਆਂ ਅਤੇ ਮੰਦਰਾਂ ਵਿੱਚ ਵੀ ਹਥਿਆਰ ਲੈ ਕੇ ਜਾਣ ਦੀ ਪਾਬੰਦੀ ਲਗਾਈ ਗਈ ਹੈ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏੇ ਇਹ ਹੁਕਮ ਇੱਕ ਤਰਫਾ ਪਾਸ ਕੀਤਾ ਗਿਆ ਹੈ ਅਤੇ ਸਮੂਹ ਜਨਤਾ ਨੂੰ ਸੰਬੋਧਨ ਕੀਤਾ ਗਿਆ ਹੈ। ਪਾਬੰਦੀ ਦੇ ਇਹ ਹੁਕਮ 20 ਜੁਲਾਈ ਤੋਂ 19 ਸਤੰਬਰ 2026 ਤੱਕ ਲਾਗੂ ਰਹਿਣਗੇ।


