ਆਪ੍ਰੇਸ਼ਨ ‘ਪ੍ਰਹਾਰ 4.0’: ਬਾਰਡਰ ਰੇਂਜ ਅੰਮ੍ਰਿਤਸਰ ਵੱਲੋਂ ਨਸ਼ਾ ਤਸਕਰਾਂ, ਗੈਂਗਸਟਰਾਂ ਅਤੇ ਸੰਗਠਿਤ ਅਪਰਾਧ ਖ਼ਿਲਾਫ਼ ਇਤਿਹਾਸਕ ਕਾਰਵਾਈ

ਗੁਰਦਾਸਪੁਰ

ਨਸ਼ਾ ਅਤੇ ਅਪਰਾਧ ਮੁਕਤ ਪੰਜਾਬ ਦੀ ਸਿਰਜਣਾ ਵੱਲ ਬਾਰਡਰ ਰੇਂਜ ਪੁਲਸ ਦਾ ਇਕ ਹੋਰ ਸਖ਼ਤ ਅਤੇ ਪ੍ਰਭਾਵਸ਼ਾਲੀ ਕਦਮ

ਗੁਰਦਾਸਪੁਰ, 7 ਅਗਸਤ (ਸਰਬਜੀਤ ਸਿੰਘ)– ਪੰਜਾਬ ਸਰਕਾਰ ਅਤੇ ਪੰਜਾਬ ਪੁਲਸ ਵੱਲੋਂ ਚਲਾਈ ਜਾ ਰਹੀ “ਨਸ਼ਿਆਂ ਅਤੇ ਅਪਰਾਧਾਂ ਵਿਰੁੱਧ ਜੰਗ” ਮੁਹਿੰਮ ਤਹਿਤ ਬਾਰਡਰ ਰੇਂਜ ਅੰਮ੍ਰਿਤਸਰ ਵੱਲੋਂ ਆਪ੍ਰੇਸ਼ਨ “ਪ੍ਰਹਾਰ 4.0” ਨੂੰ ਤਿੰਨ ਪੜਾਵਾਂ ਵਿੱਚ ਸਫ਼ਲਤਾਪੂਰਵਕ ਅਮਲ ਵਿੱਚ ਲਿਆਂਦਾ ਗਿਆ। ਇਹ ਵਿਸ਼ੇਸ਼ ਆਪ੍ਰੇਸ਼ਨ 21-22 ਜੁਲਾਈ ਨੂੰ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ, 03-04 ਅਗਸਤ ਨੂੰ ਜ਼ਿਲ੍ਹਾ ਬਟਾਲਾ ਅਤੇ 06-07 ਅਗਸਤ ਨੂੰ ਜ਼ਿਲ੍ਹਾ ਗੁਰਦਾਸਪੁਰ ਵਿੱਚ ਚਲਾਇਆ ਗਿਆ। ਇਸ ਦਾ ਮੁੱਖ ਉਦੇਸ਼ ਨਸ਼ਾ ਤਸਕਰੀ ਦੇ ਨੈੱਟਵਰਕ, ਗੈਂਗਸਟਰ ਗਿਰੋਹਾਂ, ਸਰਹੱਦੀ ਸਮੱਗਲਿੰਗ ਮਾਡਿਊਲਾਂ ਅਤੇ ਹੋਰ ਅਪਰਾਧਿਕ ਗਤੀਵਿਧੀਆਂ ਨੂੰ ਜੜ੍ਹੋਂ ਖਤਮ ਕਰਨਾ ਸੀ।

ਹਰਮਨਬੀਰ ਸਿੰਘ ਗਿੱਲ , ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਸ, ਬਾਰਡਰ ਰੇਂਜ ਅੰਮ੍ਰਿਤਸਰ ਦੀ ਅਗਵਾਈ ਹੇਠ ਇਸ ਆਪ੍ਰੇਸ਼ਨ ਦੌਰਾਨ ਬਾਰਡਰ ਰੇਂਜ ਪੁਲਸ ਵੱਲੋਂ ਖੁਫ਼ੀਆ ਸੂਚਨਾਵਾਂ ਦੇ ਆਧਾਰ ‘ਤੇ ਵਿਆਪਕ ਰੇਡਾਂ, ਨਾਕਾਬੰਦੀਆਂ, ਤਲਾਸ਼ੀ ਮੁਹਿੰਮਾਂ, ਤਸਦੀਕ ਮੁਹਿੰਮਾਂ ਅਤੇ ਟਾਰਗੇਟਡ ਕਾਰਵਾਈਆਂ ਕੀਤੀਆਂ ਗਈਆਂ। ਇਸ ਆਪ੍ਰੇਸ਼ਨ ਦੌਰਾਨ ਨਸ਼ਾ ਤਸਕਰਾਂ, ਗੈਂਗਸਟਰਾਂ, ਭਗੋੜੇ ਅਪਰਾਧੀਆਂ, ਲੋੜੀਂਦੇ ਮੁਲਜ਼ਮਾਂ, ਸਰਹੱਦੀ ਸਮੱਗਲਰਾਂ, ਡਰੋਨ ਡ੍ਰਾਪਿੰਗ ਅਤੇ ਹੋਰ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਦਿਆਂ ਉਨ੍ਹਾਂ ਦੇ ਅਪਰਾਧਿਕ ਨੈੱਟਵਰਕ ਨੂੰ ਵੱਡਾ ਝਟਕਾ ਦਿੱਤਾ ਗਿਆ।

ਇਸ ਮੌਕੇ ਹਰਮਨਬੀਰ ਸਿੰਘ ਗਿੱਲ, ਆਈ.ਪੀ.ਐਸ.. ਡੀ.ਆਈ.ਜੀ. ਬਾਰਡਰ ਰੇਂਜ ਅੰਮ੍ਰਿਤਸਰ ਨੇ ਕਿਹਾ ਕਿ ਪੰਜਾਬ ਪੁਲਸ ਨਸ਼ਿਆਂ, ਗੈਂਗਸਟਰਵਾਦ ਅਤੇ ਸੰਗਠਿਤ ਅਪਰਾਧ ਦੇ ਖ਼ਾਤਮੇ ਲਈ ਪੂਰੀ ਦ੍ਰਿੜਤਾ ਨਾਲ ਕੰਮ ਕਰ ਰਹੀ ਹੈ ਅਤੇ ਲੋਕਾਂ ਨੂੰ ਸੁਨੇਹਾ ਦਿੱਤਾ ਕਿ “ਪੰਜਾਬ ਪੁਲਸ ਸਮਾਜ ਵਿਰੋਧੀ ਤੱਤਾਂ ਵੱਲੋਂ, ਖ਼ਾਸ ਕਰਕੇ ਪਾਕਿਸਤਾਨ ਵਿੱਚ ਬੈਠੇ ਅਨਸਰਾਂ ਦੁਆਰਾ ਸੋਸ਼ਲ ਮੀਡੀਆ ਰਾਹੀਂ ਗੁੰਮਰਾਹ ਕੀਤੇ ਗਏ ਨੌਜਵਾਨਾਂ ਨੂੰ ਮੁੜ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਉਣ ਲਈ ਵੀ ਬਰਾਬਰ ਵਚਨਬੱਧ ਹੈ। ਅਜਿਹੇ ਨੌਜਵਾਨਾਂ ਨੂੰ ਸੁਧਾਰ ਅਤੇ ਨਵੀਂ ਸ਼ੁਰੂਆਤ ਦਾ ਮੌਕਾ ਦਿੱਤਾ ਜਾਵੇਗਾ। ਸਾਡਾ ਮਕਸਦ ਕੇਵਲ ਅਪਰਾਧੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨਾ ਹੀ ਨਹੀਂ, ਸਗੋਂ ਗੁੰਮਰਾਹ ਹੋਏ ਨੌਜਵਾਨਾਂ ਨੂੰ ਅਪਰਾਧ ਦਾ ਰਾਹ ਛੱਡ ਕੇ ਇੱਕ ਜ਼ਿੰਮੇਵਾਰ ਨਾਗਰਿਕ ਬਣਨ ਦਾ ਮੌਕਾ ਦੇਣਾ ਵੀ ਹੈ।” ਆਪ੍ਰੇਸ਼ਨ ‘ਪੁਹਾਰ 4.0* ਪੰਜਾਬ ਪੁਲਸ ਦੀ ਉਸ ਅਟੱਲ ਵਚਨਬੱਧਤਾ ਦਾ ਪ੍ਰਤੀਕ ਹੈ, ਜਿਸ ਅਧੀਨ ਇੱਕ ਪਾਸੇ ਅਪਰਾਧਿਕ ਨੈੱਟਵਰਕਾਂ ਦਾ ਸਖ਼ਤੀ ਨਾਲ ਖ਼ਾਤਮਾ ਕੀਤਾ ਜਾ ਰਿਹਾ ਹੈ ਅਤੇ ਦੂਜੇ ਪਾਸੇ ਗੁੰਮਰਾਹ ਨੌਜਵਾਨਾਂ ਨੂੰ ਸੁਧਾਰ ਦਾ ਮੌਕਾ ਦਿੱਤਾ ਜਾ ਰਿਹਾ ਹੈ, ਤਾਂ ਜੋ ਸੁਰੱਖਿਅਤ, ਨਸ਼ਾ-ਮੁਕਤ ਅਤੇ ਅਪਰਾਧ-ਮੁਕਤ ਪੰਜਾਬ ਦਾ ਸੁਪਨਾ ਸਾਕਾਰ ਕੀਤਾ ਜਾ ਸਕੇ।

Leave a Reply

Your email address will not be published. Required fields are marked *