ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਲਈ ਨਾਮ ਦਰਜ ਕਰਵਾਉ ਤੇ 1 ਲੱਖ ਰੁਪਏ ਜਿੱਤਣ ਦਾ ਮੌਕਾ ਪਾਓ
ਡਰਾਅ ਰਾਹੀਂ 10 ਜੇਤੂਆਂ ਦੀ ਹੋਵੇਗੀ ਚੋਣ: ਪਹਿਲਾ ਇਨਾਮ 1 ਲੱਖ ਰੁਪਏ, ਦੂਜਾ ਇਨਾਮ 50000 ਰੁਪਏ ਅਤੇ ਤੀਜਾ ਇਨਾਮ 25000 ਰੁਪਏ ਹੋਵੇਗਾ
ਗੁਰਦਾਸਪੁਰ, 14 ਦਸੰਬਰ (ਸਰਬਜੀਤ ਸਿੰਘ)– ਪੰਜਾਬ ਸਰਕਾਰ ਵੱਲੋਂ ਰਾਜ ਦੇ ਯੋਗ ਲਾਭਪਾਤਰੀ ਨੂੰ ਸਿਹਤ ਬੀਮਾ ਅਧੀਨ ਕਵਰ ਕਰਨ ਲਈ ਆਯੂਸ਼ਮਾਨ ਕਾਰਡ ਬੰਪਰ ਡਰਾਅ ਦੀ ਤਾਰੀਕ 31 ਦਸੰਬਰ, 2023 ਤੱਕ ਵਧਾਈ ਗਈ ਹੈ। ਜ਼ਿਕਰਯੋਗ ਹੈ ਕਿ 16 ਅਕਤੂਬਰ ਨੂੰ ਵਿਸ਼ੇਸ਼ ਦੀਵਾਲੀ ਬੰਪਰ ਡਰਾਅ ਲਾਂਚ ਕੀਤਾ ਗਿਆ ਸੀ, ਜਿਸ ਤਹਿਤ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਲਈ ਆਪਣੇ ਆਪ ਨੂੰ ਰਜਿਸਟਰ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ 1 ਲੱਖ ਰੁਪਏ ਤੱਕ ਦਾ ਇਨਾਮ ਜਿੱਤਣ ਦਾ ਮੌਕਾ ਮਿਲੇਗਾ। ਇਸ ਤੋਂ ਪਹਿਲਾਂ ਬੰਪਰ ਦੀ ਆਖਰੀ ਤਰੀਕ 30 ਨਵੰਬਰ 2023 ਸੀ।
ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੋਕਾਂ ਦੇ ਭਰਵੇਂ ਹੁੰਗਾਰੇ ਤੋਂ ਬਾਅਦ, ਪੰਜਾਬ ਸਰਕਾਰ ਨੇ ਡਰਾਅ ਨੂੰ 31 ਦਸੰਬਰ, 2023 ਤੱਕ ਵਧਾਉਣ ਦਾ ਫੈਸਲਾ ਕੀਤਾ ਹੈ ਤਾਂ ਜੋ ਵੱਧ ਤੋਂ ਵੱਧ ਲਾਭਪਾਤਰੀ ਇਸ ਸਕੀਮ ਦਾ ਲਾਭ ਲੈ ਸਕਣ।
ਡਰਾਅ ਬਾਰੇ ਹੋਰ ਜਾਣਕਾਰੀ ਦਿੰਦਿਆਂ ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਦੱਸਿਆ ਕਿ ਡਰਾਅ ਰਾਹੀਂ 10 ਜੇਤੂਆਂ ਦੀ ਚੋਣ ਕੀਤੀ ਜਾਵੇਗੀ ਅਤੇ ਪਹਿਲਾ ਇਨਾਮ 1 ਲੱਖ ਰੁਪਏ, ਦੂਜਾ ਇਨਾਮ 50000 ਰੁਪਏ ਅਤੇ ਤੀਜਾ ਇਨਾਮ 25000 ਰੁਪਏ ਦਿੱਤਾ ਜਾਵੇਗਾ। ਇਸੇ ਤਰਾਂ ਚੌਥਾ ਇਨਾਮ 10000 ਰੁਪਏ ਅਤੇ ਪੰਜਵਾਂ ਇਨਾਮ 8000 ਰੁਪਏ ਹੈ ਜਦਕਿ ਛੇਵਾਂ ਤੋਂ ਦਸਵਾਂ ਇਨਾਮ 5000 ਰੁਪਏ ਹੋਵੇਗਾ। ਉਨ੍ਹਾਂ ਕਿਹਾ ਕਿ ਹੁਣ ਡਰਾਅ ਜਨਵਰੀ 2024 ਵਿੱਚ ਕੱਢਿਆ ਜਾਵੇਗਾ।
ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਇਹ ਵਿਸ਼ੇਸ਼ ਮੁਹਿੰਮ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਵਿੱਚ ਵੱਧ ਤੋਂ ਵੱਧ ਲੋਕਾਂ ਦਾ ਨਾਮ ਦਰਜ ਕਰਵਾਉਣ ਲਈ ਪੰਜਾਬ ਸਰਕਾਰ ਦੀ ਇੱਕ ਹੋਰ ਪਹਿਲਕਦਮੀ ਹੈ ਜਿਸ ਜ਼ਰੀਏ ਆਯੁਸ਼ਮਾਨ ਕਾਰਡ ਬਣਾਉਣ ਨੂੰ ਉਤਸ਼ਾਹਿਤ ਕੀਤਾ ਜਾਵੇਗਾ। ਉਹਨਾਂ ਦੱਸਿਆ ਕਿ ਲਾਭਪਾਤਰੀ ਆਯੁਸ਼ਮਾਨ ਐਪ ਦੀ ਵਰਤੋਂ ਕਰਕੇ beneficiary.nha.gov.in ਵੈਬਸਾਈਟ ’ਤੇ ਜਾ ਕੇ ਜਾਂ ਆਪਣੇ ਨਜ਼ਦੀਕੀ ਆਸ਼ਾ ਵਰਕਰ ਜਾਂ ਸੂਚੀਬੱਧ ਹਸਪਤਾਲਾਂ ਤੱਕ ਪਹੁੰਚ ਕਰਕੇ ਆਸਾਨੀ ਨਾਲ ਆਪਣੇ ਕਾਰਡ ਪ੍ਰਾਪਤ ਕਰ ਸਕਦੇ ਹਨ।
ਸੇਖਵਾਂ ਨੇ ਕਿਹਾ ਕਿ ਇਹ ਸਕੀਮ ਸੂਬੇ ਭਰ ਦੇ 800 ਤੋਂ ਵੱਧ ਸਰਕਾਰੀ ਅਤੇ ਨਿੱਜੀ ਸੂਚੀਬੱਧ ਹਸਪਤਾਲਾਂ ਵਿੱਚ ਹਰੇਕ ਪਰਿਵਾਰ ਲਈ ਪ੍ਰਤੀ ਸਾਲ 5 ਲੱਖ ਰੁਪਏ ਤੱਕ ਦੇ ਨਕਦੀ ਰਹਿਤ ਇਲਾਜ ਦੀ ਪੇਸ਼ਕਸ਼ ਕਰਦੀ ਹੈ। ਸੂਬੇ ਵਿੱਚ 44 ਲੱਖ ਤੋਂ ਵੱਧ ਪਰਿਵਾਰ ਇਸ ਸਕੀਮ ਦਾ ਲਾਭ ਲੈ ਰਹੇ ਹਨ, ਜਿਸ ਵਿੱਚ ਗੋਡੇ ਬਦਲਾਉਣ, ਦਿਲ ਦੀ ਸਰਜਰੀ, ਕੈਂਸਰ ਦੇ ਇਲਾਜ ਆਦਿ ਸਮੇਤ ਲਗਭਗ 1600 ਕਿਸਮਾਂ ਦੇ ਇਲਾਜ ਸ਼ਾਮਲ ਹਨ। ਸ. ਸੇਖਵਾਂ ਨੇ ਦੱਸਿਆ ਕਿ ਇਹਨਾਂ ਲਾਭਪਾਤਰੀ ਪਰਿਵਾਰਾਂ ਵਿੱਚ ਐੱਨ.ਐੱਫ.ਐੱਸ.ਏ. ਰਾਸ਼ਨ ਕਾਰਡ ਧਾਰਕ, ਜੇ-ਫਾਰਮ ਧਾਰਕ ਕਿਸਾਨ, ਰਜ਼ਿਸਟਰਡ ਮਜ਼ਦੂਰ, ਰਜ਼ਿਸਟਰਡ ਛੋਟੇ ਵਪਾਰੀ, ਮਾਨਤਾ ਪ੍ਰਾਪਤ ਅਤੇ ਪੀਲੇ ਕਾਰਡ ਧਾਰਕ ਪੱਤਰਕਾਰ ਅਤੇ 2011 ਦੇ ਸਮਾਜਿਕ-ਆਰਥਿਕ ਜਾਤੀ ਜਨਗਣਨਾ ਡਾਟਾ ਤਹਿਤ ਕਵਰ ਕੀਤੇ ਗਏ ਪਰਿਵਾਰ ਸ਼ਾਮਲ ਹਨ।