ਗੁਰਦਾਸਪੁਰ, 14 ਦਸੰਬਰ (ਸਰਬਜੀਤ ਸਿੰਘ)– ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਤੀਰਥ ਯਾਤਰਾ ਯੋਜਨਾ ਤਹਿਤ 14 ਦਸੰਬਰ ਨੂੰ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਧਾਰਮਿਕ ਅਸਥਾਨ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਅਤੇ ਅੰਮ੍ਰਿਤਸਰ ਵਿਖੇ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਵਿਸ਼ੇਸ਼ ਬੱਸ ਰਵਾਨਾ ਹੋਵੇਗੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਦੱਸਿਆ ਕਿ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਇਹ ਯਾਤਰੂ ਬੱਸ ਸਵੇਰੇ 8:30 ਵਜੇ ਰਵਾਨਾ ਹੋਵੇਗੀ ਅਤੇ ਇਸ ਬੱਸ ਵਿੱਚ ਕੁੱਲ 43 ਯਾਤਰੂ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਨੂੰ ਜਾਣਗੇ।
ਵਿਧਾਇਕ ਅਮਰਪਾਲ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਿਰਧਾਰਿਤ ਸਮਾਂ ਸਾਰਣੀ ਅਨੁਸਾਰ ਪੰਜਾਬ ਦੇ ਹਰੇਕ ਹਲਕੇ ਵਿੱਚੋਂ ਬੱਸਾਂ ਅਤੇ ਰੇਲ ਗੱਡੀਆਂ ਰਾਹੀਆਂ ਪੰਜਾਬ ਤੇ ਦੇਸ਼ ਦੇ ਵੱਖ-ਵੱਖ ਰਾਜਾਂ ਵਿੱਚ ਸਥਿਤ ਧਾਰਮਿਕ ਅਸਥਾਨਾਂ ਦੀ ਸ਼ਰਧਾਲੂਆਂ ਨੂੰ ਮੁਫ਼ਤ ਯਾਤਰਾ ਕਰਵਾਉਣ ਦੀ ਯੋਜਨਾ ਨੂੰ ਆਰੰਭਿਆ ਗਿਆ ਹੈ ਜਿਸ ਤਹਿਤ ਭਲਕੇ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਬੱਸ ਰਵਾਨਾ ਹੋਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਇੱਕ ਅਗਾਂਹਵਧੂ ਉਪਰਾਲਾ ਹੈ ਜਿਸ ਨੂੰ ਸੂਬੇ ਭਰ ਵਿੱਚੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਨਾਂ ਕਿਹਾ ਕਿ ਜਿਹੜੇ ਲੋਕ ਕਿਸੇ ਕਾਰਨਾਂ ਕਰਕੇ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਤੋਂ ਵਾਂਝੇ ਰਹਿ ਜਾਂਦੇ ਸਨ ਉਨਾਂ ਲਈ ਇਹ ਯੋਜਨਾ ਵਰਦਾਨ ਸਾਬਤ ਹੋਵੇਗੀ।