ਪੰਜਾਬ ਸਰਕਾਰ ਫਰਿਸ਼ਤੇ ਸਕੀਮ ਸ਼ੁਰੂ ਕਰਨ ਲਈ ਪੂਰੀ ਤਰ੍ਹਾਂ ਤਿਆਰ

ਗੁਰਦਾਸਪੁਰ

ਸੜਕ ਹਾਦਸੇ ਦੇ ਪੀੜਤਾਂ ਨੂੰ ਹਸਪਤਾਲ ਲਿਜਾਣ ਵਾਲੇ ਵਿਅਕਤੀ ਨੂੰ ਸਨਮਾਨ ਵਜੋਂ 2000 ਰੁਪਏ ਦਿੱਤੇ ਜਾਣਗੇ – ਰਮਨ ਬਹਿਲ  

ਗੁਰਦਾਸਪੁਰ, 8 ਦਸੰਬਰ (ਸਰਬਜੀਤ ਸਿੰਘ)– ਪੰਜਾਬ ਸਰਕਾਰ ਫਰਿਸ਼ਤੇ ਸਕੀਮ ਸ਼ੁਰੂ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ, ਜਿਸ ਤਹਿਤ ਹਾਦਸੇ ਦੇ ਪਹਿਲੇ 48 ਘੰਟਿਆਂ ਦੇ ਅੰਦਰ ਸੜਕ ਹਾਦਸਿਆਂ ਦੇ ਸ਼ਿਕਾਰ ਵਿਅਕਤੀਆਂ ਦਾ ਮੁਫ਼ਤ ਇਲਾਜ ਕੀਤਾ ਜਾਵੇਗਾ ਭਾਵੇਂ ਉਹ ਕਿਸੇ ਵੀ ਸੂਬੇ ਦੇ ਵਸਨੀਕ ਹੋਣ। ਇਹ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਪੰਜਾਬ ਸਰਕਾਰ ਸੜਕ ਹਾਦਸਿਆਂ ਦੇ ਸ਼ਿਕਾਰ ਵਿਅਕਤੀਆਂ ਨੂੰ ਪ੍ਰਾਈਵੇਟ ਹਸਪਤਾਲਾਂ ਸਮੇਤ ਨੇੜਲੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਇਲਾਜ ਮੁਹੱਈਆ ਕਰਵਾਉਣਾ ਯਕੀਨੀ ਬਣਾਏਗੀ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਲਦ ਹੀ ਸਾਰੇ ਜ਼ਿਲ੍ਹਾ ਹਸਪਤਾਲਾਂ, ਸਬ-ਡਿਵੀਜ਼ਨ ਹਸਪਤਾਲਾਂ ਅਤੇ ਕਮਿਊਨਿਟੀ ਹੈਲਥ ਸੈਂਟਰਾਂ ਵਿੱਚ ਐਕਸ-ਰੇ ਅਤੇ ਅਲਟਰਾਸਾਊਂਡ ਦੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ, ਜਦਕਿ 19 ਜ਼ਿਲ੍ਹਾ ਹਸਪਤਾਲਾਂ, ਛੇ ਸਬ-ਡਿਵੀਜ਼ਨ ਹਸਪਤਾਲਾਂ ਅਤੇ 15 ਕਮਿਊਨਿਟੀ ਹੈਲਥ ਸੈਂਟਰਾਂ (ਸੀਐਚਸੀ) ਸਮੇਤ 40 ਹਸਪਤਾਲਾਂ ਨੂੰ 550 ਕਰੋੜ ਰੁਪਏ ਦੀ ਲਾਗਤ ਨਾਲ ਅਤਿ-ਆਧੁਨਿਕ ਸਹੂਲਤਾਂ ਅਤੇ ਉਪਕਰਨਾਂ ਨਾਲ ਅਪਗ੍ਰੇਡ ਕੀਤਾ ਜਾ ਰਿਹਾ ਹੈ ਤਾਂ ਜੋ ਲੋਕ ਸਰਕਾਰੀ ਹਸਪਤਾਲਾਂ ਵਿੱਚ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਦਾ ਲਾਭ ਉਠਾ ਸਕਣ।

ਰਮਨ ਬਹਿਲ ਨੇ ਕਿਹਾ ਕਿ ਪੰਜਾਬ ਸਰਕਾਰ ਇਲਾਜ ਲਈ ਆਉਣ ਵਾਲੇ ਲੋਕਾਂ ਦੀ ਮਦਦ ਅਤੇ ਸਹੀ ਸੇਧ ਲਈ ਸਰਕਾਰੀ ਸਿਹਤ ਸਹੂਲਤਾਂ ਵਿਖੇ ‘ਮਰੀਜ਼ ਸੁਵਿਧਾ ਕੇਂਦਰ’ ਸਥਾਪਤ ਕਰਨ ਦਾ ਨਵਾਂ ਸੰਕਲਪ ਲੈ ਕੇ ਆ ਰਹੀ ਹੈ। ਉਨ੍ਹਾਂ ਕਿਹਾ ਕਿ ਅਜਿਹਾ ਇੱਕ ਕੇਂਦਰ ਰਜਿੰਦਰਾ ਹਸਪਤਾਲ ਪਟਿਆਲਾ ਵਿਖੇ ਪਾਇਲਟ ਆਧਾਰ ’ਤੇ ਸਥਾਪਿਤ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਮੁਫ਼ਤ ਦਵਾਈਆਂ ਦੀ ਸਪਲਾਈ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ ਅਤੇ ਕਿਸੇ ਵੀ ਸਰਕਾਰੀ ਸਿਹਤ ਕੇਂਦਰ ਵਿਖੇ ਦਵਾਈਆਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਤੋਂ ਇਲਾਵਾ, ਸਰਕਾਰ ਲੋਕਾਂ ਨੂੰ ਜੀਵਨ ਰੱਖਿਅਕ ਦਵਾਈਆਂ ਅਤੇ ਸਰਜੀਕਲ ਉਪਕਰਨ ਕਿਫ਼ਾਇਤੀ ਦਰਾਂ ’ਤੇ ਮੁਹੱਈਆ ਕਰਵਾਉਣ ਲਈ ਸਾਰੀਆਂ ਸਰਕਾਰੀ ਸਿਹਤ ਸਹੂਲਤਾਂ ‘ਤੇ ਜੈਨਰਿਕ ਦਵਾਈਆਂ ਦੀਆਂ ਫਾਰਮੇਸੀਆਂ- ਅੰਮ੍ਰਿਤ ਅਤੇ ਜਨ ਔਸ਼ਧੀ ਕੇਂਦਰ- ਸਥਾਪਤ ਕਰਨ ਦੀ ਯੋਜਨਾ ਬਣਾ ਰਹੀ ਹੈ।    

Leave a Reply

Your email address will not be published. Required fields are marked *