ਜ਼ਿਲ੍ਹਾ ਪ੍ਰਸ਼ਾਸਨ ਨੇ ਨਵਾਂ ਪਿੰਡ ਸਰਦਾਰਾਂ ਵਿਖੇ ਮਿਸ਼ਨ ’ਅਬਾਦ’ ਤਹਿਤ ਲਗਾਇਆ ਵਿਸ਼ੇਸ਼ ਕੈਂਪ

ਗੁਰਦਾਸਪੁਰ

ਅਬਾਦ ਕੈਂਪ ਦੌਰਾਨ 243 ਤੋਂ ਵੱਧ ਵਿਅਕਤੀਆਂ ਨੇ ਸਰਕਾਰ ਦੀਆਂ ਵੱਖ-ਵੱਖ ਭਲਾਈ ਯੋਜਨਾਵਾਂ ਦਾ ਲਾਭ ਉਠਾਇਆ

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਪਿੰਡ ਵਾਸੀਆਂ ਦੀਆਂ ਮੁਸ਼ਕਲਾਂ ਸੁਣੀਆਂ

ਨਵਾਂ ਪਿੰਡ ਸਰਦਾਰਾਂ ਵਿੱਚ ਸੈਰ ਸਪਾਟਾ ਨੂੰ ਹੋਰ ਉਤਸ਼ਾਹਤ ਕੀਤਾ ਜਾਵੇਗਾ – ਡਿਪਟੀ ਕਮਿਸ਼ਨਰ

ਗੁਰਦਾਸਪੁਰ, 15 ਦਸੰਬਰ ( ਸਰਬਜੀਤ ਸਿੰਘ)– ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਬਲਾਕ ਗੁਰਦਾਸਪੁਰ ਦੇ ਨਵਾਂ ਪਿੰਡ ਸਰਦਾਰਾਂ ਵਿਖੇ ਮਿਸ਼ਨ ’ਅਬਾਦ’ ਤਹਿਤ ਵਿਸ਼ੇਸ਼ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ।

ਅੱਜ ਦੇ ਅਬਾਦ ਕੈਂਪ ਵਿੱਚ ਨਵਾਂ ਪਿੰਡ ਸਰਦਾਰਾਂ ਤੋਂ ਇਲਾਵਾ ਨਵਾਂ ਪਿੰਡ ਹੁੰਦਲ ਅਤੇ ਤਿੱਬੜੀ ਦੇ ਵਸਨੀਕਾਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ। ਇਸ ਮੌਕੇ ਵੱਖ-ਵੱਖ ਵਿਭਾਗਾਂ ਵੱਲੋਂ ਸਟਾਲ ਲਗਾ ਕੇ ਆਪਣੇ ਵਿਭਾਗ ਨਾਲ ਸਬੰਧਤ ਸੇਵਾਵਾਂ ਯੋਗ ਲਾਭਪਾਤਰੀਆਂ ਨੂੰ ਦਿੱਤੀਆਂ ਗਈਆਂ। ਇਸ ਦੌਰਾਨ ਸਿਹਤ ਵਿਭਾਗ ਵੱਲੋਂ ਮੁਫ਼ਤ ਮੈਡੀਕਲ ਕੈਂਪ ਵੀ ਲਗਾਇਆ ਜਿਸ ਵਿੱਚ ਮਰੀਜ਼ਾਂ ਦੀ ਮੁੱਢਲੀ ਜਾਂਚ ਕਰਕੇ ਉਨਾਂ ਨੂੰ ਮੁਫ਼ਤ ਦਵਾਈ ਦਿੱਤੀ ਗਈ। ਅਬਾਦ ਕੈਂਪ ਦੌਰਾਨ 243 ਤੋਂ ਵੱਧ ਵਿਅਕਤੀਆਂ ਨੇ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਲਾਭ ਲਿਆ। ਕੈਂਪ ਦੌਰਾਨ ਮੌਕੇ ’ਤੇ 15 ਜਨਮ ਸਰਟੀਫਿਕੇਟ ਅਤੇ 7 ਜਾਤੀ ਸਰਟੀਫਿਕੇਟ ਬਣਾਏ ਗਏ। ਮੈਡੀਕਲ ਕੈਂਪ ਦੌਰਾਮ 40 ਮਰੀਜ਼ਾਂ ਦੀ ਮੁੱਢਲੀ ਜਾਂਚ ਕੀਤੀ ਗਈ। ਇਸੇ ਦੌਰਾਨ ਰੋਜ਼ਗਾਰ ਦਫ਼ਤਰ ਵੱਲੋਂ 14 ਪ੍ਰਾਰਥੀਆਂ ਨੂੰ ਰੁਜ਼ਗਾਰ ਸਹਾਇਤਾ ਮੁਹੱਈਆ ਕਰਵਾਈ ਗਈ।

ਅਬਾਦ ਕੈਂਪ ਦੌਰਾਨ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਹਰ ਸਮੇਂ ਜਨਤਾ ਦੀ ਸੇਵਾ ਵਿੱਚ ਹਾਜ਼ਰ ਹੈ। ਉਨਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਬਾਦ ਕੈਂਪਾਂ ਅਤੇ ਜਨ-ਸੁਣਵਾਈ ਕੈਂਪਾਂ ਜਰੀਏ ਪਿੰਡਾਂ ਤੇ ਸ਼ਹਿਰਾਂ ਵਿੱਚ ਪਹੁੰਚ ਕਰਕੇ ਲੋਕਾਂ ਦੀਆਂ ਮੁਸ਼ਕਲਾਂ ਸੁਣਨ ਦੇ ਨਾਲ ਸਾਰੇ ਯੋਗ ਲਾਭਪਾਤਰੀਆਂ ਨੂੰ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਲਾਭ ਦਿੱਤਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਮਿਸ਼ਨ ਅਬਾਦ ਤਹਿਤ ਜਨ-ਸੁਣਵਾਈ ਕੈਂਪ ਲਗਾ ਕੇ ਜ਼ਿਲ੍ਹੇ ਦੇ ਸਾਰੇ ਪਿੰਡ ਕਵਰ ਕੀਤੇ ਜਾ ਰਹੇ ਹਨ।

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਨਵਾਂ ਪਿੰਡ ਸਰਦਾਰਾਂ ਨੂੰ ਭਾਰਤ ਸਰਕਾਰ ਵੱਲੋਂ ਦੇਸ਼ ਦਾ ਸਰਵੋਤਮ ਸੈਲਾਨੀ ਪਿੰਡ ਐਲਾਨਿਆ ਗਿਆ ਹੈ ਅਤੇ ਇਸ ਪਿੰਡ ਵਿੱਚ ਸੈਰ-ਸਪਾਟੇ ਨੂੰ ਉਤਸ਼ਾਹਤ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪਿੰਡ ਦੀ ਖੂਬਸੂਰਤੀ ਨੂੰ ਹੋਰ ਵਧਾਇਆ ਜਾਵੇਗਾ ਅਤੇ ਨਾਲ ਹੀ ਬਕਾਇਆ ਵਿਕਾਸ ਕਾਰਜਾਂ ਨੂੰ ਮੁਕੰਮਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਿੰਡ ਨੂੰ ਜਾਂਦੇ ਮਾਰਗ ਨੂੰ ਖੂਬਸੂਰਤ ਦਿੱਖ ਦਿੱਤੀ ਜਾਵੇਗੀ ਅਤੇ ਸਫ਼ਾਈ ਨੂੰ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਨਵਾਂ ਪਿੰਡ ਸਰਦਾਰਾਂ ਦੇ ਸਰਬਪੱਖੀ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ।
ਇਸ ਮੌਕੇ ਐੱਸ.ਡੀ.ਐੱਮ. ਗੁਰਦਾਸਪੁਰ ਅਮਨਦੀਪ ਕੌਰ ਘੁੰਮਣ, ਸਹਾਇਕ ਕਮਿਸ਼ਨਰ (ਜਨਰਲ) ਇਰਵਨ ਕੌਰ, ਨਾਇਬ ਤਹਿਸੀਲਦਾਰ ਹਿਰਦੇਪਾਲ ਸਿੰਘ, ਬੀ.ਡੀ.ਪੀ.ਓ. ਗੁਰਦਾਸਪੁਰ ਬਲਜੀਤ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਡਾ. ਕ੍ਰਿਪਾਲ ਸਿੰਘ ਢਿਲੋਂ, ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਸ਼ਾਮ ਸਿੰਘ ਘੁੰਮਣ, ਐਕਸੀਅਨ ਮੰਡੀ ਬੋਰਡ ਬਲਦੇਵ ਸਿੰਘ ਬਾਜਵਾ, ਐਕਸੀਅਨ ਲੋਕ ਨਿਰਮਾਣ ਵਿਭਾਗ ਹਰਜੋਤ ਸਿੰਘ, ਜ਼ਿਲ੍ਹਾ ਰੋਜ਼ਗਾਰ ਅਫ਼ਸਰ ਪਰਸ਼ੋਤਮ ਸਿੰਘ, ਚਾਂਦ ਠਾਕੁਰ, ਪਿੰਡ ਦੀ ਸਰਪੰਚ ਕਮਲਜੀਤ ਕੌਰ, ਰਜਿੰਦਰ ਸਿੰਘ ਨਵਾਂ ਪਿੰਡ ਸਰਦਾਰਾਂ, ਬਲਦੇਵ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।

Leave a Reply

Your email address will not be published. Required fields are marked *