ਨੌਜਵਾਨਾਂ ਨੂੰ ਭਾਈਚਾਰਕ ਤੇ ਸਮਾਜਿਕ ਸੇਵਾ ਨਾਲ ਜੋੜ ਕੇ ਉਨ੍ਹਾਂ ਦੀ ਸ਼ਖ਼ਸੀਅਤ ਦਾ ਵਿਕਾਸ ਕਰਕੇ ਜ਼ਿੰਮੇਵਾਰ ਨਾਗਰਿਕ ਬਣਾਉਣਾ ਐੱਨ.ਐੱਸ.ਐੱਸ. ਦਾ ਉਦੇਸ਼ – ਸੇਖਵਾਂ
ਗੁਰਦਾਸਪੁਰ, 15 ਦਸੰਬਰ (ਸਰਬਜੀਤ ਸਿੰਘ)– ਸਰਕਾਰੀ ਸੀਨੀਅਰ ਸਕੈਂਡਰੀ ਸਕੂਲ (ਲੜਕੇ) ਕਾਹਨੂੰਵਾਨ ਵਿਖੇ ਅੱਜ ਕੌਮੀ ਸੇਵਾ ਯੋਜਨਾ (ਐੱਨ.ਐੱਸ.ਐੱਸ.) ਦੇ ਕੈਂਪ ਦੀ ਸ਼ੁਰੂਆਤ ਹੋਈ ਜਿਸਦਾ ਉਦਘਾਟਨ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਕੀਤਾ।
ਐੱਨ.ਐੱਸ.ਐੱਸ. ਕੈਂਪ ਦਾ ਉਦਘਾਟਨ ਕਰਦਿਆਂ ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਇਸ ਯੋਜਨਾ ਦਾ ਮੁੱਖ ਉਦੇਸ਼ ਭਾਰਤ ਦੇ ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਦੇ ਵਿਦਿਆਰਥੀਆਂ ਨੂੰ ਭਾਈਚਾਰਕ ਤੇ ਸਮਾਜਿਕ ਸੇਵਾ ਨਾਲ ਜੋੜ ਕੇ ਉਨ੍ਹਾਂ ਦੀ ਸ਼ਖ਼ਸੀਅਤ ਦਾ ਸਰੀਰਕ, ਭਾਵਨਾਤਮਕ, ਸਮਾਜਿਕ ਅਤੇ ਬੌਧਿਕ ਵਿਕਾਸ ਕਰਦਿਆਂ ਉਨ੍ਹਾਂ ਨੂੰ ਬਿਹਤਰੀਨ ਜ਼ਿੰਮੇਵਾਰ ਨਾਗਰਿਕ ਵਜੋਂ ਤਿਆਰ ਕਰਨਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਭਰ ਵਿੱਚ ਲੱਖਾਂ ਵਿਦਿਆਰਥੀ ਇਸ ਯੋਜਨਾ ਦਾ ਹਿੱਸਾ ਬਣ ਕੇ ਖ਼ੁਦ ਨੂੰ ਤੇ ਮੁਲਕ ਨੂੰ ਸੰਵਾਰਨ ਵਿਚ ਆਪਣਾ ਯੋਗਦਾਨ ਪਾ ਰਹੇ ਹਨ।
ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਕਾਹਨੂੰਵਾਨ ਸਕੂਲ ਵਿੱਚ ਲੱਗੇ ਇਸ ਕੈਂਪ ਦਾ ਵਿਦਿਆਰਥੀ ਭਰਪੂਰ ਲਾਭ ਉਠਾਉਣਗੇ ਅਤੇ ਉਨ੍ਹਾਂ ਦੀ ਸਖਸ਼ੀਅਤ ਵਿੱਚ ਨਿਖਾਰ ਆਵੇਗਾ। ਉਨ੍ਹਾਂ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਪੂਰੀ ਤਰ੍ਹਾਂ ਮਨ ਲਗਾ ਕੇ ਇਸ ਕੈਂਪ ਵਿੱਚ ਹਿੱਸਾ ਲੈਣ। ਉਨ੍ਹਾਂ ਕਿਹਾ ਕਿ ਐੱਨ.ਐੱਸ.ਐੱਸ. ਦਾ ਸਰਟੀਫਿਕੇਟ ਭਵਿੱਖ ਵਿੱਚ ਉਨ੍ਹਾਂ ਲਈ ਬਹੁਤ ਸਹਾਈ ਹੋਵੇਗਾ।
ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਹਾਨੂੰਵਾਨ ਦੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ (ਲੜਕੇ) ਲਈ ਢਾਈ ਏਕੜ ਜ਼ਮੀਨ ਵਿੱਚ ਸਟੇਡੀਅਮ ਬਣਾ ਕੇ ਦਿੱਤਾ ਜਾਵੇਗਾ ਤਾਂ ਜੋ ਸਕੂਲ ਦੇ ਵਿਦਿਆਰਥੀਆਂ ਦੇ ਨਾਲ ਇਲਾਕੇ ਭਰ ਦੇ ਨੌਜਵਾਨ ਇਸ ਸਟੇਡੀਅਮ ਜਰੀਏ ਖੇਡਾਂ ਨਾਲ ਜੁੜ ਸਕਣ।
ਇਸ ਮੌਕੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ (ਲੜਕੇ) ਦੇ ਪ੍ਰਿੰਸੀਪਲ ਮਹਿੰਦਰ ਸਿੰਘ, ਜਤਿੰਦਰ ਸਿੰਘ, ਜੋਗਾ ਸਿੰਘ, ਚਰਨਜੀਤ ਸਿੰਘ, ਸਰਪੰਚ ਆਫ਼ਤਾਬ ਸਿੰਘ, ਸੁਖਦੇਵ ਸਿੰਘ, ਤਰਸੇਮ ਠਾਕੁਰ, ਮਨਜੀਤ ਸਿੰਘ, ਲਵਕੇਸ਼, ਅਨਿਲ ਤਿਵਾੜੀ, ਸੁਖਪਾਲ ਸਿੰਘ, ਬਲਵਿੰਦਰ ਸਿੰਘ, ਸੁਖਦੇਵ ਸਿੰਘ ਗੋਲਡੀ, ਮਨਿੰਦਰਪਾਲ ਸਿੰਘ, ਸ਼ਿੰਗਾਰਾ ਸਿੰਘ, ਸੁਖਜੀਤ ਸਿੰਘ, ਇੰਦਰਜੀਤ ਸਿੰਘ, ਗੁਰਨਾਮ ਸਿੰਘ, ਹਰਪਾਲ ਸਿੰਘ ਆਦਿ ਹਾਜ਼ਰ ਸਨ।